ਬਰਤਾਨੀਆ ਦੇ ਬੈਲਫਾਸਟ 'ਚ ਚਾਕੂ ਨਾਲ ਭਿਆਨਕ ਹਮਲਾ, ਇਕ ਵਿਅਕਤੀ ਗੰਭੀਰ ਜ਼ਖ਼ਮੀ

 
ਲੈਸਟਰ (ਇੰਗਲੈਂਡ), 9 ਜੂਨ (ਸੁਖਜਿੰਦਰ ਸਿੰਘ ਢੱਡੇ)- ਬਰਤਾਨੀਆ ਦੇ ਉੱਤਰੀ ਆਇਰਲੈਂਡ ਸਥਿਤ ਬੈਲਫਾਸਟ ਸ਼ਹਿਰ ਵਿਚ ਇਕ ਵਿਅਕਤੀ 'ਤੇ ਚਾਕੂ ਨਾਲ ਕੀਤੇ ਗਏ ਭਿਆਨਕ ਹਮਲੇ ਤੋਂ ਬਾਅਦ ਪੁਲਿਸ ਨੇ 30 ਕੁ ਸਾਲਾਂ ਦੇ ਇਕ ਵਿਅਕਤੀ ਨੂੰ ਕਤਲ ਦੀ ਕੋਸ਼ਿਸ਼ ਦੇ ਸ਼ੱਕ ਹੇਠ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਸੁਡਾਨੀ ਮੂਲ ਦਾ ਹੈ ਅਤੇ ਇਸ ਵੇਲੇ ਹਿਰਾਸਤ ਵਿਚ ਹੈ।
ਇਹ ਘਟਨਾ ਸੋਮਵਾਰ ਰਾਤ ਕਰੀਬ ਸਾਢੇ ਦਸ ਵਜੇ ਉੱਤਰੀ ਬੈਲਫਾਸਟ ਦੇ ਇਕ ਰਿਹਾਇਸ਼ੀ ਇਲਾਕੇ ਵਿਚ ਵਾਪਰੀ। ਹਮਲੇ ਵਿਚ 40 ਕੁ ਸਾਲਾਂ ਦਾ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਉਸ ਦੇ ਚਿਹਰੇ, ਗਲੇ ਅਤੇ ਪਿੱਠ 'ਤੇ ਡੂੰਘੀਆਂ ਸੱਟਾਂ ਲੱਗੀਆਂ ਹਨ ਅਤੇ ਉਹ ਹਸਪਤਾਲ ਵਿਚ ਇਲਾਜ ਅਧੀਨ ਹੈ। ਡਾਕਟਰਾਂ ਅਨੁਸਾਰ ਉਸ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ।
ਘਟਨਾ ਦੀਆਂ ਵੀਡੀਓ ਰਿਕਾਰਡਿੰਗਾਂ ਸਮਾਜਿਕ ਮਾਧਿਅਮਾਂ 'ਤੇ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿਚ ਕੁਝ ਸਥਾਨਕ ਲੋਕ ਹਮਲਾਵਰ ਨੂੰ ਰੋਕਣ ਦੀ ਕੋਸ਼ਿਸ਼ ਕਰਦੇ ਦਿਖਾਈ ਦੇ ਰਹੇ ਹਨ। ਦਲੇਰੀ ਦਿਖਾਉਂਦਿਆਂ ਕਈ ਲੋਕਾਂ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਜ਼ਖ਼ਮੀ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਦੇ ਪਹੁੰਚਣ ਤੱਕ ਹਮਲਾਵਰ ਨੂੰ ਕਾਬੂ ਵਿਚ ਰੱਖਿਆ।
ਪੁਲਿਸ ਦੇ ਸੀਨੀਅਰ ਅਧਿਕਾਰੀ ਰਿਆਨ ਹੈਂਡਰਸਨ ਨੇ ਕਿਹਾ ਕਿ ਇਸ ਘਟਨਾ ਨੂੰ ਬਹੁਤ ਗੰਭੀਰ ਮੰਨਦਿਆਂ ਵਿਸ਼ੇਸ਼ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹਮਲੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਤੇਜ਼ੀ ਨਾਲ ਚੱਲ ਰਹੀ ਹੈ। ਉਨ੍ਹਾਂ ਨੇ ਘਟਨਾ ਦੌਰਾਨ ਬਹਾਦਰੀ ਦਿਖਾਉਣ ਵਾਲੇ ਸਥਾਨਕ ਲੋਕਾਂ ਦੀ ਵੀ ਸ਼ਲਾਘਾ ਕੀਤੀ।
ਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਅਰ ਸਟਾਰਮਰ ਨੇ ਇਸ ਘਟਨਾ ਨੂੰ ਬਹੁਤ ਹੀ ਘਿਨਾਉਣਾ ਦੱਸਦਿਆਂ ਕਿਹਾ ਕਿ ਸੜਕਾਂ 'ਤੇ ਇਸ ਤਰ੍ਹਾਂ ਦੀ ਹਿੰਸਾ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਜ਼ਖ਼ਮੀ ਵਿਅਕਤੀ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਮਦਦ ਲਈ ਅੱਗੇ ਆਉਣ ਵਾਲੇ ਲੋਕਾਂ ਦਾ ਧੰਨਵਾਦ ਕੀਤਾ।
ਉੱਤਰੀ ਆਇਰਲੈਂਡ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਨੇ ਵੀ ਸਾਂਝੇ ਬਿਆਨ ਰਾਹੀਂ ਹਮਲੇ ਦੀ ਨਿੰਦਾ ਕੀਤੀ ਹੈ ਅਤੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਪੁਲਿਸ ਨੇ ਲੋਕਾਂ ਨੂੰ ਬੇਨਤੀ ਕੀਤੀ ਹੈ ਕਿ ਘਟਨਾ ਨਾਲ ਸਬੰਧਤ ਵੀਡੀਓ ਜਾਂ ਤਸਵੀਰਾਂ ਸਮਾਜਿਕ ਮਾਧਿਅਮਾਂ 'ਤੇ ਸਾਂਝੀਆਂ ਨਾ ਕੀਤੀਆਂ ਜਾਣ ਕਿਉਂਕਿ ਇਸ ਨਾਲ ਜਾਂਚ ਪ੍ਰਭਾਵਿਤ ਹੋ ਸਕਦੀ ਹੈ ਅਤੇ ਪੀੜਤ ਪਰਿਵਾਰ ਨੂੰ ਹੋਰ ਮਾਨਸਿਕ ਪੀੜਾ ਪਹੁੰਚ ਸਕਦੀ ਹੈ।