‘ਬੇਅਦਬੀ ਵਿਰੋਧੀ ਕਾਨੂੰਨ ਕਿਸੇ ਵੀ ਹਾਲਤ ਵਿੱਚ ਵਾਪਸ ਨਹੀਂ ਹੋਵੇਗਾ’ : ਮੁੱਖ ਮੰਤਰੀ

ਫਤਿਹਗੜ੍ਹ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਬੇਅਦਬੀ ਵਿਰੋਧੀ ਕਾਨੂੰਨ ਨੂੰ ਕਿਸੇ ਵੀ ਹਾਲਤ ਵਿੱਚ ਵਾਪਸ ਨਹੀਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸੂਬੇ ਦੀ ਸ਼ਾਂਤੀ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ।

ਬੇਅਦਬੀ ਕਾਨੂੰਨ ਬਣਨ ਉਪਰੰਤ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋਈ ਸ਼ੁਕਰਾਨਾ ਯਾਤਰਾ ਅੱਜ ਫਤਿਹਗੜ੍ਹ ਸਾਹਿਬ ਵਿੱਚ ਸਮਾਪਤ ਹੋਈ। ਇਸ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਨਤਮਸਤਕ ਹੋ ਕੇ ਲੋਕਾਂ ਨੂੰ ਸੰਬੋਧਨ ਕੀਤਾ ਅਤੇ ਪੰਜਾਬ ਵਾਸੀਆਂ ਦਾ ਧੰਨਵਾਦ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਨੂੰਨ ਸੰਤ ਸਮਾਜ, ਸਿੱਖ ਬੁੱਧੀਜੀਵੀਆਂ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੁਝ ਲੋਕ ਕਾਨੂੰਨ ਬਾਰੇ ਗਲਤਫਹਿਮੀਆਂ ਫੈਲਾ ਰਹੇ ਹਨ, ਜਦਕਿ ਸਰਕਾਰ ਦਾ ਰੁਖ਼ ਪੂਰੀ ਤਰ੍ਹਾਂ ਸਪੱਸ਼ਟ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਫਵਾਹਾਂ &rsquoਤੇ ਵਿਸ਼ਵਾਸ ਨਾ ਕੀਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਵੱਲੋਂ ਕਾਨੂੰਨ ਨੂੰ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ ਅਤੇ ਸਰਕਾਰ ਧਾਰਮਿਕ ਸਨਮਾਨ ਅਤੇ ਸਮਾਜਿਕ ਸਾਂਝ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।