ਅਜਨਾਲਾ ਥਾਣਾ ਹਮਲਾ ਕੇਸ ਯ ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ’ਚ

ਅਜਨਾਲਾ: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਜਨਾਲਾ ਥਾਣਾ ਹਮਲਾ ਕੇਸ ਵਿੱਚ ਦੋ ਦਿਨਾਂ ਦੇ ਪੁਲਿਸ ਰਿਮਾਂਡ ਤੋਂ ਬਾਅਦ ਅੱਜ ਮੁੜ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਹੈ। ਸ਼ਨੀਵਾਰ ਨੂੰ ਅਜਨਾਲਾ ਦੀ ਅਦਾਲਤ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਕਰਦਿਆਂ ਅੰਮ੍ਰਿਤਪਾਲ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ 23 ਅਪ੍ਰੈਲ ਨੂੰ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਹਿਰਾਸਤ ਦੀ ਮਿਆਦ ਖ਼ਤਮ ਹੋਣ ਤੋਂ ਤੁਰੰਤ ਬਾਅਦ ਪੰਜਾਬ ਪੁਲਿਸ ਨੇ ਫਿਰ ਤੋਂ ਗ੍ਰਿਫਤਾਰ ਕਰ ਲਿਆ ਸੀ। ਇਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਸੀ, ਜਿੱਥੇ ਉਸ ਤੋਂ ਫਰਵਰੀ 2023 ਵਿੱਚ ਅਜਨਾਲਾ ਥਾਣੇ 'ਤੇ ਹੋਏ ਹਮਲੇ ਸਬੰਧੀ ਪੁੱਛ-ਪੜਤਾਲ ਕੀਤੀ ਗਈ।
ਅੰਮ੍ਰਿਤਪਾਲ ਦੀ ਵਕੀਲ ਜਸਬੀਰ ਕੌਰ ਨੇ ਅਦਾਲਤੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ, "ਸ਼ਨੀਵਾਰ ਨੂੰ ਅਜਨਾਲਾ ਦੀ ਸਬ-ਡਵੀਜ਼ਨਲ ਅਦਾਲਤ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਪਾਲ ਸਿੰਘ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦਾ ਹੁਕਮ ਦਿੱਤਾ ਹੈ। ਉਹ ਹੁਣ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਰਹੇਗਾ। ਅਜਨਾਲਾ ਕੇਸ ਦੀ ਅਗਲੀ ਸੁਣਵਾਈ 30 ਅਪ੍ਰੈਲ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਅਤੇ ਅੰਮ੍ਰਿਤਪਾਲ ਜੇਲ੍ਹ ਤੋਂ ਹੀ ਇਸ ਵਿੱਚ ਹਿੱਸਾ ਲਵੇਗਾ।"
ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਮਰਥਕਾਂ 'ਤੇ ਆਪਣੇ ਇੱਕ ਸਾਥੀ ਨੂੰ ਛੁਡਾਉਣ ਲਈ ਅਜਨਾਲਾ ਥਾਣੇ 'ਤੇ ਹਮਲਾ ਕਰਨ ਅਤੇ ਪੁਲਿਸ ਮੁਲਾਜ਼ਮਾਂ ਨਾਲ ਝੜਪ ਕਰਨ ਦੇ ਦੋਸ਼ ਹਨ। ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਮੇਤ 41 ਲੋਕਾਂ ਖ਼ਿਲਾਫ਼ ਦੋਸ਼ ਤੈਅ ਕੀਤੇ ਗਏ ਹਨ। ਇਸ ਤੋਂ ਇਲਾਵਾ, ਜੇਲ੍ਹ ਵਿੱਚੋਂ ਮਿਲੇ ਇਲੈਕਟ੍ਰਾਨਿਕ ਉਪਕਰਨਾਂ ਦੇ ਮਾਮਲੇ ਵਿੱਚ ਵੀ ਉਸ ਖ਼ਿਲਾਫ਼ ਕਾਰਵਾਈ ਚੱਲ ਰਹੀ ਹੈ, ਜਿਸ ਦੀ ਅਗਲੀ ਸੁਣਵਾਈ 7 ਮਈ ਨੂੰ ਹੋਣੀ ਤੈਅ ਹੋਈ ਹੈ। ਅੰਮ੍ਰਿਤਪਾਲ ਨੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਜੇਲ੍ਹ ਵਿੱਚ ਰਹਿੰਦਿਆਂ ਹੀ ਆਜ਼ਾਦ ਉਮੀਦਵਾਰ ਵਜੋਂ ਜਿੱਤ ਹਾਸਲ ਕੀਤੀ ਸੀ ਅਤੇ 5 ਜੁਲਾਈ 2024 ਨੂੰ ਪੈਰੋਲ ਦੌਰਾਨ ਸਹੁੰ ਚੁੱਕੀ ਸੀ।