ਐਡਵੋਕੇਟ ਪਰਮਜੀਤ ਕੌਰ ਲਾਂਡਰਾਂ ‘ਸ਼੍ਰੋਮਣੀ ਅਕਾਲੀ ਦਲ’ ਵਿੱਚ ਘਰ ਵਾਪਸੀ ਕਰਨਗੇ, ‘ਪੁਨਰ ਸੁਰਜੀਤ’ ਧੜੇ ਨੂੰ ਲਗੇਗਾ ਵੱਡਾ ਝਟਕਾ

 ​ਮੁਹਾਲੀ/ਚੰਡੀਗੜ੍ਹ: ਪੰਜਾਬ ਦੀ ਸਿਆਸਤ ਅਤੇ ਖਾਸ ਕਰਕੇ ਮੁਹਾਲੀ ਜ਼ਿਲ੍ਹੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਤੇ ਸੀਨੀਅਰ ਆਗੂ ਐਡਵੋਕੇਟ ਪਰਮਜੀਤ ਕੌਰ ਲਾਂਡਰਾਂ ਨੇ ਮੁੜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ।ਇਹ ਘਟਨਾਕ੍ਰਮ 'ਅਕਾਲੀ ਦਲ ਪੁਨਰ ਸੁਰਜੀਤ' ਲਈ ਇੱਕ ਵੱਡਾ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ, ਕਿਉਂਕਿ ਬੀਬੀ ਲਾਂਡਰਾਂ ਇਸ ਧੜੇ ਦੀਆਂ ਪ੍ਰਮੁੱਖ ਆਗੂਆਂ ਵਿੱਚੋਂ ਇੱਕ ਸਨ।

ਜਾਣਕਾਰੀ ਅਨੁਸਾਰ, ਬੀਬੀ ਪਰਮਜੀਤ ਕੌਰ ਲਾਂਡਰਾਂ ਅੱਜ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਵਿੱਚ ਰਸਮੀ ਤੌਰ 'ਤੇ ਵਾਪਸੀ ਕਰਨਗੇ। ਇਸ ਮੌਕੇ ਸਾਬਕਾ ਵਿਧਾਇਕ ਨਰਿੰਦਰ ਕੁਮਾਰ ਸ਼ਰਮਾ, ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੁਹਾਣਾ ਅਤੇ ਸਾਧੂ ਸਿੰਘ ਖਲੌਰ ਵਰਗੇ ਦਿੱਗਜ ਆਗੂਆਂ ਨੇ ਉਨ੍ਹਾਂ ਦੀ ਵਾਪਸੀ ਵਿੱਚ ਅਹਿਮ ਭੂਮਿਕਾ ਨਿਭਾਈ ਹੈ।ਆਪਣੀ ਵਾਪਸੀ ਬਾਰੇ ਗੱਲ ਕਰਦਿਆਂ ਬੀਬੀ ਲਾਂਡਰਾਂ ਨੇ ਸਪੱਸ਼ਟ ਕੀਤਾ ਕਿ ਉਹ ਹਮੇਸ਼ਾ ਅਕਾਲੀ ਵਿਚਾਰਧਾਰਾ ਨਾਲ ਜੁੜੇ ਰਹੇ ਹਨ। ਉਨ੍ਹਾਂ ਕਿਹਾ: ਕਿ ਕਈ ਵਾਰ ਕੁਝ ਮੁੱਦਿਆਂ 'ਤੇ ਮਤਭੇਦ ਹੋ ਜਾਂਦੇ ਹਨ, ਪਰ ਮੇਰੀ ਰੂਹ ਅਤੇ ਵਿਚਾਰਧਾਰਾ ਹਮੇਸ਼ਾ ਅਕਾਲੀ ਰਹੀ ਹੈ। ਮੈਂ ਭਵਿੱਖ ਵਿੱਚ ਵੀ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੀ ਰਹਾਂਗੀ।"

ਜ਼ਿਕਰਯੋਗ ਹੈ ਕਿ ਬੀਬੀ ਪਰਮਜੀਤ ਕੌਰ ਲਾਂਡਰਾਂ ਪਹਿਲਾਂ ਬੀਬੀ ਜਗੀਰ ਕੌਰ ਦੇ ਕਰੀਬੀ ਮੰਨੇ ਜਾਂਦੇ ਸਨ ਅਤੇ ਉਨ੍ਹਾਂ ਦੀ ਅਗਵਾਈ ਵਿੱਚ ਹੀ &lsquoਅਕਾਲੀ ਦਲ ਪੁਨਰ ਸੁਰਜੀਤ&rsquo ਵਿੱਚ ਸ਼ਾਮਲ ਹੋਏ ਸਨ। ਹਾਲਾਂਕਿ, ਪਿਛਲੇ ਕਾਫ਼ੀ ਸਮੇਂ ਤੋਂ ਉਹ ਸਿਆਸੀ ਗਤੀਵਿਧੀਆਂ ਤੋਂ ਦੂਰ ਸਨ, ਪਰ ਹੁਣ ਉਨ੍ਹਾਂ ਦੀ ਮੁੱਖ ਧਾਰਾ ਵਿੱਚ ਵਾਪਸੀ ਨੇ ਮੁਹਾਲੀ ਜ਼ਿਲ੍ਹੇ ਦੇ ਸਿਆਸੀ ਸਮੀਕਰਨ ਬਦਲ ਦਿੱਤੇ ਹਨ