ਆਸਟਰੇਲੀਆ ਵੱਲੋਂ ਪੰਜਾਬ ਦੇ 11 ਨੌਜਵਾਨਾਂ ਸਣੇ 15 ਭਾਰਤੀ ਡਿਪੋਰਟ

ਆਸਟਰੇਲੀਆ ਨੇ ਭਾਰਤ ਦੇ 15 ਨੌਜਵਾਨਾਂ ਨੂੰ ਡਿਪੋਰਟ ਕਰ ਦਿੱਤਾ ਹੈ, ਜੋ ਕਿ ਅੱਜ 29 ਅਪਰੈਲ ਦੀ ਰਾਤ ਤੱਕ ਦਿੱਲੀ ਹਵਾਈ ਅੱਡੇ &rsquoਤੇ ਪਹੁੰਚ ਜਾਣਗੇ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਆਸਟਰੇਲੀਆ ਵੱਲੋਂ ਡਿਪੋਰਟ ਕੀਤੇ ਗਏ ਵਿੱਚ ਪੰਜਾਬ ਦੇ 11, ਤੇਲੰਗਾਨਾ ਦੇ 2, ਹਰਿਆਣਾ ਤੇ ਉਤਰਾਖੰਡ ਦਾ 1-1 ਨੌਜਵਾਨ ਸ਼ਾਮਲ ਹਨ।
ਪੰਜਾਬ ਦੇ 11 ਵਿਅਕਤੀਆਂ ਵਿੱਚੋਂ 10 ਨੌਜਵਾਨ ਤੇ ਇਕ ਲੜਕੀ ਸ਼ਾਮਲ ਹੈ। ਇਨ੍ਹਾਂ ਨੂੰ ਦਿੱਲੀ ਹਵਾਈ ਅੱਡੇ ਤੋਂ ਪੰਜਾਬ ਦੇ ਅਧਿਕਾਰੀਆਂ ਨੂੰ ਸੌਂਪਿਆ ਜਾਵੇਗਾ । ਉਨ੍ਹਾਂ ਕਿਹਾ ਕਿ ਮੁੱਢਲੀ ਜਾਣਕਾਰੀ ਅਨੁਸਾਰ ਡਿਪੋਰਟ ਕੀਤੇ ਜਾਣ ਵਾਲੇ ਨੌਜਵਾਨਾਂ ਨੇ ਕੁਝ ਗੈਰ ਕਾਨੂੰਨੀ ਕੰਮ ਕੀਤੇ ਹਨ, ਜਿਸ ਕਰਕੇ ਉਨ੍ਹਾਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨੌਜਵਾਨਾਂ ਦੇ ਭਾਰਤ ਆਉਣ &rsquoਤੇ ਡਿਪੋਰਟ ਕੀਤੇ ਜਾਣ ਦੇ ਕਾਰਨਾਂ ਬਾਰੇ ਪੁੱਛਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਵਿਦੇਸ਼ ਵਿੱਚ ਜਾਣ ਤੋਂ ਰੋਕਣ ਲਈ ਵਧੇਰੇ ਕਾਰਜ ਕੀਤੇ ਜਾ ਰਹੇ ਹਨ। ਜੇਕਰ ਪੰਜਾਬ ਦੇ ਨੌਜਵਾਨਾਂ ਨੂੰ ਇੱਥੇ ਹੀ ਨੌਕਰੀ ਮਿਲ ਜਾਵੇਗੀ ਤਾਂ ਉਨ੍ਹਾਂ ਨੂੰ ਵਿਦੇਸ਼ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ। ਇਸ ਲਈ ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।