ਪੰਜਾਬ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਨੂੰ ਮਿਲੀਆਂ ਧਮਕੀਆਂ ਮਗਰੋਂ ਸੁਰੱਖਿਆ ਏਜੰਸੀਆਂ ਚੌਕਸ

ਅੰਮ੍ਰਿਤਸਰ : ਪੰਜਾਬ ਦੇ ਕਈ ਪ੍ਰਮੁੱਖ ਹਿੰਦੂ ਧਾਰਮਿਕ ਅਸਥਾਨਾਂ ਨੂੰ ਧਮਕੀ ਭਰੇ ਸੰਦੇਸ਼ ਮਿਲਣ ਤੋਂ ਬਾਅਦ ਸੂਬੇ ਭਰ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ ਸਮੇਤ ਪੰਜ ਵੱਡੇ ਮੰਦਰਾਂ ਨੂੰ ਈ-ਮੇਲ ਰਾਹੀਂ ਧਮਕੀਆਂ ਭੇਜੀਆਂ ਗਈਆਂ ਹਨ, ਜਿਸ ਤੋਂ ਬਾਅਦ ਪੁਲੀਸ ਅਤੇ ਖੁਫ਼ੀਆ ਏਜੰਸੀਆਂ ਪੂਰੀ ਤਰ੍ਹਾਂ ਸਰਗਰਮ ਹੋ ਗਈਆਂ ਹਨ।

ਧਮਕੀ ਪ੍ਰਾਪਤ ਕਰਨ ਵਾਲੇ ਧਾਰਮਿਕ ਅਸਥਾਨਾਂ ਵਿੱਚ ਅੰਮ੍ਰਿਤਸਰ ਦਾ ਦੁਰਗਿਆਣਾ ਮੰਦਰ, ਪਠਾਨਕੋਟ ਦਾ ਮੁਕਤੇਸ਼ਵਰ ਧਾਮ, ਜਲੰਧਰ ਦਾ ਦੇਵੀ ਤਾਲਾਬ ਮੰਦਰ, ਬਠਿੰਡਾ ਦਾ ਮੈਸਰ ਖਾਨਾ ਮੰਦਰ ਅਤੇ ਪਟਿਆਲਾ ਦਾ ਮਾਤਾ ਕਾਲੀ ਮੰਦਰ ਸ਼ਾਮਲ ਦੱਸੇ ਜਾ ਰਹੇ ਹਨ। ਇਨ੍ਹਾਂ ਸਥਾਨਾਂ &rsquoਤੇ ਸੁਰੱਖਿਆ ਕਰਮੀਆਂ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ ਅਤੇ ਆਉਣ-ਜਾਣ ਵਾਲੇ ਲੋਕਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ।

ਅਧਿਕਾਰੀਆਂ ਮੁਤਾਬਕ ਇਹ ਧਮਕੀਆਂ ਅਜਿਹੇ ਸਮੇਂ ਸਾਹਮਣੇ ਆਈਆਂ ਹਨ ਜਦੋਂ ਸੂਬੇ ਵਿੱਚ ਪਹਿਲਾਂ ਹੀ ਵਿਸ਼ੇਸ਼ ਸੁਰੱਖਿਆ ਪ੍ਰਬੰਧ ਲਾਗੂ ਹਨ। ਇਸ ਕਾਰਨ ਸੁਰੱਖਿਆ ਏਜੰਸੀਆਂ ਕਿਸੇ ਵੀ ਸੰਭਾਵਨਾ ਨੂੰ ਨਜ਼ਰਅੰਦਾਜ਼ ਨਹੀਂ ਕਰ ਰਹੀਆਂ ਅਤੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।

ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਨੇ ਕਿਹਾ ਕਿ ਭਾਵੇਂ ਸ਼ੁਰੂਆਤੀ ਤੌਰ &rsquoਤੇ ਇਹ ਸੰਦੇਸ਼ ਪਹਿਲਾਂ ਵੱਖ-ਵੱਖ ਅਦਾਰਿਆਂ ਨੂੰ ਮਿਲੀਆਂ ਝੂਠੀਆਂ ਧਮਕੀਆਂ ਵਰਗੇ ਲੱਗਦੇ ਹਨ, ਫਿਰ ਵੀ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਾਰੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਦੀ ਸਮੀਖਿਆ ਕੀਤੀ ਗਈ ਹੈ ਅਤੇ ਜਾਂਚ ਟੀਮਾਂ ਧਮਕੀ ਭੇਜਣ ਵਾਲਿਆਂ ਦੀ ਪਛਾਣ ਕਰਨ ਲਈ ਕੰਮ ਕਰ ਰਹੀਆਂ ਹਨ।

ਪੁਲੀਸ ਅਤੇ ਖੁਫ਼ੀਆ ਵਿਭਾਗਾਂ ਵੱਲੋਂ ਸੂਬੇ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਨਿਗਰਾਨੀ ਵਧਾ ਦਿੱਤੀ ਗਈ ਹੈ। ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਸੂਚਨਾ ਦੇਣ ਅਤੇ ਅਫ਼ਵਾਹਾਂ ਤੋਂ ਦੂਰ ਰਹਿਣ।