ਕੈਨੇਡਾ ਵਿੱਚ ਗੈਰ-ਕਾਨੂੰਨੀ ਵਸਨੀਕਾਂ ਅਤੇ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ, ਡਿਪੋਰਟੇਸ਼ਨ ਮੁਹਿੰਮ ਹੋਈ ਤੇਜ਼

ਵੈਨਕੂਵਰ: ਕੈਨੇਡਾ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਵਿਅਕਤੀਆਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਕਾਰਵਾਈ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਹੈ। ਸੁਰੱਖਿਆ ਅਤੇ ਇਮੀਗ੍ਰੇਸ਼ਨ ਏਜੰਸੀਆਂ ਦੇ ਸਾਂਝੇ ਯਤਨਾਂ ਨਾਲ ਡਿਪੋਰਟੇਸ਼ਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਆਈ ਹੈ ਅਤੇ ਦੇਸ਼ ਦੇ ਵੱਖ-ਵੱਖ ਹਵਾਈ ਅੱਡਿਆਂ ਤੋਂ ਹਰ ਰੋਜ਼ ਕਈ ਲੋਕਾਂ ਨੂੰ ਉਨ੍ਹਾਂ ਦੇ ਮੂਲ ਦੇਸ਼ਾਂ ਵੱਲ ਭੇਜਿਆ ਜਾ ਰਿਹਾ ਹੈ।
ਸੂਤਰਾਂ ਅਨੁਸਾਰ ਪਿਛਲੇ ਕੁਝ ਹਫ਼ਤਿਆਂ ਦੌਰਾਨ ਰੋਜ਼ਾਨਾ ਕਰੀਬ 10 ਤੋਂ 15 ਵਿਅਕਤੀਆਂ ਨੂੰ ਕੈਨੇਡਾ ਤੋਂ ਡਿਪੋਰਟ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਜਿਨ੍ਹਾਂ ਲੋਕਾਂ ਨੂੰ ਅਪਰਾਧਿਕ ਗਤੀਵਿਧੀਆਂ ਨਾਲ ਜੋੜਿਆ ਜਾਂਦਾ ਹੈ, ਉਨ੍ਹਾਂ ਦੇ ਮਾਮਲਿਆਂ ਵਿੱਚ ਹੁਣ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਨਾਲ ਵਧੇਰੇ ਤਾਲਮੇਲ ਕੀਤਾ ਜਾ ਰਿਹਾ ਹੈ, ਤਾਂ ਜੋ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਉਪਰੰਤ ਉਨ੍ਹਾਂ ਨੂੰ ਜਲਦੀ ਦੇਸ਼ ਤੋਂ ਬਾਹਰ ਭੇਜਿਆ ਜਾ ਸਕੇ।
ਦੱਸਿਆ ਜਾ ਰਿਹਾ ਹੈ ਕਿ ਇਮੀਗ੍ਰੇਸ਼ਨ ਅਤੇ ਸਰਹੱਦੀ ਸੁਰੱਖਿਆ ਪ੍ਰਬੰਧਾਂ ਵਿੱਚ ਵਾਧੂ ਸਟਾਫ਼ ਦੀ ਨਿਯੁਕਤੀ ਤੋਂ ਬਾਅਦ ਕਾਰਵਾਈ ਦੀ ਰਫ਼ਤਾਰ ਹੋਰ ਤੇਜ਼ ਹੋਈ ਹੈ। ਇਸ ਦੇ ਨਾਲ ਹੀ ਫਿਰੌਤੀ, ਗੋਲੀਬਾਰੀ ਅਤੇ ਹੋਰ ਹਿੰਸਕ ਅਪਰਾਧਾਂ ਨਾਲ ਜੁੜੇ ਮਾਮਲਿਆਂ ਵਿੱਚ ਗ੍ਰਿਫ਼ਤਾਰੀਆਂ ਵੀ ਵਧੀਆਂ ਹਨ ਅਤੇ ਅਜਿਹੇ ਕੇਸਾਂ ਵਿੱਚ ਸ਼ੁਰੂਆਤੀ ਪੇਸ਼ੀ ਦੌਰਾਨ ਹੀ CBSA ਨੂੰ ਸ਼ਾਮਲ ਕੀਤਾ ਜਾ ਰਿਹਾ ਹੈ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਹੁਣ ਸਿਰਫ਼ ਗੰਭੀਰ ਅਪਰਾਧਾਂ ਹੀ ਨਹੀਂ, ਸਗੋਂ ਹੋਰ ਕਾਨੂੰਨੀ ਉਲੰਘਣਾਵਾਂ ਨਾਲ ਜੁੜੇ ਕੁਝ ਮਾਮਲਿਆਂ ਵਿੱਚ ਵੀ ਡਿਪੋਰਟੇਸ਼ਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਹਾਲ ਹੀ ਵਿੱਚ ਬ੍ਰਿਟਿਸ਼ ਕੋਲੰਬੀਆ ਵਿੱਚ ਗੋਲੀਬਾਰੀ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੋ ਨੌਜਵਾਨਾਂ ਦੇ ਕੇਸ ਵਿੱਚ ਵੀ CBSA ਨੂੰ ਜਾਂਚ ਅਤੇ ਇਮੀਗ੍ਰੇਸ਼ਨ ਕਾਰਵਾਈ ਲਈ ਸ਼ਾਮਲ ਕੀਤਾ ਗਿਆ ਹੈ।
ਇਸੇ ਦੌਰਾਨ ਸਰਕਾਰ ਵੱਲੋਂ ਜ਼ਮਾਨਤ ਸਬੰਧੀ ਹੋਰ ਸਖ਼ਤ ਕਾਨੂੰਨ ਵੀ ਲਾਗੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਇਨ੍ਹਾਂ ਕਦਮਾਂ ਦਾ ਉਦੇਸ਼ ਜਨਤਕ ਸੁਰੱਖਿਆ ਨੂੰ ਮਜ਼ਬੂਤ ਕਰਨਾ ਹੈ, ਹਾਲਾਂਕਿ ਇਨ੍ਹਾਂ ਦੇ ਲੰਬੇ ਸਮੇਂ ਦੇ ਪ੍ਰਭਾਵਾਂ ਦਾ ਅਸਲ ਮੁਲਾਂਕਣ ਆਉਣ ਵਾਲੇ ਸਮੇਂ ਵਿੱਚ ਹੀ ਹੋ ਸਕੇਗਾ।