ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਿੱਖ ਭਾਈਚਾਰੇ ਦਾ ਸਮਰਥਨ ਕਰਨ ਵਾਲੀਆਂ ਮਾਓਰੀ ਆਗੂਆਂ ਦਾ ਸਨਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਊਜ਼ੀਲੈਂਡ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਮਾਗਮ ਵਿੱਚ ਸਿੱਖ ਭਾਈਚਾਰੇ ਦਾ ਸਮਰਥਨ ਕਰਨ ਵਾਲੀਆਂ ਮਾਓਰੀ ਭਾਈਚਾਰੇ ਦੀਆਂ ਆਗੂਆਂ ਦਾ ਸਨਮਾਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵਿਦੇਸ਼ ਵਿੱਚ ਵਸਦੇ ਸਿੱਖਾਂ ਨੂੰ ਆਪਣੇ ਬੱਚਿਆਂ ਨੂੰ ਗੁਰਮੁਖੀ ਅਤੇ ਧਰਮ ਨਾਲ ਜੋੜ ਕੇ ਰੱਖਣ ਦਾ ਸੰਦੇਸ਼ ਦਿੱਤਾ। ਜਥੇਦਾਰ ਅੱਜ ਕੱਲ੍ਹ ਨਿਊਜ਼ੀਲੈਂਡ ਦੌਰੇ 'ਤੇ ਹਨ ਅਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨਾਲ ਵੀ ਮੁਲਾਕਾਤ ਕੀਤੀ ਸੀ।
ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ ਵੱਲੋਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ, ਟਾਕਾਨੀਨੀ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕਰਦਿਆਂ ਜਥੇਦਾਰ ਗੜਗੱਜ ਨੇ ਸੰਗਤ ਨੂੰ ਸਿੱਖੀ ਸਿਧਾਂਤਾਂ ਤੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਅਪੀਲ ਕੀਤੀ।