ਆਊਟਸੋਰਸ ਮੁਲਾਜ਼ਮਾਂ ਲਈ ਵੱਡੀ ਰਾਹਤ, ਹਜ਼ਾਰਾਂ ਕਰਮਚਾਰੀ ਸਿੱਧੇ ਸਰਕਾਰੀ ਠੇਕੇ ਹੇਠ ਆਉਣਗੇ

 ਚੰਡੀਗੜ੍ਹ, : ਪੰਜਾਬ ਸਰਕਾਰ ਨੇ ਆਊਟਸੋਰਸ ਅਤੇ ਕੱਚੇ ਮੁਲਾਜ਼ਮਾਂ ਨਾਲ ਸਬੰਧਤ ਇੱਕ ਅਹਿਮ ਫ਼ੈਸਲਾ ਲੈਂਦਿਆਂ ਰੁਜ਼ਗਾਰ ਪ੍ਰਬੰਧ ਵਿੱਚ ਵੱਡੇ ਬਦਲਾਅ ਦਾ ਐਲਾਨ ਕੀਤਾ ਹੈ। ਨਵੇਂ ਫ਼ੈਸਲੇ ਤਹਿਤ ਹਜ਼ਾਰਾਂ ਆਊਟਸੋਰਸ ਕਰਮਚਾਰੀਆਂ ਨੂੰ ਵਿਚੋਲੀਆਂ ਏਜੰਸੀਆਂ ਦੀ ਪ੍ਰਣਾਲੀ ਤੋਂ ਬਾਹਰ ਕੱਢ ਕੇ ਸਿੱਧੇ ਸਰਕਾਰੀ ਠੇਕੇ ਦੇ ਦਾਇਰੇ ਵਿੱਚ ਲਿਆਂਦਾ ਜਾਵੇਗਾ।

ਸਰਕਾਰੀ ਜਾਣਕਾਰੀ ਅਨੁਸਾਰ ਇਸ ਕਦਮ ਦਾ ਲਾਭ 65 ਹਜ਼ਾਰ ਤੋਂ ਵੱਧ ਕਰਮਚਾਰੀਆਂ ਨੂੰ ਮਿਲਣ ਦੀ ਸੰਭਾਵਨਾ ਹੈ। ਇਸ ਨਾਲ ਆਊਟਸੋਰਸ ਪ੍ਰਣਾਲੀ ਅਧੀਨ ਕੰਮ ਕਰ ਰਹੇ ਕਰਮਚਾਰੀਆਂ ਨੂੰ ਵਧੇਰੇ ਰੁਜ਼ਗਾਰ ਸੁਰੱਖਿਆ ਅਤੇ ਪ੍ਰਸ਼ਾਸਨਿਕ ਪੱਧਰ 'ਤੇ ਸਿੱਧਾ ਸੰਪਰਕ ਮਿਲ ਸਕੇਗਾ।

ਨਵੇਂ ਪ੍ਰਬੰਧ ਮੁਤਾਬਕ ਜਿਹੜੇ ਕਰਮਚਾਰੀ ਪੰਜ ਸਾਲ ਜਾਂ ਇਸ ਤੋਂ ਵੱਧ ਸਮੇਂ ਦੀ ਸੇਵਾ ਪੂਰੀ ਕਰ ਚੁੱਕੇ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਸਿੱਧੇ ਸਰਕਾਰੀ ਠੇਕੇ ਹੇਠ ਲਿਆਂਦਾ ਜਾਵੇਗਾ। ਸ਼ੁਰੂਆਤੀ ਪੜਾਅ ਵਿੱਚ ਹਜ਼ਾਰਾਂ ਕਰਮਚਾਰੀਆਂ ਨੂੰ ਇਸ ਦਾ ਤੁਰੰਤ ਲਾਭ ਮਿਲਣ ਦੀ ਉਮੀਦ ਹੈ।

ਸਰਕਾਰ ਦਾ ਕਹਿਣਾ ਹੈ ਕਿ ਇਸ ਫ਼ੈਸਲੇ ਦਾ ਮਕਸਦ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਰੁਜ਼ਗਾਰ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਅਤੇ ਜਵਾਬਦੇਹ ਬਣਾਉਣਾ ਹੈ। ਇਸ ਨਾਲ ਵਿਚੋਲੀਆਂ ਏਜੰਸੀਆਂ ਉੱਤੇ ਨਿਰਭਰਤਾ ਘਟੇਗੀ ਅਤੇ ਕਰਮਚਾਰੀਆਂ ਨੂੰ ਆਪਣੇ ਹੱਕਾਂ ਸਬੰਧੀ ਵਧੇਰੇ ਸਪੱਸ਼ਟਤਾ ਮਿਲੇਗੀ।

ਮੁਲਾਜ਼ਮ ਜਥੇਬੰਦੀਆਂ ਵੱਲੋਂ ਵੀ ਇਸ ਐਲਾਨ ਨੂੰ ਮਹੱਤਵਪੂਰਨ ਕਦਮ ਕਰਾਰ ਦਿੱਤਾ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਫ਼ੈਸਲਾ ਸੂਬੇ ਦੇ ਸਰਕਾਰੀ ਅਤੇ ਅਰਧ-ਸਰਕਾਰੀ ਅਦਾਰਿਆਂ ਵਿੱਚ ਕੰਮ ਕਰ ਰਹੇ ਹਜ਼ਾਰਾਂ ਕਰਮਚਾਰੀਆਂ ਦੀ ਸੇਵਾ ਸਥਿਤੀ ਉੱਤੇ ਸਿੱਧਾ ਪ੍ਰਭਾਵ ਪਾਏਗਾ।

ਆਉਣ ਵਾਲੇ ਦਿਨਾਂ ਵਿੱਚ ਇਸ ਯੋਜਨਾ ਨੂੰ ਲਾਗੂ ਕਰਨ ਲਈ ਵਿਸਥਾਰਤ ਦਿਸ਼ਾ-ਨਿਰਦੇਸ਼ ਅਤੇ ਪ੍ਰਕਿਰਿਆ ਵੀ ਜਾਰੀ ਕੀਤੀ ਜਾ ਸਕਦੀ ਹੈ।