ਸਿੱਖ ਸੰਸਥਾਵਾਂ ਦੀ ਖ਼ੁਦਮੁਖਤਿਆਰੀ ਨਾਲ ਛੇੜਛਾੜ ਬਰਦਾਸ਼ਤ ਨਹੀਂ: ਧਾਮੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਦੇ ਪ੍ਰਬੰਧ ਨਾਲ ਸਬੰਧਤ 1956 ਦੇ ਕਾਨੂੰਨ ਵਿੱਚ ਤਬਦੀਲੀਆਂ ਕਰਨ ਦੀ ਪ੍ਰਕਿਰਿਆ &rsquoਤੇ ਚਿੰਤਾ ਜਤਾਈ ਹੈ।

ਧਾਮੀ ਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਮਹੱਤਵਪੂਰਨ ਧਾਰਮਿਕ ਕੇਂਦਰ ਹੈ ਅਤੇ ਇਸ ਦੇ ਪ੍ਰਬੰਧ, ਮਰਯਾਦਾ ਅਤੇ ਧਾਰਮਿਕ ਮਾਮਲਿਆਂ ਨਾਲ ਜੁੜੇ ਕਿਸੇ ਵੀ ਫ਼ੈਸਲੇ ਤੋਂ ਪਹਿਲਾਂ ਸਿੱਖ ਸੰਸਥਾਵਾਂ ਅਤੇ ਸਬੰਧਤ ਧਾਰਮਿਕ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਨਾ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧਾਂ ਵਿੱਚ ਸਰਕਾਰੀ ਦਖ਼ਲਅੰਦਾਜ਼ੀ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਸਕਦੀ ਹੈ। ਉਨ੍ਹਾਂ ਦੇ ਅਨੁਸਾਰ, ਧਾਰਮਿਕ ਸੰਸਥਾਵਾਂ ਦੀ ਸੁਤੰਤਰਤਾ ਅਤੇ ਪਰੰਪਰਾਵਾਂ ਨੂੰ ਕਾਇਮ ਰੱਖਣਾ ਸਮੇਂ ਦੀ ਲੋੜ ਹੈ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਪਹਿਲਾਂ ਵੀ ਗੁਰਦੁਆਰਾ ਬੋਰਡ ਦੀ ਬਣਤਰ ਵਿੱਚ ਤਬਦੀਲੀਆਂ ਸਬੰਧੀ ਪ੍ਰਸਤਾਵਾਂ ਨੂੰ ਲੈ ਕੇ ਸਿੱਖ ਭਾਈਚਾਰੇ ਵੱਲੋਂ ਇਤਰਾਜ਼ ਪ੍ਰਗਟ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕਿਸੇ ਵੀ ਨਵੇਂ ਕਾਨੂੰਨ ਜਾਂ ਸੋਧ ਤੋਂ ਪਹਿਲਾਂ ਸਾਰੇ ਸਬੰਧਤ ਪੱਖਾਂ ਨਾਲ ਸਲਾਹ-ਮਸ਼ਵਰਾ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਨੇ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕੀਤੀ ਕਿ ਧਾਰਮਿਕ ਸੰਸਥਾਵਾਂ ਦੇ ਪ੍ਰਬੰਧ ਵਿੱਚ ਸੰਤੁਲਨ ਅਤੇ ਪਾਰਦਰਸ਼ਤਾ ਬਣਾਈ ਰੱਖੀ ਜਾਵੇ ਅਤੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦਾ ਪੂਰਾ ਸਤਿਕਾਰ ਕੀਤਾ ਜਾਵੇ।