ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਰਿਮਾਂਡ ਵਿੱਚ ਹੋਰ ਵਾਧਾ ਦੋ ਦਿਨ ਲਈ ਈ.ਡੀ. ਦੀ ਹਿਰਾਸਤ 'ਚ ਭੇਜਿਆ
_16May26055202AM.jfif)
ਕਰੋੜਾਂ ਰੁਪਏ ਦੇ ਗ਼ੈਰ-ਕਾਨੂੰਨੀ ਲੈਣ-ਦੇਣ (ਮਨੀ ਲਾਂਡਰਿੰਗ) ਦੇ ਮਾਮਲੇ ਵਿੱਚ ਘਿਰੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ। ਗੁਰੂਗ੍ਰਾਮ ਦੀ ਇੱਕ ਵਿਸ਼ੇਸ਼ ਅਦਾਲਤ ਨੇ ਅੱਜ ਮੰਤਰੀ ਅਰੋੜਾ ਦੇ ਰਿਮਾਂਡ ਵਿੱਚ ਦੋ ਦਿਨਾਂ ਦਾ ਹੋਰ ਵਾਧਾ ਕਰਦਿਆਂ ਉਨ੍ਹਾਂ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਜਾਂਚ ਏਜੰਸੀ ਵੱਲੋਂ 9 ਮਈ ਨੂੰ ਕੀਤੀ ਗਈ ਗ੍ਰਿਫ਼ਤਾਰੀ ਤੋਂ ਬਾਅਦ ਅਰੋੜਾ ਦਾ ਸੱਤ ਦਿਨਾਂ ਦਾ ਰਿਮਾਂਡ ਅੱਜ ਖ਼ਤਮ ਹੋ ਰਿਹਾ ਸੀ। ਈ.ਡੀ. ਨੇ ਅੱਜ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੰਜ ਦਿਨਾਂ ਦੇ ਹੋਰ ਰਿਮਾਂਡ ਦੀ ਮੰਗ ਕੀਤੀ ਸੀ। ਕੇਂਦਰੀ ਜਾਂਚ ਏਜੰਸੀ ਨੇ ਅਦਾਲਤ ਸਾਹਮਣੇ ਦਲੀਲ ਦਿੱਤੀ ਕਿ ਇਸ ਘਪਲੇ ਦੀਆਂ ਪਰਤਾਂ ਖੋਲ੍ਹਣ ਲਈ ਅਜੇ ਪੁੱਛਗਿੱਛ ਅਤੇ ਜਾਂਚ ਪ੍ਰਕਿਰਿਆ ਅਧੂਰੀ ਹੈ, ਜਿਸ ਤੋਂ ਬਾਅਦ ਅਦਾਲਤ ਨੇ ਦੋ ਦਿਨਾਂ ਦੀ ਹੋਰ ਹਿਰਾਸਤ ਪ੍ਰਵਾਨ ਕਰ ਲਈ।
'ਆਪ' ਵੱਲੋਂ ਵਿਰੋਧ ਅਤੇ ਵਿਭਾਗਾਂ ਦੀ ਵੰਡ
ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਭੱਖ ਚੁੱਕੀ ਹੈ। ਆਮ ਆਦਮੀ ਪਾਰਟੀ (ਆਪ) ਨੇ ਇਸ ਕਾਰਵਾਈ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦਿਆਂ ਪੂਰੇ ਪੰਜਾਬ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਤਿੱਖੇ ਪ੍ਰਦਰਸ਼ਨ ਕੀਤੇ ਸਨ।
ਪ੍ਰਸ਼ਾਸਨਿਕ ਕੰਮਾਂ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਲਈ 'ਆਪ' ਸਰਕਾਰ ਨੇ ਕਾਰਵਾਈ ਕਰਦਿਆਂ ਮੰਤਰੀ ਅਰੋੜਾ ਕੋਲ ਮੌਜੂਦ ਤਿੰਨ ਮਹੱਤਵਪੂਰਨ ਵਿਭਾਗ ਵਾਪਸ ਲੈ ਕੇ ਦੂਜੇ ਕੈਬਨਿਟ ਮੰਤਰੀਆਂ ਨੂੰ ਸੌਂਪ ਦਿੱਤੇ ਸਨ।
ਦੂਜੇ ਪਾਸੇ, ਹਿਰਾਸਤ ਵਿੱਚ ਚੱਲ ਰਹੇ ਮੰਤਰੀ ਸੰਜੀਵ ਅਰੋੜਾ ਨੇ ਜਾਂਚ ਏਜੰਸੀ ਦੀ ਇਸ ਕਾਰਵਾਈ ਨੂੰ ਗ਼ੈਰ-ਕਾਨੂੰਨੀ ਦੱਸਦਿਆਂ ਇਸ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਵੀ ਖੜਕਾਇਆ ਹੈ, ਜਿੱਥੇ ਆਉਣ ਵਾਲੇ ਦਿਨਾਂ ਵਿੱਚ ਇਸ 'ਤੇ ਸੁਣਵਾਈ ਹੋਣ ਦੀ ਉਮੀਦ ਹੈ।