ਆਮ ਆਦਮੀ ਪਾਰਟੀ ਦੀ ਸਰਕਾਰ ਦਾ ਨਵਾਂ ਬੇਅਦਬੀ ਕਾਨੂੰਨ ਅਕਾਲੀ ਦਲ ਨੂੰ ਮਨਜ਼ੂਰ ਨਹੀਂ: ਸੁਖਬੀਰ ਸਿੰਘ ਬਾਦਲ

ਧਰਮਕੋਟ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਬਣਾਏ ਗਏ ਨਵੇਂ ਬੇਅਦਬੀ ਕਾਨੂੰਨ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਧਰਮਕੋਟ ਵਿਖੇ ਮਰਹੂਮ ਸਿੱਖ ਆਗੂ ਜਥੇਦਾਰ ਤੋਤਾ ਸਿੰਘ ਦੇ ਚੌਥੀ ਬਰਸੀ ਸਮਾਗਮ ਵਿੱਚ ਸ਼ਿਰਕਤ ਕਰਨ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਨੂੰਨੀ ਮਾਹਿਰਾਂ ਅਨੁਸਾਰ ਇਸ ਨਵੇਂ ਕਾਨੂੰਨ ਵਿੱਚ ਕਈ ਵੱਡੀਆਂ ਖ਼ਾਮੀਆਂ ਅਤੇ ਤਰੁੱਟੀਆਂ ਹਨ, ਜਿਸ ਕਾਰਨ ਅਕਾਲੀ ਦਲ ਇਸ ਨੂੰ ਪ੍ਰਵਾਨ ਨਹੀਂ ਕਰਦਾ।

ਸੁਖਬੀਰ ਸਿੰਘ ਬਾਦਲ ਨੇ ਸਰਕਾਰ ਦੀ ਨੀਅਤ &lsquoਤੇ ਸਵਾਲ ਚੁੱਕਦਿਆਂ ਕਿਹਾ ਕਿ ਇਸ ਕਾਨੂੰਨ ਦੇ ਤਹਿਤ ਪਿੰਡਾਂ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਪਾਠੀ ਸਿੰਘਾਂ ਨੂੰ ਕਾਨੂੰਨੀ ਘੇਰੇ ਵਿੱਚ ਲਿਆਂਦਾ ਗਿਆ ਹੈ, ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਕਾਨੂੰਨ ਦੀ ਗਲਤ ਵਰਤੋਂ ਹੋਣ ਦਾ ਰਾਹ ਪੱਧਰਾ ਹੋ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਅਕਾਲੀ ਦਲ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਬਣਾਉਣ ਦੇ ਹੱਕ ਵਿੱਚ ਹੈ, ਪਰ ਅਜਿਹੇ ਸੰਵੇਦਨਸ਼ੀਲ ਕਾਨੂੰਨਾਂ ਪਿੱਛੇ ਸਰਕਾਰਾਂ ਦਾ ਕੋਈ ਨਿੱਜੀ ਸਵਾਰਥ ਜਾਂ ਸਿਆਸੀ ਮੁਫ਼ਾਦ ਨਹੀਂ ਛਿਪਿਆ ਹੋਣਾ ਚਾਹੀਦਾ।

ਉਨ੍ਹਾਂ ਅੱਗੇ ਆਖਿਆ ਕਿ ਸਿੱਖ ਧਰਮ ਅਤੇ ਗੁਰਦੁਆਰਾ ਪ੍ਰਬੰਧ ਨਾਲ ਜੁੜੇ ਕਿਸੇ ਵੀ ਕਾਨੂੰਨ ਨੂੰ ਬਣਾਉਣ ਜਾਂ ਉਸ ਵਿੱਚ ਸੋਧ ਕਰਨ ਤੋਂ ਪਹਿਲਾਂ ਸਰਕਾਰ ਨੂੰ ਲਾਜ਼ਮੀ ਤੌਰ &lsquoਤੇ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਹਿਮਤੀ ਅਤੇ ਪ੍ਰਵਾਨਗੀ ਲੈਣੀ ਚਾਹੀਦੀ ਸੀ। ਇਸ ਮੌਕੇ ਉਨ੍ਹਾਂ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਦੀ ਸੱਤਾ ਵਿੱਚ ਵਾਪਸੀ ਦਾ ਦਾਅਵਾ ਵੀ ਕੀਤਾ।