ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਅਣਪਛਾਤੇ ਨੌਜਵਾਨ ਨੇ ਮਾਰਿਆ ਥੱਪੜ

ਜੈਪੁਰ : ਜੈਪੁਰ ਦੇ ਸ਼ਹੀਦ ਸਮਾਰਕ 'ਤੇ ਉਸ ਵੇਲੇ ਭਾਰੀ ਹੰਗਾਮਾ ਖੜ੍ਹਾ ਹੋ ਗਿਆ, ਜਦੋਂ 'ਕਾਕਰੋਚ ਜਨਤਾ ਪਾਰਟੀ' ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਇੱਕ ਅਣਪਛਾਤੇ ਨੌਜਵਾਨ ਨੇ ਅਚਾਨਕ ਥੱਪੜ ਮਾਰ ਦਿੱਤਾ। ਅਭਿਜੀਤ ਦੀਪਕੇ ਇੱਥੇ ਨੌਜਵਾਨਾਂ ਨਾਲ ਜੁੜੇ ਵੱਡੇ ਮੁੱਦਿਆਂ ਜਿਵੇਂ ਕਿ ਂਓਓਠ ਪੇਪਰ ਲੀਕ, ਲੀਹੋਂ ਲੱਥੀ ਸਿੱਖਿਆ ਪ੍ਰਣਾਲੀ, ਬੇਰੁਜ਼ਗਾਰੀ ਅਤੇ ਨੌਜਵਾਨਾਂ ਦੀਆਂ ਹੋਰ ਸਮੱਸਿਆਵਾਂ ਨੂੰ ਲੈ ਕੇ ਆਯੋਜਿਤ ਇੱਕ ਵੱਡੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਆਏ ਸਨ। ਪ੍ਰਦਰਸ਼ਨ ਵਾਲੀ ਥਾਂ 'ਤੇ ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਅੰਦੋਲਨਕਾਰੀ ਇਕੱਠੇ ਹੋਏ ਸਨ। ਉਦੋਂ ਹੀ ਇਸ ਅਣਕਿਆਸੀ ਘਟਨਾ ਤੋਂ ਬਾਅਦ ਉੱਥੇ ਅਫ਼ਰਾ-ਤਫ਼ਰੀ ਦਾ ਮਾਹੌਲ ਬਣ ਗਿਆ। ਦੀਪਕੇ ਨੂੰ ਥੱਪੜ ਮਾਰੇ ਜਾਣ ਦੀ ਘਟਨਾ ਤੋਂ ਤੁਰੰਤ ਬਾਅਦ ਸ਼ਹੀਦ ਸਮਾਰਕ 'ਤੇ ਮੌਜੂਦ ਪ੍ਰਦਰਸ਼ਨਕਾਰੀਆਂ ਦਾ ਗੁੱਸਾ ਫੁੱਟ ਪਿਆ। ਇਸ ਤੋਂ ਬਾਅਦ ਉੱਥੇ ਮੌਜੂਦ ਉਗਰ ਭੀੜ ਨੇ ਥੱਪੜ ਮਾਰਨ ਵਾਲੇ ਨੌਜਵਾਨ ਨੂੰ ਮੌਕੇ 'ਤੇ ਹੀ ਦਬੋਚ ਲਿਆ ਅਤੇ ਉਸ ਦੀ ਰੱਜ ਕੇ ਕੁਟਮਾਰ ਕੀਤੀ। ਮੌਕੇ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਤੁਰੰਤ ਸਥਿਤੀ ਨੂੰ ਸੰਭਾਲਿਆ। ਇਸ ਦੇ ਨਾਲ ਹੀ ਮੁਲਜ਼ਮ ਨੌਜਵਾਨ ਨੂੰ ਪ੍ਰਦਰਸ਼ਨਕਾਰੀਆਂ ਦੇ ਚੁੰਗਲ ਵਿੱਚੋਂ ਛੁਡਾ ਕੇ ਹਿਰਾਸਤ ਵਿੱਚ ਲੈ ਲਿਆ। ਫਿਲਹਾਲ ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਉਸਨੇ ਇਸ ਵਾਰਦਾਤ ਨੂੰ ਅੰਜਾਮ ਕਿਉਂ ਦਿੱਤਾ। ਪ੍ਰਦਰਸ਼ਨ ਵਾਲੀ ਥਾਂ 'ਤੇ ਤਣਾਅਪੂਰਨ ਮਾਹੌਲ ਨੂੰ ਦੇਖਦੇ ਹੋਏ ਸੁਰੱਖਿਆ ਵਧਾ ਦਿੱਤੀ ਗਈ ਹੈ।