ਇਰਾਨ-ਅਮਰੀਕਾ ਤਣਾਅ ਖਤਮ ਕਰਨ ਦੇ ਇਰਾਦੇ ਨਾਲ ਰੂਸ ਰਵਾਨਾ ਹੋਏ ਅਰਾਘਚੀ

ਤਹਿਰਾਨ,  : ਇਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਜੰਗ ਨੂੰ ਖਤਮ ਕਰਨ ਲਈ ਕੂਟਨੀਤਿਕ ਕੋਸ਼ਿਸ਼ਾਂ ਤਹਿਤ ਰੂਸ ਰਵਾਨਾ ਹੋਏ ਹਨ। ਜਿੱਥੇ ਉਹ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕਰਨਗੇ। ਇਹ ਦੌਰਾ ਉਸ ਸਮੇਂ ਹੋ ਰਿਹਾ ਹੈ ਜਦੋਂ ਇਰਾਨ ਅਤੇ ਅਮਰੀਕਾ ਵਿਚਾਲੇ ਗੱਲਬਾਤ ਅਟਕੀ ਹੋਈ ਹੈ ਅਤੇ ਹਾਲਾਤ ਅਜੇ ਵੀ ਤਣਾਅਪੂਰਨ ਹਨ। ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਕਿਹਾ ਹੈ ਕਿ ਜੇ ਇਰਾਨ ਗੱਲਬਾਤ ਕਰਨਾ ਚਾਹੁੰਦਾ ਹੈ ਤਾਂ ਉਹ ਸਿੱਧਾ ਸੰਪਰਕ ਕਰ ਸਕਦਾ ਹੈ, ਪਰ ਦੋਵਾਂ ਦੇਸ਼ਾਂ ਵਿਚਾਲੇ ਅਜੇ ਤੱਕ ਇਸ ਬਾਰੇ ਕੋਈ ਸਕਾਰਾਤਮਕ ਗੱਲਬਾਤ ਨਹੀਂ ਹੋਈ। ਇਸ ਦੇ ਨਾਲ ਹੀ, ਲੈਬਨਾਨ ਵਿੱਚ ਹਾਲਾਤ ਅਜੇ ਵੀ ਗੰਭੀਰ ਬਣੇ ਹੋਏ ਹਨ। ਅਮਰੀਕਾ ਦੀ ਵਿਚੋਲਗੀ ਨਾਲ ਹੋਈ ਜੰਗਬੰਦੀ ਦੇ ਬਾਵਜੂਦ ਇਜ਼ਰਾਇਲੀ ਫੌਜ ਵੱਲੋਂ ਦੱਖਣੀ ਲੈਬਨਾਨ ਵਿੱਚ ਹਮਲੇ ਜਾਰੀ ਹਨ। ਐਤਵਾਰ ਨੂੰ ਹੋਏ ਹਮਲਿਆਂ ਵਿੱਚ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ।