ਪ੍ਰੀਤ ਕੌਰ ਗਿੱਲ ਦੀ ਮੰਤਰੀ ਅਹੁਦੇ ’ਤੇ ਨਿਯੁਕਤੀ ਦਾ ਇੰਡੀਅਨ ਵਰਕਰਜ਼ ਐਸੋਸੀਏਸ਼ਨ ਗ੍ਰੇਟ ਬ੍ਰਿਟੇਨ ਵੱਲੋਂ ਸਵਾਗਤ

 ਲੈਸਟਰ (ਇੰਗਲੈਂਡ), 24 ਮਈ (ਸੁਖਜਿੰਦਰ ਸਿੰਘ ਢੱਡੇ)- ਇੰਡੀਅਨ ਵਰਕਰਜ਼ ਐਸੋਸੀਏਸ਼ਨ ਗ੍ਰੇਟ ਬ੍ਰਿਟੇਨ ਵੱਲੋਂ ਪ੍ਰੀਤ ਕੌਰ ਗਿੱਲ ਨੂੰ ਸਿਹਤ ਅਤੇ ਸਮਾਜਿਕ ਦੇਖਭਾਲ ਵਿਭਾਗ ਵਿੱਚ ਸੰਸਦੀ ਉਪ ਮੰਤਰੀ ਨਿਯੁਕਤ ਕੀਤੇ ਜਾਣ &rsquoਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਸਿੱਖ, ਪੰਜਾਬੀ, ਭਾਰਤੀ ਅਤੇ ਸਮੂਹ ਏਸ਼ੀਆਈ ਭਾਈਚਾਰਿਆਂ ਲਈ ਮਾਣ ਵਾਲਾ ਪਲ ਕਰਾਰ ਦਿੱਤਾ ਗਿਆ ਹੈ।
ਬਰਮਿੰਘਮ ਐਜਬਾਸਟਨ ਤੋਂ ਲੇਬਰ ਪਾਰਟੀ ਦੀ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਹੁਣ ਸਰਕਾਰ ਵਿੱਚ ਅਹਿਮ ਜ਼ਿੰਮੇਵਾਰੀ ਨਿਭਾਉਣ ਵਾਲੀਆਂ ਪ੍ਰਮੁੱਖ ਸਿੱਖ ਮਹਿਲਾਵਾਂ ਵਿੱਚ ਸ਼ਾਮਲ ਹੋ ਗਈਆਂ ਹਨ। ਇੰਡੀਅਨ ਵਰਕਰਜ਼ ਐਸੋਸੀਏਸ਼ਨ ਗ੍ਰੇਟ ਬ੍ਰਿਟੇਨ ਨੇ ਕਿਹਾ ਕਿ ਇਹ ਨਿਯੁਕਤੀ ਬਰਤਾਨੀਆ ਦੇ ਜਨਤਕ ਜੀਵਨ ਵਿੱਚ ਵਿਭਿੰਨਤਾ ਅਤੇ ਨੁਮਾਇੰਦਗੀ ਵੱਲ ਇੱਕ ਹੋਰ ਅਹਿਮ ਕਦਮ ਹੈ।
ਇਸ ਸਬੰਧੀ ਪ੍ਰਤੀਕਿਰਿਆ ਦਿੰਦਿਆਂ ਇੰਡੀਅਨ ਵਰਕਰਜ਼ ਐਸੋਸੀਏਸ਼ਨ ਗ੍ਰੇਟ ਬ੍ਰਿਟੇਨ ਦੇ ਜਨਰਲ ਸਕੱਤਰ ਸੀਤਲ ਸਿੰਘ ਗਿੱਲ ਨੇ ਕਿਹਾ ਕਿ ਪ੍ਰੀਤ ਕੌਰ ਗਿੱਲ ਦੀ ਨਿਯੁਕਤੀ ਨਾ ਸਿਰਫ਼ ਸਿੱਖ ਅਤੇ ਪੰਜਾਬੀ ਭਾਈਚਾਰੇ ਲਈ, ਸਗੋਂ ਪੂਰੇ ਬਰਤਾਨੀਆ ਵਿੱਚ ਵੱਸਦੇ ਭਾਰਤੀ ਅਤੇ ਏਸ਼ੀਆਈ ਮੂਲ ਦੇ ਲੋਕਾਂ ਲਈ ਵੀ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਇਸ ਗੱਲ ਦਾ ਸਬੂਤ ਹੈ ਕਿ ਸਾਡੇ ਭਾਈਚਾਰੇ ਬਰਤਾਨਵੀ ਸਮਾਜ ਅਤੇ ਜਨਤਕ ਜੀਵਨ ਵਿੱਚ ਲਗਾਤਾਰ ਸਕਾਰਾਤਮਕ ਯੋਗਦਾਨ ਪਾ ਰਹੇ ਹਨ।
ਉਨ੍ਹਾਂ ਕਿਹਾ ਕਿ ਪ੍ਰੀਤ ਕੌਰ ਗਿੱਲ ਨੇ ਲੋਕ ਸੇਵਾ ਵਿੱਚ ਆਪਣੀ ਲਗਨ, ਨਿਭਾਅ ਅਤੇ ਸਮਰਪਣ ਦਾ ਪ੍ਰਮਾਣ ਦਿੱਤਾ ਹੈ। ਉਨ੍ਹਾਂ ਦੀ ਇਹ ਨਿਯੁਕਤੀ ਖ਼ਾਸ ਕਰਕੇ ਘੱਟ ਗਿਣਤੀ ਭਾਈਚਾਰਿਆਂ ਨਾਲ ਸੰਬੰਧਿਤ ਨੌਜਵਾਨ ਮਹਿਲਾਵਾਂ ਲਈ ਪ੍ਰੇਰਣਾ ਸਰੂਪ ਹੈ ਕਿ ਮਿਹਨਤ ਅਤੇ ਦ੍ਰਿੜ ਨਿਸ਼ਚੇ ਨਾਲ ਹਰ ਰੁਕਾਵਟ ਨੂੰ ਪਾਰ ਕੀਤਾ ਜਾ ਸਕਦਾ ਹੈ।
ਸੀਤਲ ਸਿੰਘ ਗਿੱਲ ਨੇ ਕਿਹਾ ਕਿ ਅਜਿਹੇ ਸਮੇਂ ਵਿੱਚ ਜਦੋਂ ਬਰਾਬਰੀ ਅਤੇ ਨੁਮਾਇੰਦਗੀ ਦੀ ਮਹੱਤਤਾ ਹੋਰ ਵੱਧ ਗਈ ਹੈ, ਵੱਖ-ਵੱਖ ਭਾਈਚਾਰਿਆਂ ਨਾਲ ਸੰਬੰਧਿਤ ਯੋਗ ਵਿਅਕਤੀਆਂ ਨੂੰ ਸਰਕਾਰ ਵਿੱਚ ਅਗਵਾਈ ਵਾਲੀਆਂ ਭੂਮਿਕਾਵਾਂ ਮਿਲਣਾ ਹੌਸਲਾ ਅਫਜ਼ਾਈ ਵਾਲੀ ਗੱਲ ਹੈ। ਉਨ੍ਹਾਂ ਪ੍ਰੀਤ ਕੌਰ ਗਿੱਲ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਵਧਾਈ ਦਿੰਦਿਆਂ ਕਿਹਾ ਕਿ ਉਮੀਦ ਹੈ ਉਹ ਇੱਕ ਨਿਰਪੱਖ ਅਤੇ ਸਿਹਤਮੰਦ ਸਮਾਜ ਦੀ ਉਸਾਰੀ ਲਈ ਆਪਣਾ ਯੋਗਦਾਨ ਜਾਰੀ ਰੱਖਣਗੇ।
ਇੰਡੀਅਨ ਵਰਕਰਜ਼ ਐਸੋਸੀਏਸ਼ਨ ਗ੍ਰੇਟ ਬ੍ਰਿਟੇਨ ਨੇ ਕਿਹਾ ਕਿ ਇਹ ਨਿਯੁਕਤੀ ਬਰਤਾਨੀਆ ਦੇ ਵਿਭਿੰਨ ਭਾਈਚਾਰਿਆਂ ਦੀ ਲਗਾਤਾਰ ਤਰੱਕੀ ਨੂੰ ਦਰਸਾਉਂਦੀ ਹੈ ਅਤੇ ਇਸ ਨਾਲ ਰਾਜਨੀਤਿਕ ਅਤੇ ਜਨਤਕ ਸੰਸਥਾਵਾਂ ਵਿੱਚ ਘੱਟ ਗਿਣਤੀ ਭਾਈਚਾਰਿਆਂ ਦੀ ਭਾਗੀਦਾਰੀ ਹੋਰ ਮਜ਼ਬੂਤ ਹੋਵੇਗੀ।