ਹਿਮਾਚਲ ਦੇ ਦਾਖ਼ਲਾ ਕਰ ਦੇ ਵਿਰੋਧ ਵਿੱਚ ਨਿਹੰਗ ਜਥੇਬੰਦੀਆਂ ਦਾ ਰੋਸ ਪ੍ਰਗਟਾਵਾ

ਕੀਰਤਪੁਰ ਸਾਹਿਬ : ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਸਰਹੱਦੀ ਖੇਤਰਾਂ ਵਿੱਚ ਲਾਗੂ ਕੀਤੇ ਗਏ ਦਾਖ਼ਲਾ ਕਰ ਦੇ ਵਿਰੋਧ ਵਿੱਚ ਨਿਹੰਗ ਜਥੇਬੰਦੀਆਂ ਨੇ ਕੀਰਤਪੁਰ-ਮਨਾਲੀ ਕੌਮੀ ਮਾਰਗ &rsquoਤੇ ਵਿਲੱਖਣ ਢੰਗ ਨਾਲ ਰੋਸ ਪ੍ਰਗਟਾਇਆ। ਇਸ ਦੌਰਾਨ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿੱਚ ਦਾਖ਼ਲ ਹੋਣ ਵਾਲੇ ਵਾਹਨਾਂ ਨੂੰ ਰੋਕ ਕੇ ਚਾਲਕਾਂ ਨੂੰ ਇਸ ਮੁੱਦੇ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਤੋਂ ਸਵੈ-ਇੱਛਾ ਅਨੁਸਾਰ ਸਹਿਯੋਗ ਰਾਸ਼ੀ ਇਕੱਠੀ ਕੀਤੀ ਗਈ।
ਗਰਾਂ ਮੋੜਾ ਟੌਲ ਪਲਾਜ਼ਾ ਨੇੜੇ ਹੋਏ ਇਸ ਪ੍ਰਦਰਸ਼ਨ ਦੀ ਅਗਵਾਈ ਬਾਬਾ ਅੱਛਰ ਸਿੰਘ ਮਹਾਕਾਲ ਵੱਲੋਂ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਲੋਕਾਂ ਨੂੰ ਸਰਹੱਦੀ ਖੇਤਰਾਂ ਵਿੱਚ ਲਾਗੂ ਕੀਤੇ ਗਏ ਕਰ ਦੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਕੱਠੀ ਕੀਤੀ ਗਈ ਰਕਮ ਗਰੀਬਾਂ, ਲੋੜਵੰਦਾਂ ਅਤੇ ਸਮਾਜ ਭਲਾਈ ਦੇ ਕਾਰਜਾਂ ਲਈ ਵਰਤੀ ਜਾਵੇਗੀ।
ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਿਸਾਨ ਸੰਘਰਸ਼ ਕਮੇਟੀਆਂ, ਟੈਕਸੀ ਚਾਲਕਾਂ ਦੀਆਂ ਜਥੇਬੰਦੀਆਂ, ਸਰਹੱਦੀ ਇਲਾਕਿਆਂ ਦੇ ਵਸਨੀਕਾਂ ਅਤੇ ਨਿਹੰਗ ਸਿੰਘਾਂ ਵੱਲੋਂ ਇਸ ਮਸਲੇ ਸਬੰਧੀ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਉਸ ਵੇਲੇ ਕੁਝ ਸਮੇਂ ਲਈ ਆਵਾਜਾਈ ਰੋਕ ਕੇ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਸੀ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਦਾਖ਼ਲਾ ਕਰ ਸਬੰਧੀ ਫ਼ੈਸਲੇ &rsquoਤੇ ਮੁੜ ਵਿਚਾਰ ਨਾ ਕੀਤਾ ਗਿਆ ਤਾਂ ਉਹ ਅਗਲੇ ਦਿਨਾਂ ਵਿੱਚ ਵੀ ਆਪਣਾ ਵਿਰੋਧ ਜਾਰੀ ਰੱਖਣਗੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਰਹੱਦੀ ਇਲਾਕਿਆਂ ਦੇ ਲੋਕਾਂ ਅਤੇ ਆਵਾਜਾਈ ਨਾਲ ਜੁੜੇ ਵਰਗਾਂ ਦੀਆਂ ਚਿੰਤਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਢੁੱਕਵਾਂ ਹੱਲ ਕੱਢਿਆ ਜਾਵੇ।