ਐਨ.ਆਰ.ਆਈ ਮਿਲਣੀ ਨੂੰ ਵਿਦੇਸ਼ਾਂ ’ਚ ਭਰਵਾਂ ਹੁੰਗਾਰਾ * ਪ੍ਰਵਾਸੀ ਪੰਜਾਬੀਆਂ ਨੇ ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਨੂੰ ਵੀਡਿਓ ਕਾਨਫਰੰਸ ਰਾਹੀ ਦੱਸੀਆ ਆਪਣੀਆ ਮੁਸਕਿਲਾ *ਕੈਬਨਿਟ ਮੰਤਰੀ ਨੇ ਪ੍ਰਵਾਸੀ ਪੰਜਾਬੀਆਂ ਨੂੰ ਉਨਾ ਦੀਆਂ ਮੁਸਕਿਲਾ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਦਿੱਤਾ ਭਰੋਸਾ

ਕੈਪਸ਼ਨ:-  ਐਨਆਰਆਈਆਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ।  ਤਸਵੀਰ:- ਸੁਖਜਿੰਦਰ ਸਿੰਘ ਢੱਡੇ

 ਲੈਸਟਰ (ਇੰਗਲੈਂਡ), 14 ਮਈ (ਸੁਖਜਿੰਦਰ ਸਿੰਘ ਢੱਡੇ)- ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਕਰਵਾਈ ਗਈ ਆਨਲਾਈਨ ਐਨਆਰਆਈ ਮਿਲਣੀ ਨੂੰ ਦੁਨੀਆ ਭਰ ਵਿੱਚ ਰਹਿੰਦੇ ਪੰਜਾਬੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਹੇਠ ਹੋਈ ਇਸ ਆਨਲਾਈਨ ਲਾਈਵ ਕਾਨਫਰੰਸ ਵਿੱਚ ਇੰਗਲੈਂਡ, ਕੇਨੈਡਾ,ਆਸਟ੍ਰੇਲੀਆ, ਨਿਊਜ਼ੀਲੈਂਡ, ਅਮਰੀਕਾ ਅਤੇ ਯੂਰਪ ਦੇ ਵੱਖ ਵੱਖ ਦੇਸਾ ਸਮੇਤ ਹੋਰ ਦੇਸ਼ਾਂ ਵਿੱਚ ਰਹਿ ਰਹੇ ਪੰਜਾਬੀ ਐਨ ਆਰ ਆਈਆਂ ਨੇ ਹਿੱਸਾ ਲੈਂਦਿਆਂ ਆਪਣੇ ਮਸਲੇ ਅਤੇ ਮੁਸ਼ਕਲਾਂ ਸਿੱਧੇ ਸਰਕਾਰ ਦੇ ਧਿਆਨ ਵਿੱਚ ਲਿਆਂਦੀਆਂ।

ਇਸ ਆਨਲਾਈਨ ਐਨਆਰਆਈ ਮਿਲਣੀ ਦੌਰਾਨ ਕਰੀਬ 16 ਐਨਆਰਆਈ ਪੰਜਾਬੀਆਂ ਨੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ। ਇਨ੍ਹਾਂ ਵਿੱਚ ਜ਼ਮੀਨੀ ਵਿਵਾਦ, ਪਰਿਵਾਰਕ ਮਾਮਲੇ, ਪੁਲਿਸ ਕਾਰਵਾਈ, ਸਰਕਾਰੀ ਦਫਤਰਾਂ ਵਿੱਚ ਪੈਂਦੀਆਂ ਦਿੱਕਤਾਂ, ਧੋਖਾਧੜੀ ਅਤੇ ਜਾਇਦਾਦਾਂ ਨਾਲ ਜੁੜੇ ਮਸਲੇ ਮੁੱਖ ਤੌਰ &rsquoਤੇ ਸ਼ਾਮਲ ਸਨ। ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬੀਆਂ ਨੇ ਕਿਹਾ ਕਿ ਅਕਸਰ ਉਨ੍ਹਾਂ ਨੂੰ ਪੰਜਾਬ ਵਿੱਚ ਆਪਣੀਆਂ ਜਾਇਦਾਦਾਂ ਅਤੇ ਹੋਰ ਕੰਮਾਂ ਨੂੰ ਲੈ ਕੇ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਅਜਿਹੀਆਂ ਆਨਲਾਈਨ ਮਿਲਣੀਆਂ ਨਾਲ ਉਹ ਆਪਣੇ ਮਸਲੇ ਸਿੱਧੇ ਸਰਕਾਰ ਤੱਕ ਪਹੁੰਚਾ ਸਕਦੇ ਹਨ।
ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਉੱਚ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀ ਵੀ ਮੌਜੂਦ ਰਹੇ। ਉਨ੍ਹਾਂ ਨੇ ਐਨਆਰਆਈਆਂ ਦੀਆਂ ਗੱਲਾਂ ਧਿਆਨ ਨਾਲ ਸੁਣਦਿਆਂ ਹਰੇਕ ਮਾਮਲੇ ਨੂੰ ਗੰਭੀਰਤਾ ਨਾਲ ਨੋਟ ਕੀਤਾ ਅਤੇ ਜਲਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਕਈ ਮਾਮਲਿਆਂ ਵਿੱਚ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਤਾਂ ਜੋ ਪੀੜਤ ਲੋਕਾਂ ਨੂੰ ਜਲਦ ਰਾਹਤ ਮਿਲ ਸਕੇ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ &rsquoਤੇ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਐਨਆਰਆਈ ਪੰਜਾਬੀਆਂ ਨੇ ਪੰਜਾਬ ਦੀ ਤਰੱਕੀ ਵਿੱਚ ਹਮੇਸ਼ਾ ਵੱਡਾ ਯੋਗਦਾਨ ਪਾਇਆ ਹੈ ਅਤੇ ਸਰਕਾਰ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਆਨਲਾਈਨ ਮਿਲਣੀਆਂ ਲਗਾਤਾਰ ਕਰਵਾਈਆਂ ਜਾਣਗੀਆਂ ਤਾਂ ਜੋ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨੂੰ ਸਰਕਾਰੀ ਦਫਤਰਾਂ ਦੇ ਚੱਕਰ ਨਾ ਕੱਟਣੇ ਪੈਣ ਅਤੇ ਉਨ੍ਹਾਂ ਦੇ ਮਸਲੇ ਘਰ ਬੈਠੇ ਹੀ ਸੁਣੇ ਜਾ ਸਕਣ।
ਇੰਡੀਅਨ ਵਰਕਰਜ਼ ਐਸੋਸੀਏਸ਼ਨ ਗ੍ਰੇਟ ਬ੍ਰਿਟੇਨ ਦੇ ਜਨਰਲ ਸਕੱਤਰ ਸੀਤਲ ਸਿੰਘ ਗਿੱਲ ਨੇ ਪੰਜਾਬ ਸਰਕਾਰ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਲਈ ਇਹ ਬਹੁਤ ਹੀ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਐਨਆਰਆਈ ਭਾਈਚਾਰੇ ਨੂੰ ਆਪਣੇ ਮਸਲੇ ਸਿੱਧੇ ਸਰਕਾਰ ਅਤੇ ਉੱਚ ਅਧਿਕਾਰੀਆਂ ਤੱਕ ਪਹੁੰਚਾਉਣ ਦਾ ਮੌਕਾ ਮਿਲ ਰਿਹਾ ਹੈ, ਜਿਸ ਨਾਲ ਲੋਕਾਂ ਵਿੱਚ ਭਰੋਸਾ ਵਧੇਗਾ। ਉਨ੍ਹਾਂ ਆਸ ਜਤਾਈ ਕਿ ਸਰਕਾਰ ਅਜਿਹੇ ਪ੍ਰੋਗਰਾਮ ਆਗੇ ਵੀ ਜਾਰੀ ਰੱਖੇਗੀ।
ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨੇ ਵੀ ਇਸ ਆਨਲਾਈਨ ਮਿਲਣੀ ਨੂੰ ਸਫਲ ਅਤੇ ਲਾਭਦਾਇਕ ਦੱਸਦਿਆਂ ਕਿਹਾ ਕਿ ਪਹਿਲਾਂ ਉਨ੍ਹਾਂ ਨੂੰ ਆਪਣੇ ਮਸਲਿਆਂ ਲਈ ਕਾਫੀ ਲੰਮਾ ਇੰਤਜ਼ਾਰ ਕਰਨਾ ਪੈਂਦਾ ਸੀ, ਪਰ ਹੁਣ ਸਿੱਧਾ ਸਰਕਾਰ ਨਾਲ ਗੱਲਬਾਤ ਹੋਣ ਕਾਰਨ ਉਨ੍ਹਾਂ ਨੂੰ ਵੱਡੀ ਰਾਹਤ ਮਿਲੀ ਹੈ। ਕਈ ਐਨਆਰਆਈਆਂ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਪ੍ਰਕਿਰਿਆ ਨੂੰ ਲੋਕ ਹਿੱਤ ਵਿੱਚ ਚੁੱਕਿਆ ਗਿਆ ਮਹੱਤਵਪੂਰਨ ਕਦਮ ਕਰਾਰ ਦਿੱਤਾ।