ਉਤਰਾਖੰਡ ਘਟਨਾਕ੍ਰਮ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਪ੍ਰਤੀਕਿਰਿਆ, ਭੜਕਾਊ ਬਿਆਨਾਂ ਖ਼ਿਲਾਫ਼ ਕਾਰਵਾਈ ਦੀ ਮੰਗ
_27Jun26035449AM.jpg)
ਅੰਮ੍ਰਿਤਸਰ : ਉਤਰਾਖੰਡ ਵਿੱਚ ਹਾਲ ਹੀ ਦੇ ਘਟਨਾਕ੍ਰਮ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਇੱਕ ਵਿਅਕਤੀ ਵੱਲੋਂ ਸਿੱਖ ਭਾਈਚਾਰੇ ਸਬੰਧੀ ਕੀਤੀ ਗਈ ਕਥਿਤ ਭੜਕਾਊ ਟਿੱਪਣੀ ਦਾ ਸਖ਼ਤ ਨੋਟਿਸ ਲੈਂਦਿਆਂ ਸਰਕਾਰ ਤੋਂ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਜਥੇਦਾਰ ਨੇ ਕਿਹਾ ਕਿ ਕਿਸੇ ਵੀ ਭਾਈਚਾਰੇ ਖ਼ਿਲਾਫ਼ ਨਫ਼ਰਤ ਜਾਂ ਹਿੰਸਾ ਨੂੰ ਉਕਸਾਉਣ ਵਾਲੇ ਬਿਆਨ ਸਮਾਜ ਵਿੱਚ ਅਮਨ ਅਤੇ ਭਾਈਚਾਰਕ ਸਾਂਝ ਲਈ ਨੁਕਸਾਨਦੇਹ ਹੋ ਸਕਦੇ ਹਨ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਅਜਿਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਜੇਕਰ ਕਾਨੂੰਨ ਦੀ ਉਲੰਘਣਾ ਹੋਈ ਹੈ ਤਾਂ ਸਬੰਧਤ ਵਿਅਕਤੀਆਂ ਖ਼ਿਲਾਫ਼ ਯੋਗ ਕਾਰਵਾਈ ਕੀਤੀ ਜਾਵੇ।
ਇਸ ਦੌਰਾਨ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਕੇ ਲੋੜੀਂਦੇ ਕਾਨੂੰਨੀ ਕਦਮ ਚੁੱਕਣ ਲਈ ਯਤਨ ਕਰੇ।
ਜ਼ਿਕਰਯੋਗ ਹੈ ਕਿ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੌਰਾਨ ਕੁਝ ਨਿਹੰਗ ਸਿੰਘ ਨੌਜਵਾਨਾਂ ਅਤੇ ਸਥਾਨਕ ਲੋਕਾਂ ਵਿਚਾਲੇ ਹੋਏ ਵਿਵਾਦ ਤੋਂ ਬਾਅਦ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਿਹੰਗ ਸਿੰਘਾਂ ਦੀ ਰਿਹਾਈ ਦੀ ਮੰਗ ਵੀ ਵੱਖ-ਵੱਖ ਜਥੇਬੰਦੀਆਂ ਵੱਲੋਂ ਕੀਤੀ ਜਾ ਰਹੀ ਹੈ, ਜਦਕਿ ਪ੍ਰਸ਼ਾਸਨ ਹਾਲਾਤ 'ਤੇ ਨਜ਼ਰ ਰੱਖਿਆ ਹੋਇਆ ਹੈ।