ਕਿਰਪਾਨ ਦੀ ਗਲਤ ਵਰਤੋਂ ਸਿੱਖ ਸਿਧਾਂਤਾਂ ਦੇ ਉਲਟ : ਸਤਵਿੰਦਰ ਸਿੰਘ ਦਿਓਲ

ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ ਲੈਸਟਰ ਦੇ ਜਨਰਲ ਸਕੱਤਰ ਸਤਵਿੰਦਰ ਸਿੰਘ ਦਿਓਲ।

 ਲੈਸਟਰ (ਇੰਗਲੈਂਡ), 3 ਜੂਨ (ਸੁਖਜਿੰਦਰ ਸਿੰਘ ਢੱਡੇ)- ਇੰਗਲੈਂਡ ਵਿੱਚ ਇੱਕ ਸਿੱਖ ਨੌਜਵਾਨ ਵੱਲੋਂ ਕਥਿਤ ਤੌਰ 'ਤੇ ਕਿਰਪਾਨ ਨਾਲ ਹਮਲਾ ਕਰਕੇ ਇੱਕ ਬ੍ਰਿਟਿਸ਼ ਬੱਚੇ ਦੀ ਹੱਤਿਆ ਕੀਤੇ ਜਾਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ ਲੈਸਟਰ ਦੇ ਜਨਰਲ ਸਕੱਤਰ ਸਤਵਿੰਦਰ ਸਿੰਘ ਦਿਓਲ ਨੇ ਪੀੜਤ ਪਰਿਵਾਰ ਨਾਲ ਡੂੰਘੇ ਦੁੱਖ ਅਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।

ਸਤਵਿੰਦਰ ਸਿੰਘ ਦਿਓਲ ਨੇ ਕਿਹਾ ਕਿ ਕਿਸੇ ਵੀ ਨਿਰਦੋਸ਼ ਵਿਅਕਤੀ ਦੀ ਜਾਨ ਲੈਣਾ ਬਹੁਤ ਹੀ ਦੁਖਦਾਈ ਅਤੇ ਨਿੰਦਣਯੋਗ ਘਟਨਾ ਹੈ। ਉਨ੍ਹਾਂ ਕਿਹਾ ਕਿ ਗੁਰੂ ਦਾ ਸੱਚਾ ਸਿੱਖ ਕਦੇ ਵੀ ਕਿਰਪਾਨ ਦੀ ਵਰਤੋਂ ਇਸ ਤਰ੍ਹਾਂ ਨਹੀਂ ਕਰ ਸਕਦਾ। ਕਿਰਪਾਨ ਸਿੱਖ ਧਰਮ ਵਿੱਚ ਸਵੈ-ਰੱਖਿਆ, ਨਿਆਂ ਅਤੇ ਮਨੁੱਖਤਾ ਦੀ ਰੱਖਿਆ ਦਾ ਪ੍ਰਤੀਕ ਹੈ, ਨਾ ਕਿ ਕਿਸੇ 'ਤੇ ਹਮਲਾ ਕਰਨ ਜਾਂ ਉਸ ਨੂੰ ਨੁਕਸਾਨ ਪਹੁੰਚਾਉਣ ਦਾ ਸਾਧਨ।
ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਨਾ ਸਿਰਫ਼ ਇੱਕ ਪਰਿਵਾਰ ਨੂੰ ਅਸਹਿਣਯੋਗ ਦੁੱਖ ਦਿੱਤਾ ਹੈ, ਸਗੋਂ ਸਮੁੱਚੇ ਸਿੱਖ ਭਾਈਚਾਰੇ ਨੂੰ ਵੀ ਨਮੋਸ਼ੀ ਅਤੇ ਚਿੰਤਾ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਤੋਂ ਸਾਨੂੰ ਸਬਕ ਲੈਣ ਦੀ ਲੋੜ ਹੈ ਅਤੇ ਮਾਪਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਬੱਚਿਆਂ ਦੀਆਂ ਗਤੀਵਿਧੀਆਂ ਉੱਤੇ ਪੂਰੀ ਨਿਗਰਾਨੀ ਰੱਖਣ।
ਦਿਓਲ ਨੇ ਕਿਹਾ ਕਿ ਜਿਨ੍ਹਾਂ ਬੱਚਿਆਂ ਨੇ ਅੰਮ੍ਰਿਤ ਛਕਿਆ ਹੋਇਆ ਹੈ ਅਤੇ ਜੋ ਕਿਰਪਾਨ ਧਾਰਨ ਕਰਦੇ ਹਨ, ਉਨ੍ਹਾਂ ਦੇ ਮਾਪਿਆਂ ਨੂੰ ਖ਼ਾਸ ਧਿਆਨ ਦੇਣਾ ਚਾਹੀਦਾ ਹੈ ਕਿ ਬੱਚਿਆਂ ਵੱਲੋਂ ਪਹਿਨੀ ਜਾ ਰਹੀ ਕਿਰਪਾਨ ਮਰਿਆਦਾ ਅਨੁਸਾਰ ਹੋਵੇ ਅਤੇ ਇਸ ਦੀ ਗਲਤ ਵਰਤੋਂ ਦੀ ਕੋਈ ਸੰਭਾਵਨਾ ਨਾ ਬਣੇ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਛੋਟੀ ਕਿਰਪਾਨ ਪਹਿਨਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਇਹ ਵੀ ਸਮਝਾਉਣਾ ਚਾਹੀਦਾ ਹੈ ਕਿ ਕਿਰਪਾਨ ਗੁਰੂ ਸਾਹਿਬਾਨ ਦੀ ਬਖ਼ਸ਼ਿਸ਼ ਹੈ ਅਤੇ ਇਸ ਨੂੰ ਪੂਰੇ ਸਤਿਕਾਰ, ਸੰਜਮ ਅਤੇ ਜ਼ਿੰਮੇਵਾਰੀ ਨਾਲ ਧਾਰਨ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਮਾਪਿਆਂ ਨੂੰ ਮਿਲ ਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਅਸਲ ਸਿਧਾਂਤਾਂ ਅਤੇ ਕਿਰਪਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।
ਉਨ੍ਹਾਂ ਦੁਬਾਰਾ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਦੁਖਦਾਈ ਘਟਨਾ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ, ਉਹ ਘੱਟ ਹੈ ਅਤੇ ਸਮਾਜ ਦੇ ਹਰ ਵਰਗ ਨੂੰ ਇਸ ਤੋਂ ਸਬਕ ਲੈਣ ਦੀ ਲੋੜ ਹੈ।