1500 ਕਰੋੜ ਦਾ ਹੋਰ ਕਰਜ਼ਾ ਚੁੱਕੇਗੀ ਪੰਜਾਬ ਸਰਕਾਰ

ਪੰਜਾਬ ਸਰਕਾਰ ਚਾਲੂ ਵਿੱਤੀ ਵਰ੍ਹੇ 2026-27 ਦੇ ਪਹਿਲੇ ਹਫ਼ਤੇ ਹੀ 1500 ਕਰੋੜ ਦਾ ਨਵਾਂ ਕਰਜ਼ਾ ਚੁੱਕੇਗੀ। ਇਹ ਕਰਜ਼ਾ ਯੋਜਨਾਵਾਂ ਅਤੇ ਵਿਕਾਸ ਸਕੀਮਾਂ ਲਈ ਪੂੰਜੀਗਤ ਖ਼ਰਚੇ ਵਜੋਂ ਦਸ ਸਾਲਾਂ ਦੀ ਮਿਆਦ ਲਈ ਚੁੱਕਿਆ ਜਾ ਰਿਹਾ ਹੈ। ਕਰਜ਼ ਲੈਣ ਲਈ ਨੋਟੀਫ਼ਿਕੇਸ਼ਨ 2 ਅਪਰੈਲ ਨੂੰ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਵਿੱਤ ਵਿਭਾਗ ਦੇ ਅਧਿਕਾਰੀ ਆਖਦੇ ਹਨ ਕਿ ਸੂਬਾ ਸਰਕਾਰ &lsquoਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਐੱਫ਼ ਆਰ ਬੀ ਐੱਮ)&rsquo ਤਹਿਤ ਤੈਅ ਕਰਜ਼ ਸੀਮਾ ਤਹਿਤ ਹੀ ਨਵਾਂ ਕਰਜ਼ਾ ਲੈ ਰਹੀ ਹੈ। ਪੰਜਾਬ ਸਰਕਾਰ ਚਾਲੂ ਵਿੱਤੀ ਵਰ੍ਹੇ ਦੌਰਾਨ ਮਾਰਕੀਟ ਉਧਾਰ ਜ਼ਰੀਏ 43,798.38 ਕਰੋੜ ਦਾ ਕਰਜ਼ਾ ਚੁੱਕਣ ਦੀ ਇੱਛੁਕ ਹੈ।
ਵਿਰੋਧੀ ਧਿਰਾਂ ਦੇ ਆਗੂਆਂ ਨੇ ਸੂਬੇ ਦੀ ਵਿਗੜ ਰਹੀ ਵਿੱਤੀ ਹਾਲਤ ਦੇ ਮੱਦੇਨਜ਼ਰ ਸੱਤਾਧਾਰੀ ਧਿਰ ਨੂੰ ਕਰਜ਼ੇ ਦੇ ਮੁੱਦੇ &rsquoਤੇ ਘੇਰਿਆ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਦੋਸ਼ ਲਾਏ ਹਨ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਭਵਿੱਖ ਗਿਰਵੀ ਰੱਖਿਆ ਜਾ ਰਿਹਾ ਹੈ। ਆਗੂ ਆਖਦੇ ਹਨ ਕਿ ਨਵੀਆਂ ਦੇਣਦਾਰੀਆਂ ਪਹਿਲਾਂ ਹੀ ਵਧ ਰਹੇ 4.07 ਲੱਖ ਕਰੋੜ ਰੁਪਏ ਦੇ ਕਰਜ਼ੇ &rsquoਚ ਸ਼ਾਮਲ ਹੋ ਜਾਣੀਆਂ ਹਨ। ਵਿੱਤ ਵਿਭਾਗ ਦੇ ਅਧਿਕਾਰੀ ਆਖਦੇ ਹਨ ਕਿ ਪੁਰਾਣਾ ਕਰਜ਼ਾ ਲਾਹੁਣ ਲਈ ਨਵੇਂ ਕਰਜ਼ੇ ਦਾ ਇੱਕ ਹਿੱਸਾ ਵਰਤਿਆ ਜਾਵੇਗਾ।