ਲੰਡਨ ''ਚ 26 ਸਾਲਾ ਭਾਰਤੀ ਮੂਲ ਦੇ ਨੌਜਵਾਨ ਦਾ ਚਾਕੂ ਮਾਰ ਕੇ ਕਤਲ

ਲੰਡਨ ਵਿੱਚ 26 ਸਾਲਾ ਭਾਰਤੀ ਮੂਲ ਦੇ ਨੌਜਵਾਨ ਗੁਰਭੇਜ ਸਿੰਘ ਦਾ ਚਾਕੂ ਮਾਰ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਵਿੱਚ ਪੁਲਿਸ ਨੇ ਸ਼ੱਕ ਦੇ ਆਧਾਰ ''ਤੇ 20 ਤੋਂ 30 ਸਾਲ ਦੀ ਉਮਰ ਦੇ ਸੱਤ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਸੀ।
ਪੁਲਿਸ ਅਨੁਸਾਰ ਗੁਰਭੇਜ ਸਿੰਘ ''ਤੇ ਰਾਤ ਕਰੀਬ 12:30 ਵਜੇ ਹਮਲਾ ਕੀਤਾ ਗਿਆ। ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਅਤੇ ਐਂਬੂਲੈਂਸ ਟੀਮ ਤੁਰੰਤ ਮੌਕੇ ''ਤੇ ਪਹੁੰਚ ਗਈ, ਪਰ ਗੰਭੀਰ ਸੱਟਾਂ ਕਾਰਨ ਉਨ੍ਹਾਂ ਦੀ ਜਾਨ ਨਹੀਂ ਬਚਾਈ ਜਾ ਸਕੀ।
ਜਾਂਚ ਦੌਰਾਨ ਛੇ ਸ਼ੱਕੀਆਂ ਨੂੰ ਰਿਹਾਅ ਕਰ ਦਿੱਤਾ ਗਿਆ, ਜਦਕਿ ਇੱਕ ਵਿਅਕਤੀ ਨੂੰ ਜ਼ਮਾਨਤ ''ਤੇ ਛੱਡਿਆ ਗਿਆ ਹੈ। ਪੁਲਿਸ ਵੱਲੋਂ ਉਸ ਤੋਂ ਅੱਗੇ ਵੀ ਪੁੱਛਗਿੱਛ ਕੀਤੀ ਜਾਵੇਗੀ।
ਇਸ ਹਮਲੇ ਵਿੱਚ ਇੱਕ ਹੋਰ ਵਿਅਕਤੀ ਵੀ ਜ਼ਖ਼ਮੀ ਹੋਇਆ ਸੀ, ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਲਾਜ ਤੋਂ ਬਾਅਦ ਹੁਣ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਪੁਲਿਸ ਨੇ ਕਿਹਾ ਹੈ ਕਿ ਗੁਰਭੇਜ ਸਿੰਘ ਦੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਹਮਲੇ ਦੇ ਕਾਰਨਾਂ ਅਤੇ ਘਟਨਾ ਨਾਲ ਜੁੜੇ ਸਾਰੇ ਤੱਥਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।