ਸਰਨਾ ਨੇ ਸੀਬੀਆਈ ਨੂੰ ਕੀਤਾ ਸਵਾਲ ਭਾਈ ਹਵਾਰਾ ਲਈ ਵਿਰੋਧ 'ਤੇ ਰਾਮ ਰਹੀਮ ਲਈ ਰਾਹਤ ਕਿਉਂ?

ਨਵੀਂ ਦਿੱਲੀ,  (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸੀਬੀਆਈ ਦੇ ਡਾਇਰੈਕਟਰ ਪ੍ਰਵੀਣ ਸੂਦ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਹੈ। ਸਰਨਾ ਨੇ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦਾ ਵਿਰੋਧ ਕਰਨ ਅਤੇ ਦੂਜੇ ਪਾਸੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਵਾਰ-ਵਾਰ ਪੈਰੋਲ ਮਿਲਣ &lsquoਤੇ ਸਵਾਲ ਖੜ੍ਹੇ ਕੀਤੇ ਹਨ। ਸੀਬੀਆਈ ਡਾਇਰੈਕਟਰ ਨੂੰ ਲਿਖੇ ਪੱਤਰ ਵਿੱਚ ਸਰਨਾ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਭਾਈ ਹਵਾਰਾ ਦੀ ਪੈਰੋਲ ਦਾ ਵਿਰੋਧ ਕਰਨ ਨਾਲ ਸਿੱਖ ਭਾਈਚਾਰੇ ਵਿੱਚ ਗੰਭੀਰ ਚਿੰਤਾ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਰਾਮ ਰਹੀਮ, ਜੋ ਬਲਾਤਕਾਰ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ, ਨੂੰ 2017 ਤੋਂ ਹੁਣ ਤੱਕ 16 ਵਾਰ ਪੈਰੋਲ ਜਾਂ ਫਰਲੋ ਮਿਲ ਚੁੱਕੀ ਹੈ ਅਤੇ ਉਹ ਮੁੜ 30 ਦਿਨਾਂ ਦੀ ਪੈਰੋਲ &lsquoਤੇ ਜੇਲ੍ਹ ਤੋਂ ਬਾਹਰ ਆਇਆ ਹੈ। ਸਰਨਾ ਨੇ ਕਿਹਾ ਕਿ ਇਕ ਪਾਸੇ ਗੰਭੀਰ ਅਪਰਾਧਾਂ ਵਿੱਚ ਦੋਸ਼ੀ ਕਰਾਰ ਦਿੱਤੇ ਵਿਅਕਤੀ ਨੂੰ ਵਾਰ-ਵਾਰ ਰਾਹਤ ਮਿਲ ਰਹੀ ਹੈ, ਜਦਕਿ ਭਾਈ ਜਗਤਾਰ ਸਿੰਘ ਹਵਾਰਾ ਦੇ ਮਾਮਲੇ ਵਿੱਚ ਪੈਰੋਲ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਨਾਲ ਕਾਨੂੰਨੀ ਮਾਪਦੰਡਾਂ ਦੇ ਚੁਣਿੰਦੇ ਤਰੀਕੇ ਨਾਲ ਲਾਗੂ ਹੋਣ ਦੀ ਧਾਰਣਾ ਮਜ਼ਬੂਤ ਹੋ ਰਹੀ ਹੈ ਅਤੇ ਸਿੱਖਾਂ ਵਿੱਚ ਨਾਰਾਜ਼ਗੀ ਵਧ ਰਹੀ ਹੈ। ਸਰਨਾ ਨੇ ਆਪਣੇ ਸਾਥੀਆਂ ਦੇ ਵਫ਼ਦ ਸਮੇਤ ਸੀਬੀਆਈ ਡਾਇਰੈਕਟਰ ਨਾਲ ਮੁਲਾਕਾਤ ਕਰਕੇ ਇਸ ਮਾਮਲੇ &lsquoਚ ਸਪਸ਼ਟੀਕਰਨ ਮੰਗਣ ਦੀ ਗੱਲ ਕਹੀ ਹੈ।