ਕੈਨੇਡਾ ਏਅਰਪੋਰਟ ਤੋਂ ਅਕਾਲੀ ਆਗੂ ਬੰਟੀ ਰੋਮਾਣਾ ਨੂੰ ਵਾਪਸ ਭੇਜਿਆ ਗਿਆ, ਦਾਖਲੇ ਦੀ ਨਹੀਂ ਮਿਲੀ ਇਜਾਜ਼ਤ

 ਟੋਰਾਂਟੋ/ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਫਰੀਦਕੋਟ ਹਲਕੇ ਦੇ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਕੈਨੇਡਾ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਮਿਲੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਟੋਰਾਂਟੋ ਹਵਾਈ ਅੱਡੇ ਤੋਂ ਭਾਰਤ ਵਾਪਸ ਪਰਤਣਾ ਪਿਆ।

ਮਿਲੀ ਜਾਣਕਾਰੀ ਅਨੁਸਾਰ, ਕੈਨੇਡਾ ਪਹੁੰਚਣ ਉਪਰੰਤ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਉਨ੍ਹਾਂ ਨਾਲ ਪੁੱਛਗਿੱਛ ਕੀਤੀ ਗਈ ਅਤੇ ਬਾਅਦ ਵਿੱਚ ਦਾਖਲਾ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਇਸ ਸਬੰਧੀ ਬੰਟੀ ਰੋਮਾਣਾ ਨੇ ਦੱਸਿਆ ਕਿ ਉਹ ਹੁਣ ਭਾਰਤ ਵਾਪਸ ਆ ਰਹੇ ਹਨ ਅਤੇ ਉਨ੍ਹਾਂ ਨੂੰ ਕੈਨੇਡਾ ਵਿੱਚ ਦਾਖਲ ਹੋਣ ਦੀ ਮਨਜ਼ੂਰੀ ਨਹੀਂ ਦਿੱਤੀ ਗਈ।

ਰੋਮਾਣਾ ਦੇ ਅਨੁਸਾਰ, ਕੈਨੇਡੀਅਨ ਇਮੀਗ੍ਰੇਸ਼ਨ ਅਧਿਕਾਰੀਆਂ ਕੋਲ ਉਨ੍ਹਾਂ ਵਿਰੁੱਧ ਇੱਕ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਵਿੱਚ ਪੰਜਾਬ ਵਿੱਚ ਉਨ੍ਹਾਂ ਖ਼ਿਲਾਫ਼ ਦਰਜ ਵੱਖ-ਵੱਖ ਮਾਮਲਿਆਂ ਦਾ ਜ਼ਿਕਰ ਕੀਤਾ ਗਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਮਾਮਲਿਆਂ ਵਿੱਚ ਮੁੱਖ ਮੰਤਰੀ ਨਿਵਾਸ ਦੇ ਬਾਹਰ ਕੀਤੇ ਗਏ ਵਿਰੋਧ ਪ੍ਰਦਰਸ਼ਨ ਅਤੇ ਹੋਰ ਰਾਜਨੀਤਿਕ ਗਤੀਵਿਧੀਆਂ ਨਾਲ ਸਬੰਧਤ ਕੇਸ ਸ਼ਾਮਲ ਸਨ।

ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਾਰੇ ਮਾਮਲੇ ਰਾਜਨੀਤਿਕ ਸਰਗਰਮੀਆਂ ਅਤੇ ਸਰਕਾਰ ਵਿਰੁੱਧ ਕੀਤੇ ਗਏ ਲੋਕਤੰਤਰਿਕ ਪ੍ਰਦਰਸ਼ਨਾਂ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਵਿੱਚੋਂ ਕੋਈ ਵੀ ਅਪਰਾਧਿਕ ਸੁਭਾਅ ਦਾ ਨਹੀਂ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਸ਼ਿਕਾਇਤ ਵਿੱਚ ਇਹ ਗੱਲ ਵੀ ਦਰਜ ਕੀਤੀ ਗਈ ਸੀ ਕਿ ਉਹ ਕੈਨੇਡਾ ਵਿੱਚ ਇੱਕ ਰਾਜਨੀਤਿਕ ਦੌਰੇ ਲਈ ਆਏ ਸਨ, ਜਿਸ ਦੇ ਆਧਾਰ 'ਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਦਾਖਲਾ ਰੋਕਣ ਦਾ ਫ਼ੈਸਲਾ ਲਿਆ।

ਫਿਲਹਾਲ ਕੈਨੇਡੀਅਨ ਅਧਿਕਾਰੀਆਂ ਵੱਲੋਂ ਇਸ ਮਾਮਲੇ ਸਬੰਧੀ ਕੋਈ ਅਧਿਕਾਰਕ ਬਿਆਨ ਸਾਹਮਣੇ ਨਹੀਂ ਆਇਆ ਹੈ। ਹਾਲਾਂਕਿ, ਇਸ ਘਟਨਾ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਇਸ ਮਾਮਲੇ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।