ਵਾਰਿਸ ਪੰਜਾਬ ਦੇ' ਨੇ ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਦੀ ਕੀਤੀ ਅਪੀਲ

ਅੰਮ੍ਰਿਤਸਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੱਲ ਰਹੇ ਵਿਵਾਦਾਂ ਨੂੰ ਖ਼ਤਮ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਰਤਾ ਨਾਲ ਪੇਸ਼ ਹੋਣ ਦੀ ਅਪੀਲ ਕੀਤੀ ਹੈ।

ਇੱਕ ਪ੍ਰੈੱਸ ਕਾਨਫਰੰਸ ਦੌਰਾਨ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਤਰਸੇਮ ਸਿੰਘ ਖ਼ਾਲਸਾ ਅਤੇ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਸਰਵਉੱਚਤਾ ਦਾ ਸਤਿਕਾਰ ਕਰਨਾ ਹਰ ਵਿਅਕਤੀ, ਖ਼ਾਸ ਕਰਕੇ ਸੰਵਿਧਾਨਕ ਅਹੁਦੇ 'ਤੇ ਬੈਠੇ ਲੋਕਾਂ ਦੀ ਜ਼ਿੰਮੇਵਾਰੀ ਹੈ।

ਆਗੂਆਂ ਨੇ ਕਿਹਾ ਕਿ ਧਾਰਮਿਕ ਸੰਸਥਾਵਾਂ ਨੂੰ ਸਿਆਸੀ ਵਿਵਾਦਾਂ ਦਾ ਹਿੱਸਾ ਬਣਾਉਣਾ ਪੰਜਾਬ ਅਤੇ ਸਮਾਜ ਦੇ ਹਿੱਤ ਵਿੱਚ ਨਹੀਂ ਹੈ। ਮਨਪ੍ਰੀਤ ਸਿੰਘ ਇਯਾਲੀ ਨੇ ਦੱਸਿਆ ਕਿ ਉਹ 29 ਜੂਨ ਨੂੰ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਅਤੇ ਹੋਰ ਵਿਧਾਇਕਾਂ ਨੂੰ ਵੀ ਅਜਿਹਾ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਤਰਸੇਮ ਸਿੰਘ ਖ਼ਾਲਸਾ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਨਾਲ ਸੰਬੰਧਿਤ 1956 ਦੇ ਕਾਨੂੰਨ ਵਿੱਚ ਸੋਧ ਦੀਆਂ ਕੋਸ਼ਿਸ਼ਾਂ 'ਤੇ ਵੀ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਇਸ ਨਾਲ ਗੁਰਦੁਆਰਾ ਪ੍ਰਬੰਧ ਵਿੱਚ ਸਰਕਾਰੀ ਦਖ਼ਲਅੰਦਾਜ਼ੀ ਵਧਣ ਦਾ ਖ਼ਤਰਾ ਪੈਦਾ ਹੋ ਸਕਦਾ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਇਸ ਤੋਂ ਪਹਿਲਾਂ ਵੀ ਅਜਿਹੀਆਂ ਕੋਸ਼ਿਸ਼ਾਂ ਹੋਈਆਂ ਸਨ, ਪਰ ਸੰਗਤਾਂ ਦੇ ਵਿਰੋਧ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਲੈਣਾ ਪਿਆ ਸੀ। ਉਨ੍ਹਾਂ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕੀਤੀ ਕਿ ਨਾਂਦੇੜ ਐਕਟ ਨਾਲ ਸੰਬੰਧਿਤ ਕਿਸੇ ਵੀ ਤਬਦੀਲੀ ਦੀ ਪ੍ਰਕਿਰਿਆ ਨੂੰ ਰੋਕਿਆ ਜਾਵੇ।

ਫਿਲਹਾਲ, ਇਨ੍ਹਾਂ ਬਿਆਨਾਂ 'ਤੇ ਪੰਜਾਬ ਸਰਕਾਰ ਜਾਂ ਮਹਾਰਾਸ਼ਟਰ ਸਰਕਾਰ ਵੱਲੋਂ ਕੋਈ ਅਧਿਕਾਰਤ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।