ਕੇਂਦਰ ਨੇ 'ਲਾਰੈਂਸ ਆਫ਼ ਪੰਜਾਬ' ਡਾਕੂਮੈਂਟਰੀ 'ਤੇ ਲਾਈ ਰੋਕ, ਮੰਤਰਾਲੇ ਵਲੋਂ ZEE5 ਨੂੰ ਨੋਟਿਸ ਜਾਰੀ

ਚੰਡੀਗੜ੍ਹ: ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ OTT ਪਲੇਟਫਾਰਮ ZEE5 ਨੂੰ ਇੱਕ ਅਹਿਮ ਨੋਟਿਸ ਜਾਰੀ ਕਰਦਿਆਂ ਗੈਂਗਸਟਰਾਂ ਦੇ ਜੀਵਨ 'ਤੇ ਆਧਾਰਿਤ 'ਲਾਰੈਂਸ ਆਫ਼ ਪੰਜਾਬ' ਡਾਕੂਮੈਂਟਰੀ ਰਿਲੀਜ਼ ਨਾ ਕਰਨ ਦੀ ਸਲਾਹ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸੀਰੀਜ਼ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੀਵਨ ਤੇ ਉਸ ਦੇ ਅਪਰਾਧਿਕ ਸਫ਼ਰ ਨੂੰ ਦਰਸਾਉਂਦੀ ਹੈ। ਇਸ &lsquoਚ ਕਈ ਰੀਅਲ ਲਾਈਫ਼ ਹਾਈ-ਪ੍ਰੋਫਾਈਲ ਅਪਰਾਧ, ਖਾਸ ਕਰਕੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਰਗੇ ਮਾਮਲੇ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਕੇਂਦਰ ਸਰਕਾਰ ਨੂੰ ਇੱਕ ਪੱਤਰ ਲਿਖਿਆ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਜੇਕਰ ਦਸਤਾਵੇਜ਼ੀ ਫਿਲਮ ਰਿਲੀਜ਼ ਹੁੰਦੀ ਹੈ ਤਾਂ ਪੰਜਾਬ ਦਾ ਮਾਹੌਲ ਵਿਗੜ ਸਕਦਾ ਹੈ। ਇਸ ਦੇ ਨਾਲ ਹੀ ਕਾਂਗਰਸ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੇਸ ਦਾਇਰ ਕੀਤਾ ਸੀ।
ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਇੱਕ ਪੱਤਰ ਲਿਖ ਕੇ ਇਸ 'ਤੇ ਤੁਰੰਤ ਪਾਬੰਦੀ ਲਗਾਉਣ ਦੀ ਮੰਗ ਕੀਤੀ ਸੀ। ਉਧਰ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਵੀ ਵਿਰੋਧ ਕੀਤਾ ਸੀ। ਦੱਸ ਦਈਏ ਕਿ ਵੈੱਬ ਸੀਰੀਜ਼ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ਵੈੱਬ ਸੀਰੀਜ਼ ਨੂੰ ਨਿਰਦੇਸ਼ਕ ਰਾਘਵ ਧਾਰ ਵੱਲੋਂ ਤਿਆਰ ਕੀਤਾ ਗਿਆ ਸੀ। ਇਹ ਸੀਰੀਜ਼ ਓਟੀਟੀ ਪਲੇਟਫਾਰਮ ZEE5 'ਤੇ 27 ਅਪ੍ਰੈਲ, 2026 ਨੂੰ ਰਿਲੀਜ਼ ਹੋਣ ਵਾਲੀ ਸੀ। ਟ੍ਰੇਲਰ ਦੇ ਰਿਲੀਜ਼ ਹੋਣ ਤੋਂ ਬਾਅਦ ਸਿਆਸੀ ਪਾਰਟੀਆਂ ਵੱਲੋ ਵੀ ਵਿਰੋਧ ਕੀਤਾ ਜਾ ਰਿਹਾ ਸੀ।