ਮਲੇਸ਼ੀਆ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਅਕਾਊਂਟਸ 'ਤੇ ਲਗਾਈ ਪਾਬੰਦੀ

ਕੁਆਲਾਲੰਪੁਰ: ਮਲੇਸ਼ੀਆ ਨੇ ਸੋਮਵਾਰ ਤੋਂ 16 ਸਾਲ ਤੋਂ ਘੱਟ ਉਮਰ ਦੇ ਲੱਖਾਂ ਬੱਚਿਆਂ ਦੇ ਸੋਸ਼ਲ ਮੀਡੀਆ ਅਕਾਊਂਟ ਬਣਾਉਣ 'ਤੇ ਰੋਕ ਲਗਾਉਣ ਵਾਲੇ ਨਿਯਮਾਂ ਨੂੰ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਹ ਨੌਜਵਾਨ ਯੂਜ਼ਰਸ ਲਈ ਆਨਲਾਈਨ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਵਿਸ਼ਵਵਿਆਪੀ ਯਤਨਾਂ ਵਿੱਚ ਸ਼ਾਮਲ ਹੋ ਗਿਆ ਹੈ।
ਇਨ੍ਹਾਂ ਨਿਯਮਾਂ ਤਹਿਤ ਫੇਸਬੁੱਕ, ਇੰਸਟਾਗ੍ਰਾਮ, ਟਿਕਟਾਕ ਅਤੇ ਯੂਟਿਊਬ ਸਮੇਤ ਘੱਟੋ-ਘੱਟ 8 ਮਿਲੀਅਨ (80 ਲੱਖ) ਯੂਜ਼ਰਸ ਵਾਲੇ ਸੋਸ਼ਲ ਮੀਡੀਆ ਪਲੇਟਫਾਰਮਾਂ ਲਈ ਉਮਰ ਦੀ ਪੁਸ਼ਟੀ ਪ੍ਰਣਾਲੀ ਲਾਗੂ ਕਰਨਾ ਅਤੇ 16 ਸਾਲ ਤੋਂ ਘੱਟ ਉਮਰ ਦੇ ਯੂਜ਼ਰਸ ਨੂੰ ਅਕਾਊਂਟ ਬਣਾਉਣ ਤੋਂ ਰੋਕਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਮਲੇਸ਼ੀਆ ਦੇ ਕਮਿਊਨੀਕੇਸ਼ਨ ਐਂਡ ਮਲਟੀਮੀਡੀਆ ਕਮਿਸ਼ਨ ਨੇ ਸੋਮਵਾਰ ਨੂੰ ਕਿਹਾ ਕਿ ਮੌਜੂਦਾ ਯੂਜ਼ਰਸ ਲਈ ਉਮਰ ਦੀ ਪੁਸ਼ਟੀ ਪ੍ਰਕਿਰਿਆ ਅਗਲੇ ਛੇ ਮਹੀਨਿਆਂ ਵਿੱਚ ਪੜਾਅਵਾਰ ਤਰੀਕੇ ਨਾਲ ਲਾਗੂ ਕੀਤੀ ਜਾਵੇਗੀ। ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ 16 ਸਾਲ ਤੋਂ ਘੱਟ ਉਮਰ ਦੇ ਪਛਾਣੇ ਗਏ ਯੂਜ਼ਰਸ ਨੂੰ ਕਿਸੇ ਵੀ ਤਰ੍ਹਾਂ ਦੀ ਪਾਬੰਦੀ ਜਾਂ ਅਕਾਊਂਟ ਮੁਅੱਤਲ ਹੋਣ ਤੋਂ ਪਹਿਲਾਂ ਆਪਣਾ ਡਾਟਾ (ਜਿਵੇਂ ਕਿ ਫੋਟੋਆਂ ਅਤੇ ਵੀਡੀਓਜ਼) ਡਾਊਨਲੋਡ ਜਾਂ ਟ੍ਰਾਂਸਫਰ ਕਰਨ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਜਾਵੇਗਾ।
ਨਿਯਮਾਂ ਦੀ ਪਾਲਣਾ ਨਾ ਕਰਨ ਵਾਲੀਆਂ ਕੰਪਨੀਆਂ ਨੂੰ 10 ਮਿਲੀਅਨ ਰਿੰਗਿਟ (ਲਗਭਗ 2.5 ਮਿਲੀਅਨ ਡਾਲਰ) ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਹਾਲਾਂਕਿ, ਜੇਕਰ ਬੱਚੇ ਕਿਸੇ ਤਰੀਕੇ ਨਾਲ ਇਸ ਕਾਨੂੰਨ ਨੂੰ ਬਾਈਪਾਸ ਕਰ ਲੈਂਦੇ ਹਨ, ਤਾਂ ਉਨ੍ਹਾਂ ਦੇ ਮਾਪਿਆਂ ਨੂੰ ਕੋਈ ਸਜ਼ਾ ਨਹੀਂ ਦਿੱਤੀ ਜਾਵੇਗੀ।