ਔਰਤਾਂ ਨੂੰ ਦਿੱਤੇ ਵਾਅਦੇ ਪੂਰੇ ਕਰਨ ਵਿੱਚ ਸਰਕਾਰ ਨਾਕਾਮ: ਰਾਜਾ ਵੜਿੰਗ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬਾ ਸਰਕਾਰ ਵੱਲੋਂ ਔਰਤਾਂ ਲਈ ਐਲਾਨੀ ਵਿੱਤੀ ਸਹਾਇਤਾ ਯੋਜਨਾ ਨੂੰ ਲੈ ਕੇ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਸਰਕਾਰ ਆਪਣੇ ਕਾਰਜਕਾਲ ਦੇ ਅੰਤਲੇ ਪੜਾਅ ਵਿੱਚ ਵੀ ਇਸ ਨੂੰ ਪੂਰੀ ਤਰ੍ਹਾਂ ਲਾਗੂ ਨਹੀਂ ਕਰ ਸਕੀ।

ਰਾਜਾ ਵੜਿੰਗ ਨੇ ਦੋਸ਼ ਲਾਇਆ ਕਿ ਜੇਕਰ ਚੋਣਾਂ ਦੌਰਾਨ ਕੀਤਾ ਗਿਆ ਵਾਅਦਾ ਸਮੇਂ ਸਿਰ ਪੂਰਾ ਕੀਤਾ ਜਾਂਦਾ ਤਾਂ ਲਾਭਪਾਤਰੀ ਔਰਤਾਂ ਨੂੰ ਪੰਜ ਸਾਲਾਂ ਦੌਰਾਨ ਕਾਫ਼ੀ ਵੱਧ ਰਕਮ ਮਿਲ ਸਕਦੀ ਸੀ। ਉਨ੍ਹਾਂ ਕਿਹਾ ਕਿ ਹੁਣ ਸੀਮਤ ਰਕਮ ਦੇ ਕੇ ਸਰਕਾਰ ਆਪਣੇ ਚੋਣੀ ਵਾਅਦੇ ਤੋਂ ਪਿੱਛੇ ਹਟਦੀ ਨਜ਼ਰ ਆ ਰਹੀ ਹੈ।

ਕਾਂਗਰਸ ਆਗੂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਇਸ ਮੁੱਦੇ ਨੂੰ ਲੋਕਾਂ ਵਿਚ ਲੈ ਕੇ ਜਾਵੇਗੀ ਅਤੇ ਸੂਬੇ ਦੇ ਸ਼ਹਿਰਾਂ ਤੇ ਪਿੰਡਾਂ ਵਿੱਚ ਜਾ ਕੇ ਔਰਤਾਂ ਨੂੰ ਇਸ ਮਾਮਲੇ ਬਾਰੇ ਜਾਣੂ ਕਰਵਾਏਗੀ। ਉਨ੍ਹਾਂ ਦਾ ਕਹਿਣਾ ਸੀ ਕਿ ਔਰਤਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨਾ ਕਿਸੇ ਵੀ ਸਰਕਾਰ ਦੀ ਜ਼ਿੰਮੇਵਾਰੀ ਹੁੰਦੀ ਹੈ ਅਤੇ ਇਸ ਵਿੱਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ।

ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਰਕਾਰ ਸੱਚਮੁੱਚ ਔਰਤਾਂ ਦੀ ਆਰਥਿਕ ਮਦਦ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਆਪਣੇ ਪਹਿਲਾਂ ਕੀਤੇ ਗਏ ਐਲਾਨਾਂ ਦੇ ਅਨੁਸਾਰ ਪੂਰਾ ਲਾਭ ਦੇਣਾ ਚਾਹੀਦਾ ਹੈ। ਵੜਿੰਗ ਨੇ ਦਾਅਵਾ ਕੀਤਾ ਕਿ ਕਾਂਗਰਸ ਸੱਤਾ ਵਿੱਚ ਆਉਣ &rsquoਤੇ ਔਰਤਾਂ ਅਤੇ ਹੋਰ ਵਰਗਾਂ ਲਈ ਭਲਾਈ ਯੋਜਨਾਵਾਂ ਨੂੰ ਤਰਜੀਹ ਦੇਵੇਗੀ ਅਤੇ ਵਿੱਤੀ ਸਹਾਇਤਾ ਸਬੰਧੀ ਵਾਅਦਿਆਂ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕਰੇਗੀ।