ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਦੀ ਮੰਗ, ਭਗਤ ਰਵਿਦਾਸ ਜੀ ਦੀ ਸ਼ਤਾਬਦੀ ਲਈ ਵੱਡੇ ਸਮਾਗਮਾਂ ਦਾ ਐਲਾਨ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲਿਆਂ ਖ਼ਿਲਾਫ਼ ਕੜੇ ਕਦਮ ਚੁੱਕਣ ਦੀ ਲੋੜ ਹੈ।
ਸ਼੍ਰੋਮਣੀ ਕਮੇਟੀ ਦਫ਼ਤਰ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਧਾਮੀ ਨੇ ਭਗਤ ਰਵਿਦਾਸ ਜੀ ਦੀ 650ਵੀਂ ਸ਼ਤਾਬਦੀ ਸਬੰਧੀ ਕਰਵਾਏ ਜਾਣ ਵਾਲੇ ਵਿਸ਼ਾਲ ਸਮਾਗਮਾਂ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ 18 ਤੋਂ 20 ਫਰਵਰੀ 2027 ਤੱਕ ਤਿੰਨ ਦਿਨਾਂ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਕਰਵਾਉਣ ਦੀ ਯੋਜਨਾ ਤਿਆਰ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਸਮਾਗਮਾਂ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਨੂੰ ਮੁੱਖ ਸਥਾਨ ਵਜੋਂ ਵਿਚਾਰਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਭਗਤ ਰਵਿਦਾਸ ਜੀ ਦੇ ਜਨਮ ਅਸਥਾਨ ਤੋਂ ਵਿਸ਼ਾਲ ਨਗਰ ਕੀਰਤਨ ਕੱਢਣ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਪ੍ਰਬੰਧਾਂ ਦੀ ਜ਼ਿੰਮੇਵਾਰੀ ਇੱਕ ਵਿਸ਼ੇਸ਼ ਟੀਮ ਨੂੰ ਸੌਂਪੀ ਗਈ ਹੈ।
ਧਾਮੀ ਨੇ ਦੱਸਿਆ ਕਿ ਭਗਤ ਰਵਿਦਾਸ ਜੀ ਦੀ ਗੁਰਬਾਣੀ ਅਤੇ ਜੀਵਨ ਦਰਸ਼ਨ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੰਜਾਬ ਦੇ ਵੱਖ-ਵੱਖ ਵਿਦਿਆਕ ਅਦਾਰਿਆਂ ਵਿੱਚ ਸੈਮੀਨਾਰ ਕਰਵਾਏ ਜਾਣਗੇ। ਇਸ ਤੋਂ ਇਲਾਵਾ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਵਿੱਚ ਕੀਰਤਨ ਦਰਬਾਰ ਵੀ ਸਜਾਏ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਭਗਤ ਰਵਿਦਾਸ ਜੀ ਦੇ ਜੀਵਨ ਅਤੇ ਉਪਦੇਸ਼ਾਂ &rsquoਤੇ ਆਧਾਰਿਤ ਖੋਜ ਪੁਸਤਿਕਾ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿੱਚ ਪ੍ਰਕਾਸ਼ਿਤ ਕੀਤੀ ਜਾਵੇਗੀ।
ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਪ੍ਰੀਖਿਆ ਕੇਂਦਰਾਂ ਵਿੱਚ ਸਿੱਖ ਵਿਦਿਆਰਥੀਆਂ ਤੋਂ ਕੜੇ ਅਤੇ ਸ੍ਰੀ ਸਾਹਿਬ ਉਤਾਰਵਾਉਣ ਦੇ ਮਾਮਲੇ &rsquoਤੇ ਵੀ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਸਰਕਾਰੀ ਅਧਿਕਾਰੀਆਂ ਨਾਲ ਮੁੜ ਗੱਲਬਾਤ ਕਰਕੇ ਸਥਾਈ ਹੱਲ ਲੱਭਣ ਦੀ ਕੋਸ਼ਿਸ਼ ਕੀਤੀ ਜਾਵੇਗੀ।