ਰਣਦੀਪ ਸਿੰਘ ਸਰਾਏ ਨਾਲ ਮੁਲਾਕਾਤ ਦੌਰਾਨ ਢੇਸੀ ਨੇ ਚੁੱਕੇ ਰੱਖਿਆ ਤੇ ਵਿਕਾਸ ਨਾਲ ਜੁੜੇ ਮੁੱਦੇ

ਲੈਸਟਰ (ਇੰਗਲੈਂਡ) (ਸੁਖਜਿੰਦਰ ਸਿੰਘ ਢੱਡੇ)- ਬਰਤਾਨੀਆ ਦੇ ਸਲੋਹ ਹਲਕੇ ਤੋਂ ਲੇਬਰ ਪਾਰਟੀ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਕੈਨੇਡਾ ਦੇ ਅੰਤਰਰਾਸ਼ਟਰੀ ਵਿਕਾਸ ਮਾਮਲਿਆਂ ਦੇ ਸਕੱਤਰ ਅਤੇ ਸੰਸਦ ਮੈਂਬਰ ਰਣਦੀਪ ਸਿੰਘ ਸਰਾਏ ਨਾਲ ਇੰਗਲੈਂਡ ਚ ਮੁਲਿਕਾਤ ਕੀਤੀ ਅਤੇ ਨਿੱਘਾ ਸਵਾਗਤ ਕੀਤਾ। ਦੋਵੇਂ ਆਗੂਆਂ ਵਿਚਾਲੇ ਹੋਈ ਇਸ ਵਿਸ਼ੇਸ਼ ਮੁਲਾਕਾਤ ਦੌਰਾਨ ਬਰਤਾਨੀਆ ਅਤੇ ਕੈਨੇਡਾ ਦਰਮਿਆਨ ਦੋਪੱਖੀ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ, ਰੱਖਿਆ ਅਤੇ ਅੰਤਰਰਾਸ਼ਟਰੀ ਵਿਕਾਸ ਦੇ ਖੇਤਰਾਂ ਵਿੱਚ ਸਾਂਝੇ ਯਤਨਾਂ ਨੂੰ ਅੱਗੇ ਵਧਾਉਣ ਅਤੇ ਵਿਸ਼ਵ ਪੱਧਰ 'ਤੇ ਪੈਦਾ ਹੋ ਰਹੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਆਪਸੀ ਸਹਿਯੋਗ ਵਧਾਉਣ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਇਸ ਮੌਕੇ ਕਿਹਾ ਕਿ ਬਰਤਾਨੀਆ ਅਤੇ ਕੈਨੇਡਾ ਵਿਚਾਲੇ ਇਤਿਹਾਸਕ, ਸੱਭਿਆਚਾਰਕ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਮਜ਼ਬੂਤ ਸਾਂਝ ਹੈ, ਜਿਸ ਦੇ ਆਧਾਰ 'ਤੇ ਦੋਵੇਂ ਦੇਸ਼ ਵਿਸ਼ਵ ਪੱਧਰ 'ਤੇ ਅਮਨ, ਸਥਿਰਤਾ ਅਤੇ ਵਿਕਾਸ ਲਈ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਰੱਖਿਆ, ਸੁਰੱਖਿਆ, ਮਨੁੱਖੀ ਭਲਾਈ ਅਤੇ ਅੰਤਰਰਾਸ਼ਟਰੀ ਵਿਕਾਸ ਨਾਲ ਸਬੰਧਤ ਮੁੱਦਿਆਂ 'ਤੇ ਸਾਂਝੇ ਯਤਨਾਂ ਦੀ ਪਹਿਲਾਂ ਨਾਲੋਂ ਵਧੇਰੇ ਲੋੜ ਹੈ। ਮੁਲਾਕਾਤ ਦੌਰਾਨ ਰਣਦੀਪ ਸਿੰਘ ਸਰਾਏ ਅਤੇ ਤਨਮਨਜੀਤ ਸਿੰਘ ਢੇਸੀ ਨੇ ਵਿਦੇਸ਼ਾਂ ਵਿੱਚ ਵੱਸਦੇ ਸਿੱਖ ਅਤੇ ਪੰਜਾਬੀ ਭਾਈਚਾਰੇ ਦੀਆਂ ਪ੍ਰਾਪਤੀਆਂ ਅਤੇ ਉਨ੍ਹਾਂ ਦੇ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਯੋਗਦਾਨਾਂ ਦੀ ਵੀ ਸ਼ਲਾਘਾ ਕੀਤੀ। ਦੋਵਾਂ ਆਗੂਆਂ ਨੇ ਕਿਹਾ ਕਿ ਪੰਜਾਬੀ ਮੂਲ ਦੇ ਲੋਕਾਂ ਨੇ ਬਰਤਾਨੀਆ, ਕੈਨੇਡਾ ਅਤੇ ਦੁਨੀਆ ਦੇ ਹੋਰ ਕਈ ਦੇਸ਼ਾਂ ਵਿੱਚ ਸਖ਼ਤ ਮਿਹਨਤ, ਇਮਾਨਦਾਰੀ ਅਤੇ ਸਮਾਜ ਸੇਵਾ ਦੀ ਭਾਵਨਾ ਰਾਹੀਂ ਵਿਲੱਖਣ ਪਛਾਣ ਬਣਾਈ ਹੈ। ਉਨ੍ਹਾਂ ਕਿਹਾ ਕਿ ਸਿੱਖ ਅਤੇ ਪੰਜਾਬੀ ਭਾਈਚਾਰਾ ਨਾ ਸਿਰਫ਼ ਆਪਣੇ-ਆਪਣੇ ਦੇਸ਼ਾਂ ਦੀ ਤਰੱਕੀ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ, ਸਗੋਂ ਬਹੁ-ਸੱਭਿਆਚਾਰਕ ਸਮਾਜਾਂ ਨੂੰ ਮਜ਼ਬੂਤ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਿਹਾ ਹੈ।
ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਮਾਣ ਹੈ ਕਿ ਪੰਜਾਬ ਦੀ ਧਰਤੀ ਨਾਲ ਜੁੜੇ ਲੋਕ ਅੱਜ ਵਿਸ਼ਵ ਦੇ ਵੱਖ-ਵੱਖ ਦੇਸ਼ਾਂ ਦੀਆਂ ਸੰਸਦਾਂ, ਸਰਕਾਰਾਂ ਅਤੇ ਅਹਿਮ ਸੰਸਥਾਵਾਂ ਵਿੱਚ ਅਗਵਾਈ ਵਾਲੀਆਂ ਭੂਮਿਕਾਵਾਂ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਰਣਦੀਪ ਸਿੰਘ ਸਰਾਏ ਵਰਗੇ ਆਗੂਆਂ ਦੀਆਂ ਪ੍ਰਾਪਤੀਆਂ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਹਨ।
ਦੋਵਾਂ ਆਗੂਆਂ ਨੇ ਇਹ ਵੀ ਪ੍ਰਗਟਾਇਆ ਕਿ ਬਰਤਾਨੀਆ ਅਤੇ ਕੈਨੇਡਾ ਵਿਚਾਲੇ ਵਪਾਰ, ਨਿਵੇਸ਼, ਸੁਰੱਖਿਆ, ਸਿੱਖਿਆ ਅਤੇ ਵਿਕਾਸ ਦੇ ਖੇਤਰਾਂ ਵਿੱਚ ਸਹਿਯੋਗ ਦੀਆਂ ਬੇਅੰਤ ਸੰਭਾਵਨਾਵਾਂ ਮੌਜੂਦ ਹਨ ਅਤੇ ਭਵਿੱਖ ਵਿੱਚ ਦੋਵੇਂ ਦੇਸ਼ ਇਨ੍ਹਾਂ ਖੇਤਰਾਂ ਵਿੱਚ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਦੇ ਰਹਿਣਗੇ। ਉਨ੍ਹਾਂ ਵਿਸ਼ਵ ਪੱਧਰ 'ਤੇ ਸ਼ਾਂਤੀ, ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਟਿਕਾਊ ਵਿਕਾਸ ਦੇ ਟੀਚਿਆਂ ਦੀ ਪ੍ਰਾਪਤੀ ਲਈ ਸਾਂਝੇ ਯਤਨਾਂ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਦੋਵੇਂ ਆਗੂਆਂ ਨੇ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਸਾਂਝੇ ਹਿੱਤਾਂ ਨਾਲ ਜੁੜੇ ਮੁੱਦਿਆਂ 'ਤੇ ਭਵਿੱਖ ਵਿੱਚ ਵੀ ਨਿਰੰਤਰ ਸੰਪਰਕ ਬਣਾਈ ਰੱਖਣ ਦੀ ਵਚਨਬੱਧਤਾ ਪ੍ਰਗਟਾਈ।