ਬਰੈਂਪਟਨ ਵਿੱਚ ਭਾਰਤੀ ਰੈਸਟੋਰੈਂਟ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ, ਜਾਂਚ ਤੇਜ਼

ਬਰੈਂਪਟਨ/ਚੰਡੀਗੜ੍ਹ &ndash ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਇੱਕ ਭਾਰਤੀ ਰੈਸਟੋਰੈਂਟ ਦੇ ਬਾਹਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਤੋਂ ਬਾਅਦ ਸੋਸ਼ਲ ਮੀਡੀਆ &rsquoਤੇ ਇੱਕ ਪੋਸਟ ਵੀ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਵਿਅਕਤੀ ਨੇ ਹਮਲੇ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਹੈ।

ਵਾਇਰਲ ਪੋਸਟ ਵਿੱਚ ਦਾਅਵਾ ਕੀਤਾ ਗਿਆ ਕਿ ਗੋਲੀਬਾਰੀ ਇੱਕ ਰੈਸਟੋਰੈਂਟ ਮਾਲਕ ਨੂੰ ਚੇਤਾਵਨੀ ਦੇਣ ਦੇ ਮਕਸਦ ਨਾਲ ਕੀਤੀ ਗਈ। ਪੋਸਟ ਵਿੱਚ ਕੁਝ ਕਰਮਚਾਰੀਆਂ ਨੂੰ ਤਨਖ਼ਾਹ ਨਾ ਮਿਲਣ ਅਤੇ ਗੱਲਬਾਤ ਰਾਹੀਂ ਮਾਮਲਾ ਹੱਲ ਨਾ ਹੋਣ ਦੇ ਦੋਸ਼ ਵੀ ਲਗਾਏ ਗਏ ਹਨ। ਹਾਲਾਂਕਿ ਇਨ੍ਹਾਂ ਦਾਅਵਿਆਂ ਦੀ ਅਜੇ ਤੱਕ ਅਧਿਕਾਰਕ ਤੌਰ &rsquoਤੇ ਪੁਸ਼ਟੀ ਨਹੀਂ ਹੋਈ।

ਪੁਲੀਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਸੰਭਾਵਿਤ ਅਪਰਾਧਿਕ ਗਿਰੋਹਾਂ ਨਾਲ ਸਬੰਧਾਂ ਦੇ ਕੋਣ ਤੋਂ ਵੀ ਤੱਥ ਇਕੱਠੇ ਕੀਤੇ ਜਾ ਰਹੇ ਹਨ। ਅਧਿਕਾਰੀਆਂ ਵੱਲੋਂ ਘਟਨਾ ਪਿੱਛੇ ਦੇ ਅਸਲ ਕਾਰਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਲਈ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਦਰਮਿਆਨ ਕੈਨੇਡਾ ਦੀ ਵਿੱਤੀ ਖੁਫੀਆ ਏਜੰਸੀ ਨੇ ਵੀ ਪਹਿਲਾਂ ਚਿੰਤਾ ਜਤਾਈ ਸੀ ਕਿ ਕੁਝ ਅਪਰਾਧਿਕ ਗਰੁੱਪ ਦੱਖਣੀ ਏਸ਼ੀਆਈ ਭਾਈਚਾਰੇ ਵਿੱਚ ਡਰ ਅਤੇ ਦਬਾਅ ਦਾ ਮਾਹੌਲ ਬਣਾਉਣ ਲਈ ਕਮਜ਼ੋਰ ਵਰਗਾਂ ਨੂੰ ਵਰਤਣ ਦੀ ਕੋਸ਼ਿਸ਼ ਕਰ ਰਹੇ ਹਨ।

ਤਾਜ਼ਾ ਘਟਨਾ ਨੇ ਸਥਾਨਕ ਭਾਰਤੀ ਭਾਈਚਾਰੇ ਵਿੱਚ ਚਿੰਤਾ ਪੈਦਾ ਕਰ ਦਿੱਤੀ ਹੈ ਅਤੇ ਲੋਕਾਂ ਨੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦੀ ਮੰਗ ਕੀਤੀ ਹੈ।