ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026 ਪ੍ਰਵਾਨਗੀ ਲਈ ਰਾਜਪਾਲ ਕੋਲ ਭੇਜਿਆ

ਪੰਜਾਬ ਸਰਕਾਰ ਨੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026 ਨੂੰ ਅੱਜ ਪ੍ਰਵਾਨਗੀ ਲਈ ਰਾਜਪਾਲ ਕੋਲ ਭੇਜ ਦਿੱਤਾ ਹੈ। ਪੰਜਾਬ ਵਿਧਾਨ ਸਭਾ ਵੱਲੋਂ ਇਹ ਸੋਧ ਬਿੱਲ 13 ਅਪਰੈਲ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ । ਹੁਣ ਨਜ਼ਰ ਗਵਰਨਰ ਤੇ ਰਹੇਗੀ ਕਿ ਕੀ ਉਹ ਇਸ ਬਿੱਲ ਨੂੰ ਸਹਿਮਤੀ ਦਿੰਦੇ ਹਨ ਜਾਂ ਫਿਰ ਰਾਸ਼ਟਰਪਤੀ ਕੋਲ ਭੇਜਦੇ ਹਨ। ਲੰਘੇ ਕੱਲ੍ਹ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਸੀ ਕਿ ਹਾਲੇ ਤੱਕ ਉਨ੍ਹਾਂ ਨੂੰ ਸੋਧ ਬਿੱਲ ਪ੍ਰਾਪਤ ਨਹੀਂ ਹੋਇਆ । ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਾਣਕਾਰੀ ਸਾਂਝੀ ਕੀਤੀ ਹੈ ਕਿ ਪੰਜਾਬ ਸਰਕਾਰ ਨੇ ਸੋਧ ਬਿੱਲ ਪ੍ਰਵਾਨਗੀ ਲਈ ਗਵਰਨਰ ਕੋਲ ਭੇਜ ਦਿੱਤਾ ਹੈ ।