ਸਿੱਧੂ ਕਿਸੇ ਪਾਰਟੀ ਦਾ ਹਿੱਸਾ ਨਹੀਂ: ਨਵਜੋਤ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਭਾਰਤੀ ਰਾਸ਼ਟਰਵਾਦੀ ਪਾਰਟੀ ਵਿੱਚ ਸ਼ਾਮਲ ਹੋਣ ਮਗਰੋਂ ਐਲਾਨ ਕੀਤਾ ਕਿ ਨਵਜੋਤ ਸਿੰਘ ਸਿੱਧੂ ਦਾ ਇਸ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਭਾਰਤੀ ਰਾਸ਼ਟਰਵਾਦੀ ਪਾਰਟੀ ਸਾਲ 2015 ਵਿੱਚ ਰਜਿਸਟਰ ਹੋਈ ਸੀ, ਜਿਸ ਵੱਲੋਂ ਉਨ੍ਹਾਂ ਨੂੰ ਪੰਜਾਬ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਰਾਸ਼ਟਰਵਾਦੀ ਪਾਰਟੀ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ &rsquoਤੇ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇਗੀ।
ਡਾ. ਸਿੱਧੂ ਨੇ ਪੰਜਾਬ ਵਿੱਚ ਅਫੀਮ ਦੀ ਖੇਤੀ ਦੀ ਵਕਾਲਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਅਫੀਮ ਦੀ ਖੇਤੀ ਕਰਨ ਦੀ ਪ੍ਰਵਾਨਗੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ 37 ਭ੍ਰਿਸ਼ਟ ਤੇ ਦਾਗੀ ਸਿਆਸਤਦਾਨਾਂ ਦੀ ਫਾਈਲਾਂ ਤਿਆਰ ਕਰ ਲਈਆਂ ਹਨ, ਜਿਸ ਦਾ ਜਲਦੀ ਪਰਦਾਫਾਸ਼ ਕੀਤਾ ਜਾਵੇਗਾ। ਇਸ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ ਸਣੇ 17 ਹੋਰਨਾਂ ਕਾਂਗਰਸੀਆਂ ਦੇ ਨਾਮ ਸ਼ਾਮਲ ਹਨ। ਡਾ. ਨਵਜੋਤ ਕੌਰ ਸਿੱਧੂ ਨੇ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਦੀ ਤਾਰੀਫ ਕਰਦਿਆਂ ਕਿਹਾ ਕਿ ਪ੍ਰਿਯੰਕਾ ਗਾਂਧੀ ਉਸ ਦੀ ਭੈਣ ਵਾਂਗ ਹੈ। ਉਨ੍ਹਾਂ ਕਿਹਾ ਕਿ ਉਸ ਨੇ ਕਈ ਵਾਰ ਰਾਹੁਲ ਗਾਂਧੀ ਤੋਂ ਸਮਾਂ ਮੰਗਿਆ ਪਰ ਉਸ ਨੂੰ ਸਮਾਂ ਨਹੀਂ ਦਿੱਤਾ ਗਿਆ।