ਪੰਜਾਬ ਦੀਆਂ 4 ਨਗਰ ਕੌਂਸਲਾਂ ਲਈ ਚੋਣਾਂ 13 ਜੂਨ ਨੂੰ

ਚੰਡੀਗੜ੍ਹ: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਦੀਨਾਨਗਰ, ਗੁਰਦਾਸਪੁਰ, ਕਾਦੀਆਂ ਅਤੇ ਸ਼ਾਮਚੌਰਾਸੀ ਨਗਰ ਕੌਂਸਲਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਸਬੰਧਤ ਖੇਤਰਾਂ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ, ਜੋ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਜਾਰੀ ਰਹੇਗਾ।
ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ ਉਮੀਦਵਾਰ 30 ਮਈ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ। ਨਾਮਜ਼ਦਗੀਆਂ ਸਬੰਧਤ ਰਿਟਰਨਿੰਗ ਅਫਸਰ ਦੇ ਦਫ਼ਤਰ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਜਮ੍ਹਾਂ ਕਰਵਾਈਆਂ ਜਾਣਗੀਆਂ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 3 ਜੂਨ ਦੁਪਹਿਰ 3 ਵਜੇ ਤੱਕ ਨਿਰਧਾਰਤ ਕੀਤੀ ਗਈ ਹੈ, ਜਦਕਿ 4 ਜੂਨ ਨੂੰ ਨਾਮਜ਼ਦਗੀਆਂ ਦੀ ਜਾਂਚ ਕੀਤੀ ਜਾਵੇਗੀ।
ਕਮਿਸ਼ਨ ਮੁਤਾਬਕ ਉਮੀਦਵਾਰ 5 ਜੂਨ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਵੋਟਿੰਗ 13 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਵੋਟਾਂ ਦੀ ਗਿਣਤੀ ਵੀ ਉਸੇ ਦਿਨ ਵੋਟਿੰਗ ਖਤਮ ਹੋਣ ਤੁਰੰਤ ਬਾਅਦ ਕੀਤੀ ਜਾਵੇਗੀ।
ਚੋਣ ਕਮਿਸ਼ਨ ਨੇ ਕਿਹਾ ਹੈ ਕਿ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ। ਚੋਣਾਂ ਦੇ ਐਲਾਨ ਨਾਲ ਹੀ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ ਅਤੇ ਸਬੰਧਤ ਇਲਾਕਿਆਂ ਵਿੱਚ ਚੋਣੀ ਮਾਹੌਲ ਬਣਨਾ ਸ਼ੁਰੂ ਹੋ ਗਿਆ ਹੈ।