ਸੀਰੀਆ ਤੋਂ 19 ਆਸਟ੍ਰੇਲੀਆਈ ਨਾਗਰਿਕ ਲਿਆਂਦੇ ਜਾਣਗੇ ਵਾਪਿਸ

ਮੈਲਬੌਰਨ: ਆਸਟ੍ਰੇਲੀਆ ਦੀ ਸਰਕਾਰ ਨੇ ਜਾਣਕਾਰੀ ਦਿੱਤੀ ਹੈ ਕਿ ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕਾਂ ਨੂੰ ਸੀਰੀਆ ਤੋਂ ਵਾਪਿਸ ਲਿਆਂਦਾ ਜਾ ਰਿਹਾ ਹੈ। ਇਸ ਸਮੂਹ ਵਿੱਚ ਸੱਤ ਔਰਤਾਂ ਅਤੇ 12 ਬੱਚੇ ਸ਼ਾਮਿਲ ਹਨ, ਜਿਨ੍ਹਾਂ ਦੇ ਮੰਗਲਵਾਰ ਨੂੰ ਸਿਡਨੀ ਅਤੇ ਮੈਲਬੌਰਨ ਪਹੁੰਚਣ ਦੀ ਉਮੀਦ ਹੈ।
ਇਸ ਤੋਂ ਪਹਿਲਾਂ ਵੀ ਅਜਿਹੇ ਹਾਲਾਤਾਂ ਵਿੱਚ ਫਸੇ 13 ਲੋਕਾਂ ਨੂੰ ਆਸਟ੍ਰੇਲੀਆ ਵਾਪਸ ਲਿਆਂਦਾ ਜਾ ਚੁੱਕਾ ਹੈ। ਪਹਿਲਾਂ ਵਾਪਸ ਆਈਆਂ ਚਾਰ ਔਰਤਾਂ ਵਿੱਚੋਂ ਤਿੰਨ &rsquoਤੇ ਗੁਲਾਮੀ ਅਤੇ ਅੱਤਵਾਦ ਨਾਲ ਜੁੜੇ ਮਾਮਲਿਆਂ ਵਿੱਚ ਦੋਸ਼ ਲਗਾਏ ਗਏ ਸਨ ਅਤੇ ਉਹ ਇਸ ਵੇਲੇ ਜੇਲ੍ਹ ਵਿੱਚ ਹਨ।
ਆਸਟ੍ਰੇਲੀਆ ਦੇ ਗ੍ਰਹਿ ਮੰਤਰੀ ਟੋਨੀ ਬਰਕ ਨੇ ਕਿਹਾ ਕਿ ਜੇਕਰ ਵਾਪਸ ਆ ਰਹੇ ਲੋਕਾਂ ਵਿੱਚੋਂ ਕੋਈ ਵੀ ਅਪਰਾਧਿਕ ਜਾਂ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ iਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਸਰਕਾਰ ਨੇ ਇਸ ਸਮੂਹ ਨੂੰ ਕੋਈ ਖਾਸ ਸਹਾਇਤਾ ਨਹੀਂ ਦਿੱਤੀ ਅਤੇ ਨਾ ਹੀ ਦਿੱਤੀ ਜਾਵੇਗੀ। ਟੋਨੀ ਬਰਕ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਇੱਕ ਖ਼ਤਰਨਾਕ ਅੱਤਵਾਦੀ ਸੰਗਠਨ ਨਾਲ ਜੁੜਨ ਦਾ ਗਲਤ ਫ਼ੈਸਲਾ ਕੀਤਾ ਅਤੇ ਆਪਣੇ ਬੱਚਿਆਂ ਨੂੰ ਵੀ ਖ਼ਤਰਨਾਕ ਹਾਲਾਤਾਂ ਵਿੱਚ ਪਾ ਦਿੱਤਾ।
ਇਹ ਮਾਮਲਾ ਇਕ ਵਾਰ ਫਿਰ ਦੁਨੀਆਂ ਭਰ ਵਿੱਚ ਉਨ੍ਹਾਂ ਨਾਗਰਿਕਾਂ ਨੂੰ ਵਾਪਿਸ ਲਿਆਂਦੇ ਜਾਣ ਬਾਰੇ ਚਰਚਾ ਨੂੰ ਤੇਜ਼ ਕਰ ਰਿਹਾ ਹੈ, ਜੋ ਪਿਛਲੇ ਸਾਲਾਂ ਦੌਰਾਨ ਇਸਲਾਮਿਕ ਸਟੇਟ ਨਾਲ ਜੁੜੇ ਰਹੇ ਹਨ।