ਗੁਰੂ ਨਗਰੀ ਦੇ ਕਈ ਵਿਦਿਅਕ ਅਦਾਰਿਆਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਚਿੱਠੀ, ਸੁਰੱਖਿਆ ਦਸਤੇ ਤਾਇਨਾਤ, ਜਾਂਚ ਸ਼ੁਰੂ

ਅੰਮ੍ਰਿਤਸਰ: ਅੰਮ੍ਰਿਤਸਰ ਸ਼ਹਿਰ ਦੇ ਕਈ ਵਿਦਿਅਕ ਅਦਾਰਿਆਂ ਨੂੰ ਵੀਰਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਕੰਪਿਊਟਰੀ ਚਿੱਠੀ (ਈਮੇਲ) ਮਿਲਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਹ ਧਮਕੀ ਮਿਲਦਿਆਂ ਹੀ ਪ੍ਰਬੰਧਕਾਂ ਵੱਲੋਂ ਤੁਰੰਤ ਸੁਰੱਖਿਆ ਕਰਮਚਾਰੀਆਂ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਖ਼ਾਸ ਸੁਰੱਖਿਆ ਬਲ, ਵਿਸਫੋਟਕ ਨਿਰੋਧਕ ਦਸਤੇ ਅਤੇ ਜਾਂਚ ਏਜੰਸੀਆਂ ਦੀਆਂ ਟੋਲੀਆਂ ਨੇ ਮੌਕੇ &lsquoਤੇ ਪਹੁੰਚ ਕੇ ਮੋਰਚਾ ਸੰਭਾਲ ਲਿਆ।

ਵਿਦਿਆਰਥੀਆਂ ਅਤੇ ਉੱਥੇ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ, ਸੁਰੱਖਿਆ ਦਸਤਿਆਂ ਵੱਲੋਂ ਅਦਾਰਿਆਂ ਦੇ ਪੂਰੇ ਅਹਾਤੇ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਉੱਚ ਅਧਿਕਾਰੀਆਂ ਮੁਤਾਬਕ ਮਾਮਲੇ ਦੀ ਪੜਤਾਲ ਬਹੁਤ ਗੰਭੀਰਤਾ ਨਾਲ ਕੀਤੀ ਜਾ ਰਹੀ ਹੈ ਅਤੇ ਇਸ ਅਪਰਾਧਿਕ ਹਰਕਤ ਨੂੰ ਅੰਜਾਮ ਦੇਣ ਵਾਲੇ ਸ਼ਰਾਰਤੀ ਅਨਸਰ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।