ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦਖ਼ਲਅੰਦਾਜ਼ੀ ਨਾਲ ਗੁਲਮਰਗ ਗੁਰਦੁਆਰਾ ਵਿਵਾਦ ਦਾ ਸੁਖਾਵਾਂ ਨਿਪਟਾਰਾ

 ਸ੍ਰੀ ਅੰਮ੍ਰਿਤਸਰ &mdash ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਯਾਦਗਾਰ ਭਾਈ ਵੀਰ ਸਿੰਘ, ਗੁਲਮਰਗ (ਬਾਰਾਮੁੱਲਾ) ਨਾਲ ਸਬੰਧਤ ਸਿੱਖ ਭਾਈਚਾਰੇ ਵਿਚਕਾਰ ਚੱਲ ਰਹੇ ਵਿਵਾਦ ਦਾ ਨਿਪਟਾਰਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਆਪਸੀ ਸਹਿਮਤੀ ਨਾਲ ਕਰ ਲਿਆ ਗਿਆ ਹੈ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੋਵਾਂ ਧਿਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਵਿਚਾਰ ਸੁਣੇ ਅਤੇ ਸੰਗਤ ਨੂੰ ਪ੍ਰੇਮ, ਏਕਤਾ ਅਤੇ ਆਪਸੀ ਸਤਿਕਾਰ ਨਾਲ ਰਹਿਣ ਦਾ ਸੰਦੇਸ਼ ਦਿੱਤਾ।

ਗੁਰਦੁਆਰਾ ਸਾਹਿਬ ਦੇ ਨਾਮ ਵਿੱਚ ਕੀਤੀ ਗਈ ਤਬਦੀਲੀ ਅਤੇ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਮ ਦੀ ਵਰਤੋਂ ਸਬੰਧੀ ਉਠੇ ਇਤਰਾਜ਼ਾਂ ਦੇ ਮੱਦੇਨਜ਼ਰ ਬਾਰਾਮੁੱਲਾ ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੱਤ ਮੈਂਬਰਾਂ ਨੇ ਆਪਣਾ ਪੱਖ ਰੱਖਦਿਆਂ ਖਿਮਾ ਯਾਚਨਾ ਪੇਸ਼ ਕੀਤੀ।

ਕਮੇਟੀ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਵਿਦੇਸ਼ੀ ਰੁਝੇਵਿਆਂ ਕਾਰਨ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕੇ ਅਤੇ ਉਨ੍ਹਾਂ ਨੇ ਅਗਲੀ ਪੇਸ਼ੀ ਲਈ ਸਮਾਂ ਮੰਗਿਆ। ਇਸ ਤੋਂ ਇਲਾਵਾ ਇੱਕ ਮੈਂਬਰ ਉਮਰ ਦੇ ਕਾਰਨ ਹਾਜ਼ਰ ਨਹੀਂ ਹੋ ਸਕਿਆ। ਸ਼ਿਕਾਇਤ ਕਰਨ ਵਾਲੀ ਧਿਰ ਦੇ ਦੋ ਮੈਂਬਰ ਵੀ ਮੀਟਿੰਗ ਵਿੱਚ ਮੌਜੂਦ ਰਹੇ।

ਮੀਟਿੰਗ ਦੌਰਾਨ ਸਾਰੇ ਪੱਖਾਂ ਨੇ ਗੁਰਦੁਆਰਾ ਸਾਹਿਬ ਦੀ ਮਰਿਆਦਾ ਅਤੇ ਸਿੱਖ ਕੌਮ ਦੀ ਏਕਤਾ ਨੂੰ ਪਹਿਲ ਦੇਣ 'ਤੇ ਸਹਿਮਤੀ ਪ੍ਰਗਟਾਈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੀ ਗਈ ਇਸ ਪਹਿਲ ਨੂੰ ਸਿੱਖ ਭਾਈਚਾਰੇ ਵਿੱਚ ਆਪਸੀ ਸਾਂਝ ਅਤੇ ਸਦਭਾਵਨਾ ਵਧਾਉਣ ਵੱਲ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ।