ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਖ਼ਤ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ, ਕੀਤਾ ਗੁਰੂ ਮਹਾਰਾਜ ਦਾ ਸ਼ੁਕਰਾਨਾ

ਪਟਨਾ,  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਪਤਨੀ, ਮਾਤਾ ਅਤੇ ਬੱਚੀ ਸਮੇਤ ਅੱਜ ਤਖਤ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਜਿੱਥੇ ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਮਹਾਂਸਚਿਵ ਇੰਦਰਜੀਤ ਸਿੰਘ, ਉਪ ਪ੍ਰਧਾਨ ਗੁਰਵਿੰਦਰ ਸਿੰਘ, ਪ੍ਰਵਕਤਾ ਸੁਦੀਪ ਸਿੰਘ, ਹਰਦੇਵ ਸਿੰਘ ਸੋਹੀ, ਮਨਵਿੰਦਰ ਸਿੰਘ, ਸੁਪਰਿੰਟੈਂਡੈਂਟ ਦਲਜੀਤ ਸਿੰਘ ਅਤੇ ਮੈਨੇਜਰ ਹਰਜੀਤ ਸਿੰਘ ਵੱਲੋਂ ਹਵਾਈ ਅੱਡੇ &lsquoਤੇ ਫੁੱਲਾਂ ਦੇ ਗੁਲਦਸਤੇ ਨਾਲ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਤਖ਼ਤ ਪਟਨਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਜਥੇਦਾਰ ਗਿਆਨੀ ਬਲਦੇਵ ਸਿੰਘ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤਾ ਗਿਆ ਅਤੇ ਉਨ੍ਹਾਂ ਨੇ ਪਰਿਵਾਰ ਸਮੇਤ ਕੀਰਤਨ ਸਰਵਣ ਕੀਤਾ ਅਤੇ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਅਤੇ ਮਾਤਾ ਸਾਹਿਬ ਕੌਰ ਜੀ ਦੇ ਜੋੜਾ ਸਾਹਿਬ ਦੇ ਦਰਸ਼ਨ ਵੀ ਕੀਤੇ। ਇਸ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ ਗਈ ਅਤੇ ਤਖ਼ਤ ਸਾਹਿਬ ਕਮੇਟੀ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਕਿਰਪਾਨ ਭੇਟ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਵੱਲੋਂ ਤਖ਼ਤ ਸਾਹਿਬ ਦੀ ਪੱਤ੍ਰਿਕਾ ਗੋਬਿੰਦ ਪ੍ਰਕਾਸ਼ ਦੇ ਮਈ ਮਹੀਨੇ ਦੇ ਅੰਕ ਦਾ ਵਿਮੋਚਨ ਵੀ ਕੀਤਾ ਗਿਆ। ਇਸ ਤੋਂ ਬਾਅਦ ਭਗਵੰਤ ਮਾਨ ਪਰਿਵਾਰ ਸਮੇਤ ਗੁਰਦੁਆਰਾ ਗੁਰੂ ਕਾ ਬਾਗ ਪਹੁੰਚੇ ਜਿੱਥੇ ਉਨ੍ਹਾਂ ਨੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਦੇ ਹੋਏ ਪੌਧਾ ਵੀ ਲਗਾਇਆ ਕਿਉਂਕਿ ਉਨ੍ਹਾਂ ਦੇ ਪਰਿਵਾਰ ਦਾ ਮੰਨਣਾ ਹੈ ਕਿ ਇਸੀ ਸਥਾਨ &lsquoਤੇ ਅਰਦਾਸ ਕਰਨ ਨਾਲ ਉਨ੍ਹਾਂ ਨੂੰ ਬੱਚੇ ਦੀ ਦਾਤ ਪ੍ਰਾਪਤ ਹੋਈ ਸੀ। ਇਸ ਤੋਂ ਬਾਅਦ ਉਹ ਗੁਰਦੁਆਰਾ ਬਾਲ ਲੀਲਾ ਵਿਖੇ ਵੀ ਨਤਮਸਤਕ ਹੋਣ ਪਹੁੰਚੇ ਜਿੱਥੇ ਕਾਰ ਸੇਵਾ ਵਾਲੇ ਬਾਬਾ ਭੂਰੀ ਜੀ ਦੇ ਮੁਖੀ ਬਾਬਾ ਗੁਰਵਿੰਦਰ ਸਿੰਘ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਦਾ ਸੌਭਾਗ ਹੈ ਕਿ ਉਨ੍ਹਾਂ ਨੂੰ ਇੱਕ ਵਾਰ ਫਿਰ ਤਖਤ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਦਾ ਮੌਕਾ ਮਿਲਿਆ ਹੈ ਅਤੇ ਉਨ੍ਹਾਂ ਨੇ ਤਖ਼ਤ ਸਾਹਿਬ ਵਿੱਚ ਪ੍ਰਬੰਧ, ਲੰਗਰ ਅਤੇ ਸਫ਼ਾਈ ਆਦਿ ਦੀ ਵਿਵਸਥਾ ਲਈ ਪ੍ਰਬੰਧਕ ਕਮੇਟੀ ਖ਼ਾਸ ਕਰਕੇ ਪ੍ਰਧਾਨ ਜਗਜੋਤ ਸਿੰਘ ਸੋਹੀ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਤੋਂ ਆਉਣ ਵਾਲੀ ਸੰਗਤ ਵੱਲੋਂ ਵੀ ਇੱਥੋਂ ਦੇ ਪ੍ਰਬੰਧਾਂ ਦੀ ਬਹੁਤ ਪ੍ਰਸ਼ੰਸਾ ਕੀਤੀ ਜਾਂਦੀ ਹੈ।