ਮਾਨ ਤੇ ਕੇਜਰੀਵਾਲ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ, ਭਾਜਪਾ ਵਫ਼ਦ ਪੁਲੀਸ ਅੱਗੇ ਪੇਸ਼

ਚੰਡੀਗੜ੍ਹ &mdash ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਇੱਕ ਵਫ਼ਦ ਸਮੇਤ ਪੁਲੀਸ ਅੱਗੇ ਪੇਸ਼ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਆਗੂ ਅਰਵਿੰਦ ਕੇਜਰੀਵਾਲ ਖ਼ਿਲਾਫ਼ ਦੇਸ਼ ਧਰੋਹ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।

ਜਾਖੜ ਨੇ ਦੋਸ਼ ਲਗਾਇਆ ਕਿ ਸਰਕਾਰ ਦੇ ਕੁਝ ਬਿਆਨਾਂ ਨਾਲ ਪੰਜਾਬ ਵਿੱਚ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਨੂੰ ਖ਼ਤਰੇ ਵਿੱਚ ਪਾਉਣ ਵਾਲੀਆਂ ਸਾਜ਼ਿਸ਼ਾਂ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ।

ਭਾਜਪਾ ਵਫ਼ਦ ਡਾਇਰੈਕਟਰ ਜਨਰਲ ਆਫ਼ ਪੁਲੀਸ ਗੌਰਵ ਯਾਦਵ ਨੂੰ ਮਿਲਣ ਲਈ ਗਿਆ ਸੀ, ਪਰ ਉਨ੍ਹਾਂ ਦੀ ਗੈਰਹਾਜ਼ਰੀ ਵਿੱਚ ਐਡੀਸ਼ਨਲ ਡੀ ਜੀ ਪੀ ਏ ਐੱਸ ਰਾਏ ਨੇ ਵਫ਼ਦ ਤੋਂ ਮੰਗ ਪੱਤਰ ਸਵੀਕਾਰ ਕੀਤਾ।

ਇਸ ਮੌਕੇ ਭਾਜਪਾ ਆਗੂਆਂ ਨੇ ਆਪਣੇ ਆਪ ਨੂੰ ਗ੍ਰਿਫ਼ਤਾਰੀ ਲਈ ਵੀ ਪੇਸ਼ ਕੀਤਾ ਅਤੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਲਈ ਤਿਆਰ ਹਨ। ਜਾਖੜ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਬਣਾਈ ਰੱਖਣਾ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ।