ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਬਲਵੰਤ ਸਿੰਘ ਰਾਜੋਆਣਾ ਦਾ ਮਾਮਲਾ ਪਛੜਿਆ

ਬੰਦੀ ਸਿੱਖ ਬਲਵੰਤ ਸਿੰਘ ਰਾਜੋਆਣਾ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਪਛੜ ਗਿਆ ਹੈ, ਜਦੋਂ ਕਿ ਇਹ ਮਾਮਲਾ ਇਸ ਤੋਂ ਪਹਿਲਾਂ ਹੋਈ ਸਿੱਖ ਜਥੇਬੰਦੀਆਂ ਦੀ ਮੀਟਿੰਗ ਵਿੱਚ ਵੱਡੇ ਪੱਧਰ ਤੇ ਵਿਚਾਰਿਆ ਗਿਆ ਸੀ।
ਬਲਵੰਤ ਸਿੰਘ ਰਾਜੋਆਣਾ ਵੱਲੋਂ ਆਖਿਆ ਜਾ ਰਿਹਾ ਹੈ ਕਿ ਉਸਦੀ ਫਾਂਸੀ ਦੀ ਸਜ਼ਾ ਮੁਆਫੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਾਇਰ ਕੀਤੀ ਹੋਈ ਪਟੀਸ਼ਨ ਨੂੰ ਵਾਪਸ ਲੈ ਲਿਆ ਜਾਵੇ ਕਿਉਂਕਿ ਇਸ ਮਾਮਲੇ ਵਿੱਚ ਇੱਕ ਦਹਾਕੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਅਤੇ ਸਰਕਾਰ ਵੱਲੋਂ ਕੋਈ ਹੁੰਗਾਰਾ ਨਹੀਂ ਦਿੱਤਾ ਗਿਆ। ਦੱਸਣ ਯੋਗ ਹੈ ਇਹ ਮਾਮਲਾ ਇਸ ਵੇਲੇ ਅਦਾਲਤ ਦੇ ਵਿਚਾਰ ਅਧੀਨ ਵੀ ਹੈ।
ਬੀਤੇ ਕੱਲ ਇਹ ਮਾਮਲਾ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਵਿਚਾਰਿਆ ਜਾਣਾ ਸੀ। ਪਰ ਸਿਆਸੀ ਘਟਨਾਕ੍ਰਮ ਦੇ ਚੱਲਦਿਆਂ ਇਹ ਮਾਮਲਾ ਪਿੱਛੇ ਪੈ ਗਿਆ ਹੈ। ਸ੍ਰੀ ਅਕਾਲ ਤਖ਼ਤ ਦੇ ਸੂਤਰਾਂ ਦੇ ਮੁਤਾਬਿਕ ਇਹ ਮਾਮਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਵੀ ਸੰਬੰਧਿਤ ਹੈ ਅਤੇ ਸਿੱਖ ਜਥੇਬੰਦੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਦੇਸ਼ ਯਾਤਰਾ ਤੇ ਹਨ। ਇਸ ਮਾਮਲੇ ਵਿੱਚ ਉਨ੍ਹਾਂ ਨਾਲ ਵਿਚਾਰ ਵਟਾਂਦਰਾ ਜਰੂਰੀ ਸੀ। ਜਿਸ ਕਾਰਨ ਇਹ ਮਾਮਲਾ ਮੁੜ ਵਿਚਾਰਿਆ ਜਾਵੇਗਾ।
ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਸਿੱਖ ਜਥੇਬੰਦੀਆਂ ਨਾਲ ਕੀਤੀ ਗਈ ਮੀਟਿੰਗ ਦੇ ਵਿੱਚ ਇਹ ਮਾਮਲਾ ਏਜੰਡੇ ਵਿੱਚ ਸ਼ਾਮਲ ਸੀ। ਮੀਟਿੰਗ ਵਿੱਚ ਬੇਅਦਬੀ ਐਕਟ, ਭਗਵੰਤ ਮਾਨ ਦੀ ਕਥਿਤ ਇਤਰਾਯੋਗ ਵੀਡੀਓ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ਸਬੰਧੀ ਮਾਮਲਾ ਸ਼ਾਮਿਲ ਸੀ।