ਫੋਰੈਂਸਿਕ ਖ਼ੁਲਾਸਿਆਂ ਤੋਂ ਬਾਅਦ ਭਗਵੰਤ ਮਾਨ ਲਈ ਮੁੱਖ ਮੰਤਰੀ ਦੇ ਅਹੁਦੇ 'ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਤੁਰੰਤ ਅਸਤੀਫ਼ਾ ਦੇਣ ਅਤੇ ਕੇਸ ਦਰਜ ਹੋਵੇ : ਪ੍ਰੋ. ਸਰਚਾਂਦ ਸਿੰਘ ਖਿਆਲਾ। ਜੇਕਰ ਇੱਕ ਆਮ ਨਾਗਰਿਕ ਅਜਿਹੇ ਦੋਸ਼ਾਂ ਲਈ ਕਾਨੂੰਨ ਦੇ ਘੇਰੇ ਵਿੱਚ ਆ ਸਕਦਾ ਹੈ, ਤਾਂ ਸੂਬੇ ਦਾ ਮੁੱਖ ਮੰਤਰੀ ਕਾਨੂੰਨ ਅਤੇ ਨੈਤਿਕਤਾ ਤੋਂ ਉੱਪਰ ਨਹੀਂ ਹੋ ਸਕਦਾ।

 ਅੰਮ੍ਰਿਤਸਰ, 15 ਜੂਨ :
ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਦੇਸ਼ ਦੀਆਂ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਉੱਚ ਤਕਨੀਕੀ ਫੋਰੈਂਸਿਕ ਲੈਬਾਂ ਦੀਆਂ ਰਿਪੋਰਟਾਂ ਦੇ ਹਵਾਲੇ ਨਾਲ ਭਗਵੰਤ ਮਾਨ ਦੀ ਦਸ ਗੁਰੂ ਸਾਹਿਬਾਨ ਦੀ ਤਸਵੀਰ ਦੀ ਬੇਅਦਬੀ ਨਾਲ ਸੰਬੰਧਿਤ ਵਿਵਾਦਿਤ ਵੀਡੀਓ ਦੇ ਸਹੀ ਪਾਏ ਜਾਣ ਬਾਰੇ ਕੀਤੇ ਗਏ ਖ਼ੁਲਾਸਿਆਂ ਤੋਂ ਬਾਅਦ ਭਗਵੰਤ ਮਾਨ ਕੋਲ ਮੁੱਖ ਮੰਤਰੀ ਅਤੇ ਵਿਧਾਇਕ ਦੇ ਅਹੁਦੇ 'ਤੇ ਬਣੇ ਰਹਿਣ ਦਾ ਕੋਈ ਨੈਤਿਕ, ਸਮਾਜਿਕ ਜਾਂ ਰਾਜਨੀਤਿਕ ਅਧਿਕਾਰ ਨਹੀਂ ਰਹਿ ਜਾਂਦਾ।
ਉਨ੍ਹਾਂ ਕਿਹਾ ਕਿ ਜੇਕਰ ਇੱਕ ਆਮ ਨਾਗਰਿਕ ਅਜਿਹੇ ਦੋਸ਼ਾਂ ਲਈ ਕਾਨੂੰਨ ਦੇ ਘੇਰੇ ਵਿੱਚ ਆ ਸਕਦਾ ਹੈ, ਤਾਂ ਸੂਬੇ ਦਾ ਮੁੱਖ ਮੰਤਰੀ ਕਾਨੂੰਨ ਅਤੇ ਨੈਤਿਕਤਾ ਤੋਂ ਉੱਪਰ ਨਹੀਂ ਹੋ ਸਕਦਾ।
ਪ੍ਰੋ. ਖਿਆਲਾ ਨੇ ਕਿਹਾ ਕਿ ਸੰਬੰਧਿਤ ਵੀਡੀਓ ਨਾਲ ਕਿਸੇ ਕਿਸਮ ਦੀ ਛੇੜਛਾੜ ਨਾ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ, ਤਾਂ ਦਸ ਗੁਰੂ ਸਾਹਿਬਾਨ ਦੀ ਤਸਵੀਰ ਉੱਤੇ ਕਥਿਤ ਤੌਰ 'ਤੇ ਸ਼ਰਾਬ ਦੇ ਸਿੱਟੇ ਮਾਰਨ ਦੀ ਇਹ ਘਟਨਾ ਤੇ ਪਾਪ ਸਿਰਫ਼ ਇੱਕ ਵਿਅਕਤੀ ਦੀ ਨਿੱਜੀ ਕਰਤੂਤ ਨਹੀਂ, ਸਗੋਂ ਕਰੋੜਾਂ ਸਿੱਖਾਂ ਅਤੇ ਨਾਨਕ ਨਾਮ ਲੇਵਾ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਿੱਖ ਵਿਸ਼ਵਾਸ 'ਤੇ ਗੰਭੀਰ ਸੱਟ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਿੱਖੀ ਵਿੱਚ ਮੂਰਤੀ ਤੇ ਤਸਵੀਰ ਪੂਜਾ ਦਾ ਸਿਧਾਂਤ ਨਹੀਂ ਹੈ, ਪਰ ਗੁਰੂ ਸਾਹਿਬਾਨ, ਸਿੱਖ ਸ਼ਹੀਦਾਂ ਅਤੇ ਮਹਾਂਪੁਰਸ਼ਾਂ ਨਾਲ ਸੰਬੰਧਿਤ ਤਸਵੀਰਾਂ ਅਤੇ ਪ੍ਰਤੀਕਾਂ ਦਾ ਸਤਿਕਾਰ ਸਿੱਖ ਪਰੰਪਰਾ ਦਾ ਅਹਿਮ ਹਿੱਸਾ ਹੈ। ਉਨ੍ਹਾਂ ਨਾਲ ਜੁੜੇ ਕਿਸੇ ਵੀ ਤਰ੍ਹਾਂ ਦੇ ਅਪਮਾਨ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੀ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਦਾ ਸਭ ਤੋਂ ਚਿੰਤਾਜਨਕ ਪੱਖ ਇਹ ਹੈ ਕਿ ਜਦੋਂ ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਸੀ, ਤਾਂ ਉਨ੍ਹਾਂ ਨੇ ਸੰਬੰਧਿਤ ਵੀਡੀਓ ਨੂੰ ਫ਼ਰਜ਼ੀ ਕਰਾਰ ਦਿੰਦਿਆਂ ਕਿਸੇ ਵੀ ਫੋਰੈਂਸਿਕ ਜਾਂਚ ਦਾ ਸਾਹਮਣਾ ਕਰਨ ਦੀ ਖੁੱਲ੍ਹੀ ਚੁਣੌਤੀ ਦਿੱਤੀ ਸੀ। ਇਹ ਚੁਣੌਤੀ ਮੀਡੀਆ ਦੇ ਸਾਹਮਣੇ ਵੀ ਦੁਹਰਾਈ ਗਈ ਸੀ। ਜੇਕਰ ਹੁਣ ਫੋਰੈਂਸਿਕ ਰਿਪੋਰਟਾਂ ਦੇ ਹਵਾਲੇ ਨਾਲ ਵੀਡੀਓ ਦੀ ਪ੍ਰਮਾਣਿਕਤਾ ਸਾਬਤ ਹੋ ਚੁੱਕੀ ਹੈ, ਤਾਂ ਇਹ ਸਿਰਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਨਹੀਂ ਰਹਿੰਦਾ, ਸਗੋਂ ਇਹ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਗੁਮਰਾਹ ਕਰਨ ਅਤੇ ਜਨਤਾ ਸਾਹਮਣੇ ਝੂਠ ਬੋਲਣ ਦਾ ਵੀ ਗੰਭੀਰ ਮਾਮਲਾ ਬਣ ਜਾਂਦਾ ਹੈ।
ਪ੍ਰੋ. ਖਿਆਲਾ ਨੇ ਕਿਹਾ ਕਿ ਭਗਵੰਤ ਮਾਨ ਖ਼ੁਦ ਇੱਕ ਸਿੱਖ ਪਰਿਵਾਰ ਨਾਲ ਸੰਬੰਧਿਤ ਹਨ। ਅਜਿਹੇ ਵਿੱਚ ਉਨ੍ਹਾਂ ਤੋਂ ਸਿੱਖ ਪਰੰਪਰਾਵਾਂ ਅਤੇ ਮਰਿਆਦਾ ਪ੍ਰਤੀ ਵਧੇਰੇ ਸੰਵੇਦਨਸ਼ੀਲਤਾ ਦੀ ਉਮੀਦ ਕੀਤੀ ਜਾਂਦੀ ਸੀ। ਪਰ ਜੇਕਰ ਤੱਥ ਉਹੀ ਹਨ ਜੋ ਹੁਣ ਸਾਹਮਣੇ ਲਿਆਂਦੇ ਜਾ ਰਹੇ ਹਨ, ਤਾਂ ਇਹ ਕਰਤੂਤ ਪੂਰੇ ਸਿੱਖ ਭਾਈਚਾਰੇ ਨੂੰ ਸ਼ਰਮਸਾਰ ਕਰਨ ਵਾਲੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਕੋਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤੇ ਜਾਣ ਸਮੇਂ ਆਪਣੀ ਗ਼ਲਤੀ ਸਵੀਕਾਰ ਕਰਨ, ਪਛਤਾਵਾ ਪ੍ਰਗਟ ਕਰਨ ਅਤੇ ਪੰਥ ਤੋਂ ਮੁਆਫ਼ੀ ਮੰਗਣ ਦਾ ਮੌਕਾ ਸੀ, ਪਰ ਉਨ੍ਹਾਂ ਨੇ ਇਨਕਾਰ ਅਤੇ ਝੂਠ ਦਾ ਰਾਹ ਚੁਣਿਆ। ਜਿਸ ਨਾਲ ਨਾ ਸਿਰਫ਼ ਉਨ੍ਹਾਂ ਦੇ ਨਿੱਜੀ ਆਚਰਨ 'ਤੇ ਸਵਾਲ ਖੜ੍ਹੇ ਹੋਏ ਹਨ, ਸਗੋਂ ਮੁੱਖ ਮੰਤਰੀ ਦੇ ਅਹੁਦੇ ਦੀ ਗਰਿਮਾ ਵੀ ਦਾਅ 'ਤੇ ਲੱਗ ਗਈ ਹੈ।
ਪ੍ਰੋ. ਖਿਆਲਾ ਨੇ ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਪਲਬਧ ਸਬੂਤਾਂ ਅਤੇ ਫੋਰੈਂਸਿਕ ਜਾਂਚ ਦੇ ਆਧਾਰ 'ਤੇ ਭਗਵੰਤ ਮਾਨ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਸਬੰਧੀ ਬਣਦੀਆਂ ਕਾਨੂੰਨੀ ਧਾਰਾਵਾਂ ਤਹਿਤ ਤੁਰੰਤ ਮਾਮਲਾ ਦਰਜ ਕੀਤਾ ਜਾਵੇ ਅਤੇ ਜਾਂਚ ਨੂੰ ਕਿਸੇ ਵੀ ਰਾਜਨੀਤਿਕ ਪ੍ਰਭਾਵ ਤੋਂ ਮੁਕਤ ਰੱਖਿਆ ਜਾਵੇ।
ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਅਪੀਲ ਕੀਤੀ ਕਿ ਜੇਕਰ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਕਾਰਵਾਈ ਨਹੀਂ ਕਰਦੀ, ਤਾਂ ਪੰਥਕ ਮਰਿਆਦਾ ਅਤੇ ਸਿੱਖ ਭਾਵਨਾਵਾਂ ਦਾ ਖ਼ਿਆਲ ਰੱਖਦਿਆਂ ਭਗਵੰਤ ਮਾਨ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਵਿੱਚ ਦੇਰੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਚੁੱਪੀ ਪੀੜਤ ਸਿੱਖ ਮਨ ਨੂੰ ਹੋਰ ਆਹਤ ਕਰਦੀ ਹੈ।
ਪ੍ਰੋ. ਖਿਆਲਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਵੀ ਸਪਸ਼ਟੀਕਰਨ ਮੰਗਦਿਆਂ ਕਿਹਾ ਕਿ ਉਹ ਦੇਸ਼ ਅਤੇ ਖ਼ਾਸ ਕਰਕੇ ਪੰਜਾਬ ਦੀ ਜਨਤਾ ਨੂੰ ਦੱਸਣ ਕਿ ਕੀ ਉਨ੍ਹਾਂ ਦੀ ਪਾਰਟੀ ਧਾਰਮਿਕ ਪ੍ਰਤੀਕਾਂ ਨਾਲ ਜੁੜੇ ਅਜਿਹੇ ਕਥਿਤ ਆਚਰਨ ਨੂੰ ਸਵੀਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਸੱਚਮੁੱਚ ਨੈਤਿਕ ਰਾਜਨੀਤੀ ਦਾ ਦਾਅਵਾ ਕਰਦੀ ਹੈ, ਤਾਂ ਉਸ ਨੂੰ ਇਸ ਮਾਮਲੇ 'ਤੇ ਆਪਣਾ ਰੁਖ਼ ਸਪੱਸ਼ਟ ਕਰਨਾ ਚਾਹੀਦਾ ਹੈ ਅਤੇ ਭਗਵੰਤ ਮਾਨ ਨੂੰ ਜਵਾਬਦੇਹ ਠਹਿਰਾਉਣਾ ਚਾਹੀਦਾ ਹੈ।
ਅੰਤ ਵਿੱਚ ਪ੍ਰੋ. ਖਿਆਲਾ ਨੇ ਕਿਹਾ ਕਿ ਇਹ ਮਾਮਲਾ ਕਿਸੇ ਇੱਕ ਰਾਜਨੀਤਿਕ ਦਲ ਦਾ ਨਹੀਂ, ਸਗੋਂ ਪੰਜਾਬ ਦੀ ਧਾਰਮਿਕ ਸੰਵੇਦਨਸ਼ੀਲਤਾ, ਜਨਤਕ ਜੀਵਨ ਦੀਆਂ ਕਦਰਾਂ-ਕੀਮਤਾਂ ਅਤੇ ਸੱਚ ਪ੍ਰਤੀ ਜਵਾਬਦੇਹੀ ਦਾ ਹੈ। ਪੰਜਾਬ ਦੀ ਜਨਤਾ ਅਤੇ ਸਿੱਖ ਕੌਮ ਨੂੰ ਇਸ ਮਾਮਲੇ ਵਿੱਚ ਨਿਰਪੱਖ ਕਾਨੂੰਨੀ ਕਾਰਵਾਈ ਅਤੇ ਨੈਤਿਕ ਜਵਾਬਦੇਹੀ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਰਗੇ ਸੂਬੇ ਦਾ ਮੁੱਖ ਮੰਤਰੀ, ਜਿਸ ਦੀ ਧਰਤੀ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਅਤੇ ਬਲੀਦਾਨਾਂ ਨਾਲ ਪਵਿੱਤਰ ਹੋਈ ਹੈ, ਜੇਕਰ ਧਾਰਮਿਕ ਸੰਵੇਦਨਾਵਾਂ ਨਾਲ ਜੁੜੇ ਅਜਿਹੇ ਵਿਵਾਦਾਂ ਦੇ ਕੇਂਦਰ ਵਿੱਚ ਹੋਵੇ, ਤਾਂ ਉਸ ਲਈ ਅਹੁਦੇ ਨਾਲ ਚਿੰਬੜੇ ਰਹਿਣਾ ਲੋਕਤੰਤਰੀ ਅਤੇ ਨੈਤਿਕ ਕਦਰਾਂ-ਕੀਮਤਾਂ ਦਾ ਨਿਰਾਦਰ ਹੈ।