ਵਾਇਰਲ ਵੀਡੀਓ ਮਾਮਲੇ 'ਚ ਸੁਖਬੀਰ ਬਾਦਲ ਦਾ ਹਮਲਾ, ਹਰਿਆਣਾ ਸਰਕਾਰ ਦੀ ਕਾਰਵਾਈ ਦਾ ਕੀਤਾ ਸਵਾਗਤ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸਬੰਧਤ ਇੱਕ ਕਥਿਤ ਵਾਇਰਲ ਵੀਡੀਓ ਨੂੰ ਲੈ ਕੇ ਚੱਲ ਰਹੇ ਵਿਵਾਦ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧੇ ਹਨ।

ਇਹ ਬਿਆਨ ਉਸ ਵੇਲੇ ਸਾਹਮਣੇ ਆਇਆ ਜਦੋਂ ਗੁਰੂਗ੍ਰਾਮ ਪੁਲੀਸ ਨੇ ਇੱਕ ਫੋਰੈਂਸਿਕ ਮਾਹਰ ਦੀ ਸ਼ਿਕਾਇਤ ਦੇ ਆਧਾਰ 'ਤੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਮਾਮਲਾ ਕਥਿਤ ਤੌਰ 'ਤੇ ਇੱਕ ਵੀਡੀਓ ਦੀ ਜਾਂਚ ਅਤੇ ਉਸ ਨਾਲ ਜੁੜੀਆਂ ਰਿਪੋਰਟਾਂ ਨੂੰ ਲੈ ਕੇ ਹੈ।

ਸੁਖਬੀਰ ਬਾਦਲ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਲਈ ਕੇਸ ਦਰਜ ਕੀਤਾ ਜਾਣਾ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੱਚਾਈ ਨੂੰ ਲੁਕਾਉਣ ਅਤੇ ਜਾਂਚ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਗਈ।

ਅਕਾਲੀ ਦਲ ਦੇ ਪ੍ਰਧਾਨ ਨੇ ਮੰਗ ਕੀਤੀ ਕਿ ਜੇਕਰ ਜਾਂਚ ਦੌਰਾਨ ਕਿਸੇ ਵੀ ਪੱਧਰ 'ਤੇ ਗਲਤ ਜਾਣਕਾਰੀ ਪੇਸ਼ ਕਰਨ ਜਾਂ ਸਰਕਾਰੀ ਤੰਤਰ ਦੀ ਦੁਰਵਰਤੋਂ ਦੇ ਸਬੂਤ ਮਿਲਦੇ ਹਨ ਤਾਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਮਾਮਲੇ ਨਾਲ ਸਬੰਧਤ ਸਾਰੇ ਤੱਥਾਂ ਨੂੰ ਲੋਕਾਂ ਸਾਹਮਣੇ ਲਿਆਉਣਾ ਜ਼ਰੂਰੀ ਹੈ ਤਾਂ ਜੋ ਸੱਚਾਈ ਸਪੱਸ਼ਟ ਹੋ ਸਕੇ। ਦੂਜੇ ਪਾਸੇ ਇਸ ਮਾਮਲੇ ਸਬੰਧੀ ਜਾਂਚ ਏਜੰਸੀਆਂ ਵੱਲੋਂ ਪੜਤਾਲ ਜਾਰੀ ਹੈ ਅਤੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਾਰੇ ਤੱਥ ਸਾਹਮਣੇ ਆ ਸਕਣਗੇ।