ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੀ ਯਾਦ ਵਿੱਚ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ (ਰੋਮ) ਵਿਖੇ ਕਰਵਾਇਆ ਗਿਆ ਤਿੰਨ ਰੋਜ਼ਾ ਧਾਰਮਿਕ ਸਮਾਗਮ

 ਰੋਮ ਇਟਲੀ 2 ਜੂਨ (ਗੁਰਸ਼ਰਨ ਸਿੰਘ ਸੋਨੀ) ਰਾਜਧਾਨੀ ਰੋਮ ਦੇ ਅਧੀਨ ਆਉਂਦੇ ਸ਼ਹਿਰ ਲਵੀਨੀਓ ਵਿਖੇ ਸਥਿਤ ਗੁਰਦੁਆਰਾ ਗੋਬਿੰਦਸਰ ਸਾਹਿਬ ਵਿਖੇ ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਬੜੀ ਸ਼ਰਧਾ, ਭਾਵਨਾ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਨਾਲ ਜੋੜਿਆ ਗਿਆ। ਕੀਰਤਨ ਦੀਆਂ ਮਧੁਰ ਧੁਨਾਂ ਨੇ ਸਾਰੇ ਦੀਵਾਨ ਹਾਲ ਨੂੰ ਰਸਭਿੰਨਾ ਬਣਾ ਦਿੱਤਾ ਅਤੇ ਸੰਗਤਾਂ ਨੇ ਨਾਮ ਸਿਮਰਨ ਤੇ ਗੁਰਬਾਣੀ ਵਿਚਾਰਾਂ ਦਾ ਆਨੰਦ ਮਾਣਿਆ। ਇਸ ਮੌਕੇ ਸੁਰਜੀਤ ਸਿੰਘ ਧਾਲੀਵਾਲ ਤੇ ਉਪਰੰਤ ਵਿਸ਼ਵ ਪ੍ਰਸਿੱਧ ਢਾਡੀ ਸੁਖਵੀਰ ਸਿੰਘ ਭੌਰ ਦੇ ਜਥੇ ਨੇ ਢਾਡੀ ਵਾਰਾਂ ਨਾਲ ਹਾਜ਼ਰੀ ਭਰਦਿਆਂ ਗੁਰਮਤਿ ਵਿਚਾਰਾਂ ਕਰਦਿਆਂ ਬੁਲਾਰਿਆਂ ਨੇ ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੇ ਜੀਵਨ, ਸੇਵਾਵਾਂ ਅਤੇ ਗੁਰਸਿੱਖੀ ਪ੍ਰਤੀ ਉਨ੍ਹਾਂ ਦੇ ਯੋਗਦਾਨ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਮਹਾਂਪੁਰਖਾਂ ਦੀਆਂ ਸਿੱਖਿਆਵਾਂ ਸਾਨੂੰ ਸੱਚ, ਸੇਵਾ, ਸਿਮਰਨ ਅਤੇ ਮਨੁੱਖਤਾ ਦੇ ਰਾਹ 'ਤੇ ਚੱਲਣ ਦੀ ਪ੍ਰੇਰਣਾ ਦਿੰਦੀਆਂ ਹਨ। ਤਿੰਨ ਦਿਨ ਚੱਲੇ ਇਸ ਧਾਰਮਿਕ ਸਮਾਗਮ ਵਿੱਚ ਇਸਤਰੀਆਂ, ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਸਮਾਗਮ ਦੇ ਅੰਤ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਸਮੂਹ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵੱਲੋਂ ਸਮਾਗਮ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਯੋਗਦਾਨ ਪਾਇਆ ਗਿਆ, ਜਿਸ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗ੍ਰੰਥੀ ਸਿੰਘ ਗਿਆਨੀ ਦਲਬੀਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।