ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਵੱਡੇ ਬਦਲਾਅ ਦੀ ਤਿਆਰੀ, ਮਹਾਰਾਸ਼ਟਰ ਮੰਤਰੀ ਮੰਡਲ ਨੇ ਨਵੇਂ ਕਾਨੂੰਨ ਨੂੰ ਦਿੱਤੀ ਮਨਜ਼ੂਰੀ

ਮੁੰਬਈ : ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਦੇ ਪ੍ਰਬੰਧਕੀ ਢਾਂਚੇ ਵਿੱਚ ਮਹੱਤਵਪੂਰਨ ਤਬਦੀਲੀਆਂ ਲਿਆਉਣ ਵੱਲ ਇੱਕ ਅਹਿਮ ਕਦਮ ਚੁੱਕਿਆ ਹੈ। ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਬੈਠਕ ਵਿੱਚ ਮੌਜੂਦਾ 1956 ਦੇ ਕਾਨੂੰਨ ਦੀ ਥਾਂ ਨਵਾਂ ਕਾਨੂੰਨ ਲਿਆਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਸਰਕਾਰ ਵੱਲੋਂ ਤਿਆਰ ਕੀਤੇ ਗਏ ਨਵੇਂ ਕਾਨੂੰਨ ਦਾ ਉਦੇਸ਼ ਗੁਰਦੁਆਰਾ ਪ੍ਰਬੰਧਨ ਨਾਲ ਸਬੰਧਤ ਵਿਵਸਥਾਵਾਂ ਨੂੰ ਸਮੇਂ ਅਨੁਸਾਰ ਅਪਡੇਟ ਕਰਨਾ ਅਤੇ ਪ੍ਰਸ਼ਾਸਨਿਕ ਢਾਂਚੇ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਦੱਸਿਆ ਜਾ ਰਿਹਾ ਹੈ। ਇਸ ਕਦਮ ਨਾਲ ਨਾਂਦੇੜ ਸਥਿਤ ਤਖ਼ਤ ਸਾਹਿਬ ਦੇ ਕੰਮਕਾਜ ਅਤੇ ਪ੍ਰਬੰਧਨ ਨਾਲ ਜੁੜੇ ਨਿਯਮਾਂ ਵਿੱਚ ਵਿਆਪਕ ਬਦਲਾਅ ਆ ਸਕਦੇ ਹਨ।

ਸੂਤਰਾਂ ਅਨੁਸਾਰ ਨਵੇਂ ਕਾਨੂੰਨ ਦੇ ਖਰੜੇ ਨੂੰ ਮੰਤਰੀ ਮੰਡਲ ਦੀ ਮਨਜ਼ੂਰੀ ਮਿਲ ਚੁੱਕੀ ਹੈ। ਹੁਣ ਇਸ ਨੂੰ ਕਾਨੂੰਨ ਅਤੇ ਨਿਆਂ ਵਿਭਾਗ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਅੰਤਿਮ ਰੂਪ ਦਿੱਤਾ ਜਾਵੇਗਾ। ਇਸ ਉਪਰੰਤ ਇਸ ਨੂੰ ਮਹਾਰਾਸ਼ਟਰ ਵਿਧਾਨ ਸਭਾ ਦੇ ਆਗਾਮੀ ਮੌਨਸੂਨ ਇਜਲਾਸ ਦੌਰਾਨ ਪੇਸ਼ ਕੀਤਾ ਜਾਵੇਗਾ।

ਜੇਕਰ ਵਿਧਾਨ ਸਭਾ ਵੱਲੋਂ ਇਸ ਨੂੰ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਗੁਰਦੁਆਰਾ ਬੋਰਡ ਦੇ ਪ੍ਰਬੰਧ, ਚੋਣ ਪ੍ਰਕਿਰਿਆ ਅਤੇ ਹੋਰ ਪ੍ਰਸ਼ਾਸਨਿਕ ਨਿਯਮਾਂ ਲਈ ਨਵੇਂ ਉਪਬੰਧ ਤਿਆਰ ਕੀਤੇ ਜਾਣਗੇ।

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ ਅਤੇ ਇਸ ਦਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਗਹਿਰਾ ਇਤਿਹਾਸਕ ਅਤੇ ਧਾਰਮਿਕ ਸਬੰਧ ਹੈ। ਇਸ ਕਾਰਨ ਪ੍ਰਬੰਧਕੀ ਢਾਂਚੇ ਵਿੱਚ ਹੋਣ ਵਾਲੇ ਕਿਸੇ ਵੀ ਬਦਲਾਅ ਨੂੰ ਸਿੱਖ ਭਾਈਚਾਰੇ ਵੱਲੋਂ ਬਹੁਤ ਮਹੱਤਵ ਨਾਲ ਦੇਖਿਆ ਜਾ ਰਿਹਾ ਹੈ।