ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸੰਗਤਾਂ ਨੂੰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਦੇਸ਼

ਅੰਮ੍ਰਿਤਸਰ: ਸਿੱਖ ਕੌਮ ਦੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਸਿੱਖ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰੂ ਅਰਜਨ ਦੇਵ ਜੀ ਮਹਾਰਾਜ ਬਾਣੀ ਦੇ ਬੋਹਿਥ, ਸ਼ਾਂਤੀ ਦੇ ਪ੍ਰਤੀਕ ਅਤੇ ਸ਼ਹੀਦਾਂ ਦੇ ਸਰਤਾਜ ਹਨ, ਜਿਨ੍ਹਾਂ ਦਾ ਪ੍ਰਕਾਸ਼ ਦਿਹਾੜਾ ਦੁਨੀਆ ਭਰ ਵਿੱਚ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਵੱਲੋਂ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।
ਜਥੇਦਾਰ ਨੇ ਦੱਸਿਆ ਕਿ ਗੁਰੂ ਅਰਜਨ ਦੇਵ ਜੀ ਨੇ ਸਿੱਖ ਕੌਮ ਦੇ ਕੇਂਦਰੀ ਧਾਰਮਿਕ ਅਸਥਾਨ ਹਰਿਮੰਦਰ ਸਾਹਿਬ ਦੀ ਉਸਾਰੀ ਮੁਕੰਮਲ ਕਰਵਾਈ ਅਤੇ ਅੰਮ੍ਰਿਤ ਸਰੋਵਰ ਦੇ ਵਿਚਕਾਰ ਇਸ ਪਵਿੱਤਰ ਅਸਥਾਨ ਨੂੰ ਸਥਾਪਿਤ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪਾਵਨ ਸਰੂਪ ਦੀ ਤਿਆਰੀ ਵੀ ਕਰਵਾਈ, ਜਿਸ ਨੂੰ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਕਿਹਾ ਜਾਂਦਾ ਹੈ। ਇਹ ਸਰੂਪ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਭਾਈ ਗੁਰਦਾਸ ਜੀ ਦੀ ਲਿਖਤ ਰਾਹੀਂ ਤਿਆਰ ਕੀਤਾ ਗਿਆ ਅਤੇ ਬਾਅਦ ਵਿੱਚ ਉਸ ਦਾ ਪਹਿਲਾ ਪ੍ਰਕਾਸ਼ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਗੁਰੂ ਅਰਜਨ ਦੇਵ ਜੀ ਨੇ ਗੁਰਬਾਣੀ ਨੂੰ ਸਭ ਤੋਂ ਉੱਚਾ ਦਰਜਾ ਦਿੱਤਾ। ਇਤਿਹਾਸਕ ਤੌਰ &rsquoਤੇ ਜਦੋਂ ਸਿੱਖ ਸੰਗਤ ਨੇ ਪੁੱਛਿਆ ਕਿ ਰਾਤ ਸਮੇਂ ਪਾਵਨ ਸਰੂਪ ਕਿੱਥੇ ਬਿਰਾਜਮਾਨ ਕੀਤਾ ਜਾਵੇ, ਤਾਂ ਗੁਰੂ ਸਾਹਿਬ ਨੇ ਆਪਣੇ ਪਲੰਘ &rsquoਤੇ ਗੁਰੂ ਗ੍ਰੰਥ ਸਾਹਿਬ ਜੀ ਨੂੰ ਬਿਰਾਜਮਾਨ ਕੀਤਾ ਅਤੇ ਆਪ ਹੇਠਾਂ ਚਾਦਰ ਵਿਛਾ ਕੇ ਆਰਾਮ ਕੀਤਾ। ਇਹ ਘਟਨਾ ਗੁਰਬਾਣੀ ਦੇ ਮਹੱਤਵ ਨੂੰ ਦਰਸਾਉਂਦੀ ਹੈ।
ਜਥੇਦਾਰ ਨੇ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਿਹਾ ਕਿ ਲਾਹੌਰ ਦੀ ਧਰਤੀ &rsquoਤੇ ਤੱਤੀਆਂ ਤਵੀਆਂ ਤੇ ਬੈਠ ਕੇ ਅਤੇ ਤੱਤੀ ਰੇਤ ਸਹਿੰਦੇ ਹੋਏ ਗੁਰੂ ਅਰਜਨ ਦੇਵ ਜੀ ਨੇ ਸ਼ਹਾਦਤ ਪ੍ਰਾਪਤ ਕੀਤੀ, ਜਿਸ ਕਰਕੇ ਉਨ੍ਹਾਂ ਨੂੰ ਸ਼ਹੀਦਾਂ ਦਾ ਸਰਤਾਜ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਮਨੁੱਖੀ ਜੀਵਨ ਦੇ ਹਰ ਪੱਖ ਨੂੰ ਸਹੀ ਰਾਹ ਦਿਖਾਉਂਦੀ ਹੈ ਅਤੇ ਅੱਜ ਦੇ ਸਮੇਂ ਵਿੱਚ ਵੀ ਇਹ ਸਾਨੂੰ ਸੱਚੇ ਅਤੇ ਨਿਰਮਲ ਜੀਵਨ ਦੀ ਪ੍ਰੇਰਣਾ ਦਿੰਦੀ ਹੈ।
ਇਸ ਮੌਕੇ ਉਨ੍ਹਾਂ ਨੇ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਬਾਬਾ ਜੁਝਾਰ ਸਿੰਘ ਦੇ ਜਨਮ ਦਿਹਾੜੇ ਦੀ ਵੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਚਮਕੌਰ ਦੀ ਗੜ੍ਹੀ ਵਿੱਚ ਸਾਹਿਬਜ਼ਾਦਾ ਜੁਝਾਰ ਸਿੰਘ ਜੀ ਨੇ ਬਹਾਦਰੀ ਨਾਲ ਲੜਦਿਆਂ ਸ਼ਹਾਦਤ ਪ੍ਰਾਪਤ ਕੀਤੀ ਸੀ, ਜੋ ਸਿੱਖ ਇਤਿਹਾਸ ਦਾ ਇਕ ਮਹਾਨ ਅਧਿਆਇ ਹੈ।