ਕਟਾਰੀਆ ਵੱਲੋਂ ਬੇਅਦਬੀ ਵਿਰੁੱਧ ਬਿੱਲ ਨੂੰ ਪ੍ਰਵਾਨਗੀ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਿਆਸੀ ਤੇ ਕਾਨੂੰਨੀ ਅਟਕਲਾਂ ਦਰਮਿਆਨ &lsquoਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026&rsquo ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਨਾਲ ਬੇਅਦਬੀ ਵਿਰੁੱਧ ਸਖ਼ਤ ਸਜ਼ਾਵਾਂ ਵਾਲੇ ਕਾਨੂੰਨ ਲਈ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਅਸੈਂਬਲੀ ਨੇ 13 ਅਪਰੈਲ ਨੂੰ ਸਰਬਸੰਮਤੀ ਨਾਲ ਇਸ ਸੋਧ ਬਿੱਲ ਨੂੰ ਪ੍ਰਵਾਨਗੀ ਦਿੱਤੀ ਸੀ। ਰਾਜਪਾਲ ਨੇ ਲੰਘੇ ਦਿਨ ਸੋਧ ਬਿੱਲ ਨੂੰ ਸਹਿਮਤੀ ਦੇ ਕੇ ਸੰਵਿਧਾਨਕ ਅੜਿੱਕਿਆਂ ਨੂੰ ਦੂਰ ਕਰ ਦਿੱਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਕਸ &rsquoਤੇ ਜਾਣਕਾਰੀ ਸਾਂਝੀ ਕੀਤੀ ਕਿ ਰਾਜਪਾਲ ਨੇ ਬੇਅਦਬੀ ਵਿਰੁੱਧ ਬਿੱਲ ਨੂੰ ਸਹਿਮਤੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਸਖ਼ਤ ਕਾਨੂੰਨ ਗੁਰੂ ਸਾਹਿਬ ਦੀ ਪਵਿੱਤਰ ਰਾਖੀ ਦਾ ਪ੍ਰਣ ਹੈ ਤੇ ਹੁਣ ਕੋਈ ਵੀ ਗੁਨਾਹਗਾਰ ਬਖ਼ਸ਼ਿਆ ਨਹੀਂ ਜਾਵੇਗਾ। ਰਾਜਪਾਲ ਦੀ ਪ੍ਰਵਾਨਗੀ ਮਗਰੋਂ ਪੰਜਾਬ ਸਰਕਾਰ ਬਿਨਾਂ ਕਿਸੇ ਦੇਰੀ ਤੋਂ ਨੋਟੀਫਿਕੇਸ਼ਨ ਜਾਰੀ ਕਰੇਗੀ। ਨਵੇਂ ਕਾਨੂੰਨ ਵਿੱਚ ਬੇਅਦਬੀ ਕਰਨ ਵਾਲਿਆਂ ਜਾਂ ਅਜਿਹੀ ਕਿਸੇ ਸਾਜ਼ਿਸ਼ ਦਾ ਹਿੱਸਾ ਬਣਨ ਵਾਲੇ ਨੂੰ 10 ਸਾਲ ਤੋਂ ਉਮਰ ਕੈਦ ਤੱਕ ਦੀ ਸਜ਼ਾ ਦੇਣ ਅਤੇ ਪੰਜ ਲੱਖ ਤੋਂ 25 ਲੱਖ ਰੁਪਏ ਤੱਕ ਦੇ ਜੁਰਮਾਨੇ ਤੇ ਜਾਇਦਾਦ ਜ਼ਬਤ ਕਰਨ ਦੀ ਵਿਵਸਥਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਰੁੱਧ ਅਪਮਾਨਜਨਕ ਸਮੱਗਰੀ ਪ੍ਰਕਾਸ਼ਿਤ ਕਰਨਾ ਵੀ ਜੁਰਮ ਹੋਵੇਗਾ।