ਬੇਅਦਬੀ ਦੇ ਮਾਮਲਿਆਂ ’ਤੇ ਵਿਰੋਧੀ ਧਿਰਾਂ ਨੇ ਸਰਕਾਰ ਘੇਰੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਅੱਜ ਬੇਅਦਬੀ ਦੀਆਂ ਘਟਨਾਵਾਂ ਰੋਕਣ ਅਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਲਈ ਸੋਧ ਬਿੱਲ ਪੇਸ਼ ਕੀਤਾ ਗਿਆ। ਸਦਨ ਵਿੱਚ ਜਿੱਥੇ ਬਿੱਲ &rsquoਤੇ ਵਿਚਾਰ-ਚਰਚਾ ਹੋਈ, ਉੱਥੇ ਹੀ ਵਿਧਾਨ ਸਭਾ ਦੇ ਬਾਹਰ ਵਿਰੋਧੀ ਧਿਰਾਂ ਨੇ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਦੇਣ ਵਿੱਚ ਹੋ ਰਹੀ ਦੇਰੀ ਨੂੰ ਲੈ ਕੇ ਸੂਬਾ ਸਰਕਾਰ ਦੀ ਘੇਰਾਬੰਦੀ ਕੀਤੀ।
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸੀ ਵਿਧਾਇਕਾਂ ਨੇ &lsquoਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ&rsquo ਵਿੱਚ ਕੀਤੀਆਂ ਸੋਧਾਂ ਦੀ ਪੂਰਨ ਹਮਾਇਤ ਕੀਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਲਈ ਚੁੱਕਿਆ ਹਰ ਕਦਮ ਸਵਾਗਤਯੋਗ ਹੈ ਕਿਉਂਕਿ ਇਹ ਮਸਲਾ ਰਾਜਨੀਤੀ ਤੋਂ ਉੱਪਰ ਉੱਠ ਕੇ ਧਰਮ, ਭਾਵਨਾਵਾਂ ਅਤੇ ਇਨਸਾਫ਼ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਸਰਕਾਰ ਦੀ ਕਾਰਗੁਜ਼ਾਰੀ &rsquoਤੇ ਉਂਗਲ ਉਠਾਉਂਦਿਆਂ ਕਿਹਾ ਕਿ ਬਰਗਾੜੀ, ਬਹਿਬਲ ਕਲਾਂ ਅਤੇ ਕੋਟਕਪੂਰਾ ਘਟਨਾਵਾਂ ਦੀ ਜਾਂਚ ਹਾਲੇ ਤੱਕ ਸਿਰੇ ਨਹੀਂ ਚੜ੍ਹੀ। &lsquoਆਪ&rsquo ਸਰਕਾਰ ਨੇ 48 ਘੰਟਿਆਂ ਵਿੱਚ ਇਨਸਾਫ਼ ਦਾ ਵਾਅਦਾ ਕੀਤਾ ਸੀ ਪਰ 48 ਮਹੀਨੇ ਬੀਤਣ ਦੇ ਬਾਵਜੂਦ ਸਥਿਤੀ ਜਿਉਂ ਦੀ ਤਿਉਂ ਹੈ।