ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਰੱਖਿਆ ਆਪਣਾ ਪੱਖ, ਕਿਹਾ—ਕੋਈ ਅਵੱਗਿਆ ਨਹੀਂ ਕੀਤੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਜਨਰਲ ਹਾਊਸ ਮੀਟਿੰਗ ਤੋਂ ਪਹਿਲਾਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਕੇ ਆਪਣੇ ਨਾਲ ਜੁੜੇ ਮਾਮਲੇ ਬਾਰੇ ਸਪੱਸ਼ਟੀਕਰਨ ਪੇਸ਼ ਕੀਤਾ।

ਮੀਡੀਆ ਨਾਲ ਗੱਲਬਾਤ ਦੌਰਾਨ ਧਾਮੀ ਨੇ ਕਿਹਾ ਕਿ ਦਸੰਬਰ 2024 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੇ ਚੇਅਰਮੈਨ ਅਹੁਦੇ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਸਬੰਧੀ ਉਨ੍ਹਾਂ ਆਪਣਾ ਪੱਖ ਦੁਬਾਰਾ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਕਿਸੇ ਤਰ੍ਹਾਂ ਦੀ ਅਵੱਗਿਆ ਨਹੀਂ ਕੀਤੀ ਗਈ ਅਤੇ ਇਸ ਸਬੰਧੀ ਪਹਿਲਾਂ ਵੀ ਆਪਣਾ ਸਟੈਂਡ ਸਾਫ਼ ਕੀਤਾ ਜਾ ਚੁੱਕਾ ਹੈ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਅਗਲੀ ਕਾਰਵਾਈ ਦਾ ਫ਼ੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੀਤਾ ਜਾਣਾ ਹੈ।

ਅੱਜ ਹੋਣ ਵਾਲੀ ਸ਼੍ਰੋਮਣੀ ਕਮੇਟੀ ਦੀ ਵਿਸ਼ੇਸ਼ ਮੀਟਿੰਗ ਬਾਰੇ ਧਾਮੀ ਨੇ ਕਿਹਾ ਕਿ ਇਹ ਇੱਕ ਖ਼ਾਸ ਏਜੰਡੇ ਤਹਿਤ ਸੱਦੀ ਗਈ ਹੈ। ਮੀਟਿੰਗ ਦੌਰਾਨ ਮੁੱਖ ਮੰਤਰੀ ਦੀ ਵਿਵਾਦਤ ਵੀਡੀਓ ਅਤੇ ਇਸ ਸਬੰਧੀ ਪਹਿਲਾਂ ਆਏ ਫ਼ੈਸਲੇ ਸਮੇਤ ਹੋਰ ਅਹਿਮ ਧਾਰਮਿਕ ਅਤੇ ਪੰਥਕ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੇ ਨਾਲ-ਨਾਲ ਸਿੰਘ ਸਾਹਿਬਾਨ ਵੀ ਸ਼ਾਮਲ ਹੋਣਗੇ।

ਬੇਅਦਬੀ ਸੋਧ ਐਕਟ ਦੇ ਮਾਮਲੇ 'ਤੇ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤੇ ਗਏ ਸਿੱਖ ਵਿਧਾਇਕਾਂ ਬਾਰੇ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਦੀ ਮਰਿਆਦਾ ਅਤੇ ਸੱਦੇ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਥੇਦਾਰ ਸਬੰਧੀ ਕੀਤੀਆਂ ਜਾ ਰਹੀਆਂ ਟਿੱਪਣੀਆਂ ਦਾ ਮਾਮਲਾ ਉਨ੍ਹਾਂ ਦੇ ਵਿਚਾਰ ਅਧੀਨ ਹੈ।