ਗੁਰੂ ਰੰਧਾਵਾ ਦੇ ਜਿੰਮ ’ਤੇ ਹਮਲੇ ਦੇ ਦੋ ਮੁਲਜ਼ਮ ਪੁਲਿਸ ਮੁਕਾਬਲੇ ਮਗਰੋਂ ਗ੍ਰਿਫ਼ਤਾਰ
_25Jun26083528AM.jfif)
ਨਵੀਂ ਦਿੱਲੀ,  : ਪੰਜਾਬੀ ਗਾਇਕ Guru Randhawa ਦੇ ਜਿੰਮ ਦੇ ਬਾਹਰ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸਪੈਸ਼ਲ ਸੈੱਲ ਦੀ ਟੀਮ ਨੇ ਮੁਕਾਬਲੇ ਤੋਂ ਬਾਅਦ ਦੋ ਕਥਿਤ ਸ਼ੂਟਰਾਂ ਨੂੰ ਕਾਬੂ ਕਰ ਲਿਆ, ਜੋ ਕਾਰਵਾਈ ਦੌਰਾਨ ਜ਼ਖ਼ਮੀ ਹੋ ਗਏ।
ਪੁਲਿਸ ਅਨੁਸਾਰ ਦੋਵੇਂ ਮੁਲਜ਼ਮ ਬੁੱਧਵਾਰ ਦੇਰ ਰਾਤ ਪੱਛਮੀ ਵਿਹਾਰ ਇਲਾਕੇ ਵਿੱਚ ਮੋਟਰਸਾਈਕਲ &rsquoਤੇ ਘੁੰਮ ਰਹੇ ਸਨ ਅਤੇ ਕਿਸੇ ਹੋਰ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਸਨ। ਗੁਪਤ ਸੂਚਨਾ ਦੇ ਆਧਾਰ &rsquoਤੇ ਪੁਲਿਸ ਨੇ ਉਨ੍ਹਾਂ ਦੀ ਘੇਰਾਬੰਦੀ ਕੀਤੀ। ਇਸ ਦੌਰਾਨ ਮੁਲਜ਼ਮਾਂ ਵੱਲੋਂ ਪੁਲਿਸ ਟੀਮ &rsquoਤੇ ਗੋਲੀਬਾਰੀ ਕੀਤੀ ਗਈ, ਜਿਸ ਦੇ ਜਵਾਬ ਵਿੱਚ ਕੀਤੀ ਕਾਰਵਾਈ ਦੌਰਾਨ ਦੋਵੇਂ ਜ਼ਖ਼ਮੀ ਹੋ ਗਏ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹਕੀਕਤ ਅਤੇ ਸਾਗਰ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ ਹਥਿਆਰ ਅਤੇ ਹੋਰ ਸਮੱਗਰੀ ਵੀ ਬਰਾਮਦ ਕੀਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਵੇਂ ਇੱਕ ਅਪਰਾਧਿਕ ਗਿਰੋਹ ਨਾਲ ਜੁੜੇ ਹੋਏ ਸਨ ਅਤੇ ਕਈ ਮਾਮਲਿਆਂ ਵਿੱਚ ਉਨ੍ਹਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਤੋਂ ਪਹਿਲਾਂ ਪੁਲਿਸ ਨੇ ਇਸੇ ਮਾਮਲੇ ਵਿੱਚ ਦੋ ਹੋਰ ਨੌਜਵਾਨਾਂ ਨੂੰ ਹਰਿਆਣਾ ਦੇ ਬਹਾਦਰਗੜ੍ਹ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਉਨ੍ਹਾਂ ਨੇ ਜਿੰਮ &rsquoਤੇ ਹੋਈ ਗੋਲੀਬਾਰੀ ਵਿੱਚ ਆਪਣੀ ਸ਼ਮੂਲੀਅਤ ਸਵੀਕਾਰ ਕੀਤੀ ਸੀ।
ਜ਼ਿਕਰਯੋਗ ਹੈ ਕਿ 11 ਜੂਨ ਨੂੰ ਸਵੇਰੇ ਪੱਛਮੀ ਵਿਹਾਰ ਸਥਿਤ 24HS ਫਿਟਨੈਸ ਜਿੰਮ ਦੇ ਬਾਹਰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ। ਘਟਨਾ ਸਥਾਨ ਤੋਂ ਕਈ ਖਾਲੀ ਕਾਰਤੂਸ ਬਰਾਮਦ ਹੋਏ ਸਨ, ਹਾਲਾਂਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਇਸ ਨਾਲ ਜੁੜੇ ਹੋਰ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ।