ਸਰਬਜੀਤ ਕੌਰ ਉਰਫ਼ ਨੂਰ ਹੁਸੈਨ ਨੇ ਸਿੱਖ ਸ਼ਰਧਾਲੂਆਂ ਨੂੰ ਦਿੱਤਾ ਪਾਕਿਸਤਾਨ ਆਉਣ ਦਾ ਸੱਦਾ

ਪਾਕਿਸਤਾਨੀ ਨਾਗਰਿਕ ਨਾਲ ਨਿਕਾਹ ਕਰਵਾਉਣ ਅਤੇ ਇਸਲਾਮ ਧਰਮ ਅਪਣਾਉਣ ਵਾਲੀ ਭਾਰਤੀ ਮਹਿਲਾ ਸਰਬਜੀਤ ਕੌਰ ਉਰਫ਼ ਨੂਰ ਹੁਸੈਨ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਂਝਾ ਕਰਕੇ ਭਾਰਤੀ ਪੰਜਾਬ ਦੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸੱਦਾ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਸਰਬਜੀਤ ਕੌਰ ਦੀ ਇਹ ਵੀਡੀਓ ਅਜਿਹੇ ਸਮੇਂ ਸਾਹਮਣੇ ਆਈ ਹੈ, ਜਦੋਂ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ 2,236 ਮੈਂਬਰੀ ਸਿੱਖ ਜਥਾ ਤਿੰਨ ਦਿਨ ਪਹਿਲਾਂ ਹੀ ਭਾਰਤ ਪਰਤਿਆ ਹੈ।

ਵੀਡੀਓ ਵਿੱਚ ਉਸ ਨੇ ਭਾਰਤੀ ਸ਼ਰਧਾਲੂਆਂ ਨੂੰ "ਸਤਿ ਸ੍ਰੀ ਅਕਾਲ" ਅਤੇ "ਵਾਲੇਕੁਮ-ਅੱਸਲਾਮ" ਕਹਿ ਕੇ ਸੰਬੋਧਨ ਕੀਤਾ। ਸ਼ਰਧਾਲੂਆਂ ਦੇ ਮਨਾਂ ਵਿੱਚ ਧਰਮ ਪਰਿਵਰਤਨ ਨੂੰ ਲੈ ਕੇ ਪੈਦਾ ਹੋਏ ਖ਼ਦਸ਼ਿਆਂ ਬਾਰੇ ਸਪੱਸ਼ਟੀਕਰਨ ਦਿੰਦਿਆਂ ਉਸ ਨੇ ਕਿਹਾ ਕਿ ਪਾਕਿਸਤਾਨ ਵਿੱਚ ਕਿਸੇ ਵੀ ਵਿਅਕਤੀ ਨੂੰ ਧਰਮ ਬਦਲਣ ਲਈ ਮਜਬੂਰ ਨਹੀਂ ਕੀਤਾ ਜਾਂਦਾ ਅਤੇ ਇਹ ਪੂਰੀ ਤਰ੍ਹਾਂ ਨਿੱਜੀ ਫ਼ੈਸਲਾ ਹੁੰਦਾ ਹੈ।

ਉਸ ਨੇ ਭਾਰਤੀ ਸਿੱਖਾਂ ਨੂੰ ਬੇਫ਼ਿਕਰ ਹੋ ਕੇ ਗੁਰਧਾਮਾਂ ਦੀ ਯਾਤਰਾ ਕਰਨ ਦੀ ਅਪੀਲ ਕੀਤੀ। ਕਾਬਿਲੇਗੌਰ ਹੈ ਕਿ ਸਰਬਜੀਤ ਕੌਰ ਬੀਤੇ ਨਵੰਬਰ ਮਹੀਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਜਥੇ ਦੇ ਨਾਲ ਗਈ ਸੀ, ਪਰ ਉੱਥੇ ਜਾ ਕੇ ਉਸ ਨੇ ਇਸਲਾਮ ਕਬੂਲ ਕਰ ਲਿਆ ਅਤੇ ਨੂਰ ਹੁਸੈਨ ਨਾਮ ਰੱਖ ਕੇ ਇੱਕ ਪਾਕਿਸਤਾਨੀ ਨੌਜਵਾਨ ਨਾਲ ਵਿਆਹ ਕਰਵਾ ਕੇ ਉੱਥੇ ਹੀ ਰਹਿ ਗਈ ਸੀ।