ਬੇਅਦਬੀ ਕਾਨੂੰਨ ਨੂੰ ਲੈ ਕੇ ਪੰਥਕ ਧਿਰਾਂ ਦੀ ਅਹਿਮ ਬੈਠਕ ਅੱਜ, ਅਗਲੀ ਰਣਨੀਤੀ 'ਤੇ ਹੋਵੇਗੀ ਚਰਚਾ
_30May26072157AM.jfif)
 ਅੰਮ੍ਰਿਤਸਰ,  : ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨਾਲ ਸਬੰਧਤ ਸੋਧੇ ਹੋਏ ਕਾਨੂੰਨ ਨੂੰ ਲੈ ਕੇ ਉੱਠੇ ਵਿਵਾਦ ਦਰਮਿਆਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 31 ਮਈ ਨੂੰ ਗੁਰਦੁਆਰਾ ਨੌਵੀਂ ਪਾਤਸ਼ਾਹੀ, ਬਾਬਾ ਬਕਾਲਾ ਵਿਖੇ ਪੰਥਕ ਇਕੱਠ ਸੱਦਿਆ ਗਿਆ ਹੈ। ਇਸ ਵਿੱਚ ਵੱਖ-ਵੱਖ ਪੰਥਕ ਜਥੇਬੰਦੀਆਂ ਅਤੇ ਸਿੱਖ ਨੁਮਾਇੰਦਿਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਇਕੱਠ ਸੂਬਾ ਸਰਕਾਰ ਵੱਲੋਂ ਬੇਅਦਬੀ ਮਾਮਲਿਆਂ ਸਬੰਧੀ ਕੀਤੀਆਂ ਗਈਆਂ ਕਾਨੂੰਨੀ ਸੋਧਾਂ ਦੇ ਪ੍ਰਸੰਗ ਵਿੱਚ ਬੁਲਾਇਆ ਗਿਆ ਹੈ। ਪੰਥਕ ਧਿਰਾਂ ਦਾ ਮੰਨਣਾ ਹੈ ਕਿ ਕਾਨੂੰਨ ਦੀਆਂ ਕੁਝ ਧਾਰਾਵਾਂ ਸਿੱਖ ਧਾਰਮਿਕ ਮਾਮਲਿਆਂ ਨਾਲ ਜੁੜੇ ਅਧਿਕਾਰਾਂ ਅਤੇ ਪ੍ਰਬੰਧਾਂ ਬਾਰੇ ਸਵਾਲ ਖੜ੍ਹੇ ਕਰਦੀਆਂ ਹਨ।
ਇਸ ਮਾਮਲੇ ਨੂੰ ਲੈ ਕੇ ਪਹਿਲਾਂ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਚਾਰ-ਵਟਾਂਦਰਾ ਕੀਤਾ ਗਿਆ ਸੀ, ਜਿੱਥੇ ਸੰਬੰਧਤ ਧਿਰਾਂ ਨੂੰ ਆਪਣੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਸਰਕਾਰ ਨੂੰ ਕੁਝ ਇਤਰਾਜ਼ਾਂ ਉੱਤੇ ਮੁੜ ਵਿਚਾਰ ਕਰਨ ਲਈ ਸਮਾਂ ਵੀ ਦਿੱਤਾ ਗਿਆ ਸੀ।
ਹੁਣ ਨਿਰਧਾਰਤ ਸਮਾਂ ਪੂਰਾ ਹੋਣ ਤੋਂ ਬਾਅਦ ਪੰਥਕ ਆਗੂਆਂ ਵੱਲੋਂ ਅਗਲੇ ਕਦਮਾਂ ਬਾਰੇ ਵਿਚਾਰ ਕਰਨ ਲਈ ਇਹ ਵਿਸ਼ੇਸ਼ ਇਕੱਠ ਸੱਦਿਆ ਗਿਆ ਹੈ। ਬੈਠਕ ਦੌਰਾਨ ਕਾਨੂੰਨ ਨਾਲ ਜੁੜੇ ਮੁੱਦਿਆਂ, ਪੰਥਕ ਰੁਖ ਅਤੇ ਭਵਿੱਖ ਦੀ ਕਾਰਵਾਈ ਬਾਰੇ ਚਰਚਾ ਕੀਤੀ ਜਾ ਸਕਦੀ ਹੈ।
ਪਿਛਲੇ ਦਿਨਾਂ ਦੌਰਾਨ ਕਈ ਸਿੱਖ ਜਥੇਬੰਦੀਆਂ ਅਤੇ ਧਾਰਮਿਕ ਆਗੂ ਵੀ ਇਸ ਮਾਮਲੇ 'ਤੇ ਆਪਣਾ ਮਤ ਪ੍ਰਗਟ ਕਰ ਚੁੱਕੇ ਹਨ। ਪੰਥਕ ਵਰਗਾਂ ਦਾ ਕਹਿਣਾ ਹੈ ਕਿ ਧਾਰਮਿਕ ਮਸਲਿਆਂ ਨਾਲ ਸਬੰਧਤ ਕਿਸੇ ਵੀ ਕਾਨੂੰਨੀ ਪ੍ਰਬੰਧ ਬਾਰੇ ਵਿਸਤ੍ਰਿਤ ਸਲਾਹ-ਮਸ਼ਵਰਾ ਹੋਣਾ ਲਾਜ਼ਮੀ ਹੈ।